ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ CM ਮਾਨ ਨੇ ਕੀਤੀ ਗੱਲ, ਤਾਂ ਮੰਤਰੀ ਨੇ ਕੀਤੀ ਮੁਲਾਕਾਤ
ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਸਰਕਾਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅੱਗੇ ਮੰਗ ਕੀਤੀ ਹੈ।


Published : March 3, 2026 at 9:29 PM IST
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਜਦਕਿ ਅੱਜ ਹੀ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਵੱਲੋਂ ਗੱਲਬਾਤ
ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ 'ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24x7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ।"
ਮਾਣਯੋਗ civil aviation minister Sri ram mohan nayadu ਜੀ ਨਾਲ ਮੇਰੀ ਫੋਨ ਤੇ ਗੱਲਬਾਤ ਹੋਈ ਹੈ.. NRI minister ਮਾਣਯੋਗ ਡਾਕਟਰ ਰਵਜੋਤ ਜੀ ਉਹਨਾਂ ਨੂੰ ਮਿਲਣ ਗਏ ਹੋਏ ਸਨ..ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਹੈ.. ਮੈਂ ਸਾਰਿਆਂ ਦੀ ਨਾਮ…
— Bhagwant Mann (@BhagwantMann) March 3, 2026
ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।"
ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ
ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।"
ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ
ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ 'ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”
ਮਦਦ ਲਈ ਚੁੱਕ ਰਹੇ ਜ਼ਰੂਰੀ ਕਦਮ
ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।"
ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ
ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ, "ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ। ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਚਾਨਣਾ ਪਾਉਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, "ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾਡੇ ਬਹੁਤ ਸਾਰੇ ਐਨਆਰਆਈ ਭੈਣ-ਭਰਾ ਫਸ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਉਨ੍ਹਾਂ ਦੀ ਚਿੰਤਾ ਵਿੱਚ ਡੁੱਬੇ ਹਨ।"
ਕੈਬਨਿਟ ਮੰਤਰੀ @Ravjot_hsp ਨੇ ਅਰਬ ਮੁਲਕਾਂ 'ਚ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ਼ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਤੋਂ ਅਰਬ ਮੁਲਕਾਂ 'ਚ ਫਸੇ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਇੰਤਜ਼ਾਮ ਕਰਨ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਆਪਣੇ ਦੇਸ਼ ਵਾਪਿਸ ਲਿਆਂਦਾ… pic.twitter.com/ujSXQgrSCM
— AAP Punjab (@AAPPunjab) March 3, 2026
ਸੁਰੱਖਿਅਤ ਕੋਰੀਡੋਰਾਂ 'ਤੇ ਕੰਮਕਾਜ
ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ 'ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਯਾਤਰੀ ਫਸ ਗਏ ਹਨ। ਵੱਧ ਤਣਾਅ ਵਾਲੇ ਖੇਤਰਾਂ ਵਿੱਚ ਫਸੇ ਲੋਕਾਂ ਜਾਂ ਐਮਰਜੈਂਸੀ ਲਈ ਘਰ ਵਾਪਸ ਜਾਣ ਦੀ ਜ਼ਰੂਰਤ ਵਾਲੇ ਲੋਕਾਂ ਲਈ ਉਡਾਣਾਂ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਜਾਂ ਰਾਹਤ ਉਡਾਣਾਂ ਚਲਾਉਣ ਦੀ ਤੁਰੰਤ ਲੋੜ ਹੈ।"
ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ
ਟਿਕਟਾਂ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਉਠਾਉਂਦਿਆਂ, ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ, "ਇਹ ਦੇਖਿਆ ਗਿਆ ਹੈ ਕਿ ਉਡਾਣਾਂ ਦੀ ਘੱਟ ਹੋਈ ਗਿਣਤੀ ਕਾਰਨ, ਕਈ ਏਅਰਲਾਈਨਾਂ ਆਪਣੇ ਕਿਰਾਏ ਵਿੱਚ ਵਾਧਾ ਕਰਕੇ ਯਾਤਰੀਆਂ ਦਾ ਸ਼ੋਸ਼ਣ ਕਰ ਰਹੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਸੰਕਟ ਦੌਰਾਨ ਨਾਗਰਿਕਾਂ ਦੇ ਵਿੱਤੀ ਸ਼ੋਸ਼ਣ ਨੂੰ ਰੋਕਣ ਲਈ ਇਨ੍ਹਾਂ ਰੂਟਾਂ 'ਤੇ ਕੀਮਤ ਨਿਰਧਾਰਤ ਕੀਤੀ ਜਾਵੇ।" ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਕੇ.ਆਰ. ਨਾਇਡੂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਅਪੀਲ ਕੀਤੀ ਕਿ ਸੂਬਾ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ, "ਮੁੱਖ ਮੰਤਰੀ ਨੇ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਬੇਨਤੀ ਕੀਤੀ ਕਿ ਜੇਕਰ ਲੋੜ ਹੋਵੇ ਤਾਂ ਪੰਜਾਬ ਨੂੰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਸਾਡੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।"
ਤਣਾਅਪੂਰਨ ਹਾਲਾਤਾਂ ਦੌਰਾਨ ਖਾੜੀ ਮੁਲਕਾਂ 'ਚ ਫਸੇ ਪੰਜਾਬੀਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਤਰਜੀਹ 'ਤੇ!
— AAP Punjab (@AAPPunjab) March 3, 2026
ਕੈਬਿਨੇਟ ਮੰਤਰੀ @Ravjot_hsp ਨੇ ਪ੍ਰੈੱਸ ਵਾਰਤਾ 'ਚ ਸਾਂਝੀ ਕੀਤੀ ਮਹੱਤਵਪੂਰਨ ਜਾਣਕਾਰੀ
➡️ CM @BhagwantMann ਦੀ ਪਹਿਲ 'ਤੇ ਲੋਕਾਂ ਦੀ ਸੁਰੱਖਿਆ, ਖ਼ੁਦ ਕਰ ਰਹੇ ਸਾਰੇ ਪ੍ਰਬੰਧਾਂ ਦੀ ਨਿਗਰਾਨੀ
➡️ ਹੈਲਪਲਾਈਨ ਨੰਬਰ, ਵੱਟਸਐਪ… pic.twitter.com/TSP44GqhQb
ਸਹਾਇਤਾ ਲਈ ਕਾਰਜਸ਼ੀਲ ਹੈਲਪਲਾਈਨ
ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, "ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ 'ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।" ਐਨਆਰਆਈ ਮਾਮਲਿਆਂ ਬਾਰੇ ਮੰਤਰੀ ਨੇ ਖਾੜੀ ਦੇਸ਼ਾਂ ਤੋਂ ਵਾਪਸ ਆਉਣ ਵਾਲੇ ਪੰਜਾਬੀਆਂ ਲਈ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਆਈਜੀਆਈ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ। ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਫਸੇ ਹੋਏ ਪੰਜਾਬੀਆਂ ਦੀ ਸਹਾਇਤਾ ਲਈ 24x7 ਕਾਰਜਸ਼ੀਲ ਹੈਲਪਲਾਈਨ ਸ਼ੁਰੂ ਕੀਤੀ ਜਾ ਚੁੱਕੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ।"
ਪੰਜਾਬੀਆਂ ਨੂੰ ਅਰਬ ਮੁਲਕਾਂ ਤੋਂ ਸੁਰੱਖਿਅਤ ਵਾਪਿਸ ਲਿਆਉਣ ਸਬੰਧੀ ਕੈਬਿਨੇਟ ਮੰਤਰੀ @Ravjot_hsp ਦੀ ਵਿਦੇਸ਼ ਮੰਤਰਾਲੇ ਨੂੰ ਅਪੀਲ !!
— AAP Punjab (@AAPPunjab) March 3, 2026
👉 ਅਰਬ ਮੁਲਕਾਂ ਲਈ ਰੈਸਕਿਊ ਫਲਾਈਟ ਕੀਤੀ ਜਾਵੇ ਸ਼ੁਰੂ
👉 ਏਅਰਲਾਇਨਜ਼ ਨੂੰ ਟਿਕਟਾਂ ਦੇ ਪੈਸੇ ਵਧਾ ਕੇ ਲੋਕਾਂ ਦੀ ਮਜਬੂਰੀ ਦਾ ਫ਼ਾਇਦਾ ਨਾ ਚੁੱਕਣ ਦਾ ਦਿੱਤਾ ਜਾਵੇ ਸੁਨੇਹਾ pic.twitter.com/jPGgX00nCZ
ਹਰ ਸੰਭਵ ਯਤਨ ਕਰ ਰਹੀ ਸਰਕਾਰ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸੰਕਟ ਦੀ ਇਸ ਘੜੀ ਵਿੱਚ ਆਪਣੇ ਲੋਕਾਂ ਨੂੰ ਹਰ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।" ਇਸ ਤੋਂ ਪਹਿਲਾਂ, ਡਾ. ਰਵਜੋਤ ਸਿੰਘ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ "ਫਸੇ ਹੋਏ ਪੰਜਾਬੀਆਂ ਬਾਰੇ ਜ਼ਿਲ੍ਹਾ ਪੱਧਰ 'ਤੇ ਪ੍ਰਾਪਤ ਸਾਰੀਆਂ ਪੁੱਛਗਿੱਛਾਂ ਨੂੰ ਪੂਰੀ ਜ਼ਿੰਮੇਵਾਰਾਨਾ ਢੰਗ ਅਤੇ ਇਮਾਨਦਾਰੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਹਾਇਤਾ ਯਕੀਨੀ ਬਣਾਈ ਜਾ ਸਕੇ।"

