ਮਹਿੰਗਾਈ ਦੇ ਖਿਲਾਫ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਮਹਿੰਗਾਈ ਨੂੰ ਲੈ ਕੇ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।


Published : August 27, 2026 at 9:10 PM IST
ਅੰਮ੍ਰਿਤਸਰ: ਵਧਦੀ ਮਹਿੰਗਾਈ, ਬੇਰੁਜ਼ਗਾਰੀ ਅਤੇ ਆਮ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਿੱਠੂ ਮਦਾਨ ਨੇ ਕੀਤੀ।
ਮਹਿੰਗਾਈ ਨੂੰ ਲੈ ਕੇ ਕੇਂਦਰ 'ਤੇ ਸਾਧੇ ਨਿਸ਼ਾਨੇ
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ, ਮੁਲਾਜ਼ਮ ਅਤੇ ਪੈਨਸ਼ਨਰ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਲਗਾਤਾਰ ਵਧ ਰਹੀ ਮਹਿੰਗਾਈ ਨੇ ਗਰੀਬ, ਮਜ਼ਦੂਰ, ਮੁਲਾਜ਼ਮ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਵਿਗਾੜ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ "ਰੋਜ਼ਾਨਾ ਦੀ ਜ਼ਰੂਰਤ ਵਾਲੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਪਿਆਜ਼, ਲਸਣ, ਸਬਜ਼ੀਆਂ ਅਤੇ ਰਾਸ਼ਨ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪੈ ਰਿਹਾ ਹੈ। ਸਰਕਾਰ ਨੂੰ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨ ਦੀ ਬਜਾਇ ਮਹਿੰਗਾਈ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।"
'ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ'
ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ "ਮਹਿੰਗਾਈ ਆਮ ਆਦਮੀ ਦੀ ਸਭ ਤੋਂ ਵੱਡੀ ਸਮੱਸਿਆ ਬਣ ਚੁੱਕੀ ਹੈ। ਜਿਹੜੀਆਂ ਵਸਤਾਂ ਪਹਿਲਾਂ ਆਮ ਪਰਿਵਾਰ ਆਸਾਨੀ ਨਾਲ ਖਰੀਦ ਲੈਂਦੇ ਸਨ, ਉਹ ਹੁਣ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ।"
'ਛੋਟੇ ਵਪਾਰੀਆਂ ਦੇ ਸਾਹਮਣੇ ਵੱਡੀਆਂ ਚੁਣੌਤੀਆਂ'
ਅਨਿਲ ਜੋਸ਼ੀ ਨੇ ਛੋਟੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ "ਵੱਡੀਆਂ ਕਾਰਪੋਰੇਟ ਅਤੇ ਆਨਲਾਈਨ ਕੰਪਨੀਆਂ ਦੇ ਵਧਦੇ ਪ੍ਰਭਾਵ ਕਾਰਨ ਮੁਹੱਲਿਆਂ ਦੇ ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਪਹਿਲਾਂ ਇੱਕ ਛੋਟੀ ਦੁਕਾਨ ਵੀ ਪਰਿਵਾਰ ਲਈ ਰੁਜ਼ਗਾਰ ਦਾ ਵੱਡਾ ਸਾਧਨ ਹੁੰਦੀ ਸੀ, ਪਰ ਹੁਣ ਛੋਟੇ ਵਪਾਰੀਆਂ ਦੇ ਸਾਹਮਣੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਰੁਜ਼ਗਾਰ ਦੇ ਮੌਕੇ ਘਟਣ ਕਾਰਨ ਨੌਜਵਾਨ ਵਰਗ ਵੀ ਪਰੇਸ਼ਾਨ ਹੈ।"
"ਜਦੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਤਾਂ ਉਹ ਨਿਰਾਸ਼ਾ ਦਾ ਸ਼ਿਕਾਰ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਗਲਤ ਸੰਗਤ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦਾ ਖਤਰਾ ਵੀ ਵਧ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਨੌਜਵਾਨਾਂ ਲਈ ਰੁਜ਼ਗਾਰ, ਸਿੱਖਿਆ ਅਤੇ ਸਵੈ-ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਦੀ ਮੰਗ ਕੀਤੀ।"-ਅਨਿਲ ਜੋਸ਼ੀ,ਸਾਬਕਾ ਕੈਬਨਿਟ ਮੰਤਰੀ
ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਕਾਂਗਰਸੀ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ’ਤੇ ਸਰਕਾਰ ਨਾਲ ਗੱਲਬਾਤ ਕਰਕੇ ਹੱਲ ਕੱਢਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਅਣਦੇਖਾ ਨਹੀਂ ਕੀਤਾ ਜਾਣਾ ਚਾਹੀਦਾ।
ਕੇਂਦਰ ਨੂੰ ਚਿਤਾਵਨੀ
ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਿੱਠੂ ਮਦਾਨ ਨੇ ਕਿਹਾ ਕਿ "ਕਾਂਗਰਸ ਆਮ ਜਨਤਾ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਵਪਾਰੀਆਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਉਂਦੀ ਰਹੇਗੀ। ਜੇਕਰ ਸਰਕਾਰ ਨੇ ਮਹਿੰਗਾਈ ’ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਜਲਦ ਠੋਸ ਕਦਮ ਨਾ ਚੁੱਕੇ ਤਾਂ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।"
ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਮਹਿੰਗਾਈ ’ਤੇ ਤੁਰੰਤ ਕਾਬੂ ਪਾਉਣ, ਰੁਜ਼ਗਾਰ ਦੇ ਮੌਕੇ ਵਧਾਉਣ, ਛੋਟੇ ਵਪਾਰੀਆਂ ਨੂੰ ਰਾਹਤ ਦੇਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ।

