ਭਾਜਪਾ ਅਤੇ RSS 'ਤੇ ਰਾਜ ਕੁੁਮਾਰ ਵੇਰਕਾ ਦਾ ਵੱਡਾ ਇਲਜ਼ਾਮ, FIR ਦਰਜ ਕਰਨ ਦੀ ਮੰਗ
ਕਾਂਗਰਸ ਆਗੂ ਰਾਜ ਕੁਮਾਰ ਵੇਰਕਾ ਨੇ ਦਲਿਤਾਂ ਨਾਲ ਵਿਤਕਰੇ ਦਾ ਜ਼ਿਕਰ ਕਰਦਿਆਂ ਭਾਜਪਾ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।


Published : August 29, 2026 at 6:03 PM IST
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਪਹੁੰਚੇ ਅਤੇ ਉੱਤਰਾਖੰਡ ਵਿੱਚ ਦਲਿਤਾਂ ਨਾਲ ਕਥਿਤ ਵਿਤਕਰੇ ਦੇ ਮਾਮਲੇ ਨੂੰ ਲੈ ਕੇ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਦਿਆਂ ਸਬੰਧਤ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਵੇਰਕਾ ਨੇ ਭਾਜਪਾ 'ਤੇ ਚੁੱਕੇ ਸਵਾਲ
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ "ਉਹ ਉੱਤਰਾਖੰਡ ਵਿੱਚ ਦੇਸ਼ ਦੇ ਇੱਕ ਪ੍ਰਮੁੱਖ ਆਗੂ ਨਾਲ ਕਥਿਤ ਤੌਰ ’ਤੇ ਹੋਏ ਵਿਤਕਰੇ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕਰਵਾਉਣ ਲਈ ਪੁਲਿਸ ਕਮਿਸ਼ਨਰ ਕੋਲ ਪਹੁੰਚੇ ਹਨ। ਉੱਤਰਾਖੰਡ ਦੇ ਰਾਮਲੀਲਾ ਮੈਦਾਨ ਵਿੱਚ ਇੱਕ ਸਿਆਸੀ ਰੈਲੀ ਤੋਂ ਬਾਅਦ ਰੈਲੀ ਵਾਲੀ ਥਾਂ ਅਤੇ ਮੰਚ ਦਾ ਕਥਿਤ ਤੌਰ ’ਤੇ ਭਾਜਪਾ ਅਤੇ ਆਰਐੱਸਐੱਸ ਨਾਲ ਜੁੜੇ ਲੋਕਾਂ ਵੱਲੋਂ ‘ਸ਼ੁੱਧੀਕਰਨ’ ਕੀਤਾ ਗਿਆ।"
"ਉੱਤਰਾਖੰਡ ਵਿੱਚ ਭਾਜਪਾ ਅਤੇ ਆਰਐਸਐਸ ਵੱਲੋਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਗਈਆਂ। ਕਾਂਗਰਸ ਦੇ ਮੱਲਿਕਾਰਜੁਨ ਖੜਗੇ ਦੇਸ਼ ਦੇ ਵੱਡੇ ਲੀਡਰ ਹਨ। ਉਨ੍ਹਾਂ ਵੱਲੋਂ ਰਾਮ ਲੀਲਾ ਮੈਦਾਨ ਵਿੱਚ ਰੈਲੀ ਕੀਤੀ ਗਈ ਸੀ। ਰੈਲੀ ਤੋਂ ਬਾਅਦ ਆਰਐਸਐਸ ਅਤੇ ਭਾਜਪਾ ਵੱਲੋਂ ਉਸ ਗਰਾਊਂਡ ਦਾ ਸ਼ੁੱਧੀਕਰਨ ਕੀਤਾ ਗਿਆ। ਭਾਜਪਾ ਅੱਜ ਵੀ ਨਫਰਤ ਦੀ ਰਾਜਨੀਤੀ ਕਰ ਰਹੀ ਹੈ।ਉੱਤਰਾਖੰਡ ਦੇ ਭਾਜਪਾ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਇਹ ਸ਼ੁੱਧੀਕਰਨ ਨੂੰ ਅਸੀਂ ਜਸਟੀਫਾਈ ਕਰਦੇ ਹਾਂ।"-ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ,ਕਾਂਗਰਸ
ਭਾਜਪਾ ਤੇ ਨਫਰਤ ਦੀ ਰਾਜਨੀਤੀ ਕਰਨ ਦੇ ਇਲਜ਼ਾਮ
ਕਾਂਗਰਸ ਆਗੂ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਕਿ "ਦੇਸ਼ ਵਿੱਚ ਨਫ਼ਰਤ ਦੀ ਰਾਜਨੀਤੀ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਖਾਣ-ਪੀਣ ਅਤੇ ਪਛਾਣ ਦੇ ਅਧਾਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਕਈ ਥਾਵਾਂ ’ਤੇ ਲੋਕਾਂ ਨਾਲ ਕੁੱਟਮਾਰ ਅਤੇ ਜ਼ੁਲਮ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦਲਿਤ ਸਮਾਜ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ। ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।"
"ਜੇਕਰ ਅਜਿਹਾ ਹੋਇਆ ਹੈ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਐੱਸਸੀ/ਐੱਸਟੀ ਐਕਟ ਤਹਿਤ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਉੱਤਰਾਖੰਡ ਭਾਜਪਾ ਦੇ ਸੂਬਾ ਪ੍ਰਧਾਨ ਮਹਿੰਦਰ ਭੱਟ ਨੇ ਮੰਚ ਦੇ ਸ਼ੁੱਧੀਕਰਨ ਨੂੰ ਸਹੀ ਠਹਿਰਾਇਆ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਕਾਂਗਰਸ ਇਸ ਮਾਮਲੇ ’ਤੇ ਚੁੱਪ ਨਹੀਂ ਬੈਠੇਗੀ ਅਤੇ ਦਲਿਤ ਸਮਾਜ ਦੇ ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਲਈ ਆਵਾਜ਼ ਉਠਾਉਂਦੀ ਰਹੇਗੀ।"-ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ,ਕਾਂਗਰਸ
ਪੁਲਿਸ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ
ਡਾ. ਰਾਜ ਕੁਮਾਰ ਵੇਰਕਾ ਅਤੇ ਉਨ੍ਹਾਂ ਦੇ ਵਫ਼ਦ ਨੇ ਡੀਸੀਪੀ ਜਸਕਰਨਜੀਤ ਸਿੰਘ ਤੇਜਾ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਅਤੇ ਮੰਗ ਪੱਤਰ ਸੌਂਪਿਆ। ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ
"ਸ਼ਿਕਾਇਤ ਵਿੱਚ ਉੱਤਰਾਖੰਡ ਨਾਲ ਸਬੰਧਤ ਇੱਕ ਮਾਮਲੇ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਐੱਸਸੀ/ਐੱਸਟੀ ਐਕਟ ਅਤੇ ਕਥਿਤ ਉਲੰਘਣਾ ਨਾਲ ਸਬੰਧਤ ਕੁਝ ਗੱਲਾਂ ਸਾਹਮਣੇ ਰੱਖੀਆਂ ਗਈਆਂ ਹਨ। ਪੁਲਿਸ ਵੱਲੋਂ ਸ਼ਿਕਾਇਤ ਦੀ ਪੂਰੀ ਤਰ੍ਹਾਂ ਜਾਂਚ ਅਤੇ ਪੜਤਾਲ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਮਾਮਲੇ ਵਿੱਚ ਜੋ ਵੀ ਢੁੱਕਵੀਂ ਅਤੇ ਲੋੜੀਂਦੀ ਕਾਰਵਾਈ ਬਣਦੀ ਹੋਵੇਗੀ, ਉਹ ਕੀਤੀ ਜਾਵੇਗੀ। ਜੇਕਰ ਮਾਮਲਾ ਕਿਸੇ ਹੋਰ ਸਬੰਧਤ ਵਿਭਾਗ ਜਾਂ ਸਥਾਨ ਨਾਲ ਜੁੜਿਆ ਪਾਇਆ ਗਿਆ ਤਾਂ ਉਸ ਨੂੰ ਵੀ ਨਿਯਮਾਂ ਅਨੁਸਾਰ ਭੇਜਿਆ ਜਾਵੇਗਾ।"

