1984 ਦੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਦੇਣ ਦੇ ਨਾਲ ਸਥਾਈ ਸਹਾਇਤਾ ਦੀ ਉੱਠੀ ਮੰਗ
ਜੂਨ 1984 ਦੇ ਘੱਲੂਘਾਰੇ ਅਤੇ ਉਸ ਤੋਂ ਬਾਅਦ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਏ ਗਏ।

Published : June 2, 2026 at 9:34 PM IST
ਅੰਮ੍ਰਿਤਸਰ: ਜੂਨ 1984 ਦੇ ਘੱਲੂਘਾਰੇ ਅਤੇ ਉਸ ਤੋਂ ਬਾਅਦ ਦੇ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਵੁਕ ਦ੍ਰਿਸ਼ ਵੇਖਣ ਨੂੰ ਮਿਲੇ। ਸਮਾਗਮ ਵਿੱਚ ਸ਼ਾਮਲ ਹੋਏ ਸ਼ਹੀਦ ਪਰਿਵਾਰਾਂ ਅਤੇ ਸਿੱਖ ਆਗੂਆਂ ਨੇ ਨਾ ਸਿਰਫ਼ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ, ਸਗੋਂ ਉਨ੍ਹਾਂ ਪਰਿਵਾਰਾਂ ਦੇ ਦਰਦ ਨੂੰ ਵੀ ਸਾਂਝਾ ਕੀਤਾ ਜੋ ਦਹਾਕੇ ਬੀਤ ਜਾਣ ਦੇ ਬਾਵਜੂਦ ਅੱਜ ਵੀ ਸੰਘਰਸ਼ ਭਰੀ ਜ਼ਿੰਦਗੀ ਜੀ ਰਹੇ ਹਨ।
ਸ਼ਹੀਦਾਂ ਦੇ ਪਰਿਵਾਰਾਂ ਦੀ ਪੀੜਾ
ਸਮਾਗਮ ਦੌਰਾਨ ਬੋਲਦਿਆਂ ਇੱਕ ਸਿੱਖ ਆਗੂ ਨੇ ਕਿਹਾ ਕਿ ਉਹ ਖੁਦ ਵੀ ਉਸ ਪਰਿਵਾਰ ਨਾਲ ਸਬੰਧ ਰੱਖਦੇ ਹਨ ਜਿਸ ਨੇ ਸੰਘਰਸ਼ ਦਾ ਦਰਦ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਦਿੱਲੀ ਵਿੱਚ ਅੱਠ ਸਾਲ ਤੱਕ ਕੈਦ ਵਿੱਚ ਰੱਖਿਆ ਗਿਆ ਸੀ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਦੋਂ ਪਰਿਵਾਰ ਦਾ ਕੋਈ ਮੈਂਬਰ ਜੇਲ੍ਹ ਜਾਂ ਸੰਘਰਸ਼ ਦੀ ਮਾਰ ਹੇਠ ਆ ਜਾਂਦਾ ਹੈ ਤਾਂ ਪਰਿਵਾਰ ਕਿਹੜੀਆਂ ਮੁਸ਼ਕਿਲਾਂ ਵਿੱਚੋਂ ਲੰਘਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰਾਂ ਦੀ ਪੀੜਾ ਨੂੰ ਸਿਰਫ਼ ਉਹੀ ਸਮਝ ਸਕਦੇ ਹਨ ਜਿਨ੍ਹਾਂ ਨੇ ਇਹ ਦਰਦ ਖੁਦ ਹੰਢਾਇਆ ਹੋਵੇ।
ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ "ਸ਼ਹੀਦ ਪਰਿਵਾਰਾਂ ਨੂੰ ਯਾਦ ਕਰਨਾ ਅਤੇ ਸਨਮਾਨ ਦੇਣਾ ਸ਼ਲਾਘਾਯੋਗ ਕਦਮ ਹੈ, ਪਰ ਇਸ ਦੇ ਨਾਲ-ਨਾਲ ਉਨ੍ਹਾਂ ਦੀ ਲੰਬੇ ਸਮੇਂ ਲਈ ਸੰਭਾਲ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਸ਼ਹੀਦ ਪਰਿਵਾਰਾਂ ਲਈ ਇੱਕ ਵਿਸ਼ੇਸ਼ ਟਰੱਸਟ ਬਣਾਇਆ ਜਾਵੇ, ਜਿਸ ਰਾਹੀਂ ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਸਹਾਇਤਾ ਕੀਤੀ ਜਾ ਸਕੇ।"

ਸਹਾਇਤਾ ਦੀ ਉਡੀਕ ਕਰ ਰਹੇ ਸ਼ਹੀਦ ਪਰਿਵਾਰ
ਸਮਾਗਮ ਵਿੱਚ ਮੌਜੂਦ ਸ਼ਹੀਦ ਭਾਈ ਨਰਿੰਦਰਜੀਤ ਸਿੰਘ ਦੇ ਪੁੱਤਰ ਹਰਪਾਲ ਸਿੰਘ ਨੇ ਵੀ ਆਪਣੇ ਪਰਿਵਾਰ ਦਾ ਦਰਦ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਾਦਤ ਤੋਂ ਬਾਅਦ ਪਰਿਵਾਰ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਸਾਲਾਂ ਤੱਕ ਉਹ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀਵਨ ਬਤੀਤ ਕਰਦੇ ਰਹੇ। ਉਨ੍ਹਾਂ ਕਿਹਾ ਕਿ ਅੱਜ ਵੀ ਕਈ ਸ਼ਹੀਦ ਪਰਿਵਾਰ ਅਜਿਹੇ ਹਨ ਜੋ ਸਰਕਾਰੀ ਅਤੇ ਸਮਾਜਿਕ ਸਹਾਇਤਾ ਦੀ ਉਡੀਕ ਕਰ ਰਹੇ ਹਨ।
ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਸਨਮਾਨ ਸਮਾਰੋਹਾਂ ਦੀ ਨਹੀਂ, ਸਗੋਂ ਸਮਾਜ ਅਤੇ ਸੰਸਥਾਵਾਂ ਦੇ ਲਗਾਤਾਰ ਸਾਥ ਅਤੇ ਪਿਆਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਦੇ ਇੱਕ-ਇੱਕ ਨਹੀਂ, ਸਗੋਂ ਕਈ ਮੈਂਬਰ ਇਸ ਸੰਘਰਸ਼ ਵਿੱਚ ਸ਼ਹੀਦ ਹੋਏ, ਜਿਸ ਕਾਰਨ ਪੂਰੇ ਘਰ ਉਜੜ ਗਏ। ਅਜਿਹੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਮੇਂ ਦੀ ਲੋੜ ਹੈ।

ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ
ਵਕਤਾਵਾਂ ਨੇ ਕਿਹਾ ਕਿ 1984 ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਦੇ ਦੌਰ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਅਪੀਲ ਕੀਤੀ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਠੋਸ ਯੋਜਨਾਵਾਂ ਬਣਾਈਆਂ ਜਾਣ। ਸਮਾਗਮ ਦੇ ਅੰਤ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸ਼ਹੀਦ ਪਰਿਵਾਰਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਕੇ ਉਨ੍ਹਾਂ ਦੇ ਦਰਦ ਨੂੰ ਸੁਣਨ ਅਤੇ ਸਨਮਾਨ ਦੇਣ ਦਾ ਉਪਰਾਲਾ ਕੀਤਾ।

