ਪਰਿਵਾਰਕ ਵਿਵਾਦ 'ਚ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਪਿਤਾ-ਧੀ ਦੀ ਮੌਤ, ਮਾਂ-ਪੁੱਤਰ ਹਸਪਤਾਲ 'ਚ ਦਾਖਲ
ਪਰਿਵਾਰ ਦੇ ਚਾਰ ਮੈਂਬਰਾਂ ਨੇ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਖਾ ਲਿਆ। 2 ਦੀ ਇਲਾਜ ਦੌਰਾਨ ਮੌਤ ਹੋ ਗਈ।


Published : July 9, 2026 at 6:30 PM IST
ਪਟਿਆਲਾ: ਸ਼ਾਹੀ ਸ਼ਹਿਰ ਪਟਿਆਲਾ ਤੋਂ ਬੇਹੱਦ ਮੰਦਭਾਗੀ ਖਬਾਰ ਸਾਹਮਣੇ ਆਈ ਹੈ, ਜਿੱਥੇ ਪਰਿਵਾਰਕ ਵਿਵਾਦ ਦੇ ਚੱਲਦਿਆਂ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਚਾਰਾਂ ਨੂੰ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ 45 ਸਾਲਾ ਵਿਕਾਸ ਬਾਤਿਸ਼ ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਾਤਿਸ਼ ਦੀ ਮੌਤ ਹੋ ਗਈ, ਜਦਕਿ 43 ਸਾਲਾ ਪਤਨੀ ਤਮੰਨਾ ਬਾਤਿਸ਼ ਅਤੇ 11 ਸਾਲਾ ਪੁੱਤਰ ਕਨਵ ਬਾਤਿਸ਼ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਘਰੇਲੁ ਵਿਵਾਦ ਬਣਿਆ ਕਾਰਨ
ਮਾਮਲੇ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ "ਮੁੱਢਲੀ ਜਾਂਚ ਤੋਂ ਇਹ ਸੰਕੇਤ ਮਿਲੇ ਹਨ ਕਿ ਇਹ ਖ਼ੌਫ਼ਨਾਕ ਕਦਮ ਵਿੱਤੀ ਲੈਣ-ਦੇਣ ਨੂੰ ਲੈ ਕੇ ਚੱਲ ਰਹੇ ਘਰੇਲੂ ਵਿਵਾਦ ਕਾਰਨ ਚੁੱਕਿਆ ਗਿਆ ਹੈ। ਦੇਰ ਰਾਤ ਪੁਲਿਸ ਨੂੰ ਰਾਜਿੰਦਰਾ ਹਸਪਤਾਲ ਤੋਂ ਸੂਚਨਾ ਮਿਲੀ ਕਿ ਇੱਕ ਹੀ ਪਰਿਵਾਰ ਦੇ ਚਾਰ ਮੈਂਬਰ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਹਸਪਤਾਲ ਵਿੱਚ ਦਾਖਲ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਿਵਾਰ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹਾਲਾਂਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।"
ਪੁਲਿਸ ਕਰ ਰਹੀ ਪੜਤਾਲ
ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਕੀਤਾ ਜਾਵੇਗਾ।

