ETV Bharat / state

ਮਨੀਪੁਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ, ਜੱਦੀ ਪਿੰਡ ਕੀਤਾ ਅੰਤਿਮ ਸਸਕਾਰ

ਮਨੀਪੁਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸੰਗਰੂਰ ਦਾ ਸਿਪਾਹੀ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਿਆ।

PUNJAB SOLDIER MARTYRED IN MANIPUR
ਮਨੀਪੁਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ (Etv Bharat)
author img

By ETV Bharat Punjabi Team

Published : February 26, 2026 at 6:36 PM IST

2 Min Read
Choose ETV Bharat

ਸੁਨਾਮ (ਸੰਗਰੂਰ): ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦਾ ਇੱਕ ਜਵਾਨ ਮਨੀਪੁਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ। ਸ਼ਹੀਦ ਹੋਏ ਜਵਾਨ ਗੁਰਪ੍ਰੀਤ ਸਿੰਘ 21 ਸਾਲ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੇ ਸਨ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ ਹੈ ਅਤੇ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

ਮਨੀਪੁਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ (Etv Bharat)

ਸੁਨਾਮ ਦਾ ਰਹਿਣ ਵਾਲਾ ਸੀ ਸ਼ਹੀਦ

ਸ਼ਹੀਦ ਜਵਾਨ ਸੁਨਾਮ ਤਹਿਸੀਲ ਦੇ ਮਹਿਲਾਂ ਚੌਂਕ ਦਾ ਰਹਿਣ ਵਾਲਾ ਸੀ। ਗੁਰਪ੍ਰੀਤ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਜਵਾਨ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ।

ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਹੀਦ ਗੁਰਪ੍ਰੀਤ ਸਿੰਘ ਦੇ ਘਰ ਪਹੁੰਚ ਰਹੇ ਹਨ। ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਾਲਨ ਨੇ ਸਰਕਾਰ ਤੋਂ ਪੀੜਤ ਪਰਿਵਾਰ ਲਈ ਢੁੱਕਵਾਂ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸ਼ਹੀਦ ਦੀ ਯਾਦ ਵਿੱਚ ਪਿੰਡ ਵਿੱਚ ਇੱਕ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ।

PUNJAB SOLDIER MARTYRED IN MANIPUR
ਫੌਜੀ ਵੀਰਾਂ ਦੀ ਤਸਵੀਰ (Etv Bharat)

ਪਰਿਵਾਰ ਦੀ ਹਰ ਪੱਖੋਂ ਸਹਾਇਤਾ ਕਰਨ ਦਾ ਵਾਅਦਾ

ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਰਪਾਲ ਚੀਮਾ ਦੇ ਪੀਏ ਸੋਹੀ ਨੇ ਕਿਹਾ ਕਿ "ਅਸੀਂ ਮਨੀਪੁਰ ਵਿੱਚ ਸ਼ਹੀਦ ਹੋਏ ਭਰਾ ਦੇ ਪਰਿਵਾਰ ਦੇ ਨਾਲ ਖੜੇ ਹਾਂ। ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੇ-ਛੋਟੇ ਬੱਚੇ ਛੱਡ ਗਿਆ ਹੈ। ਅਸੀਂ ਇਸ ਗੱਲ ਦਾ ਪੂਰਾ ਵਿਸ਼ਵਾਸ ਦਵਾਉਂਦੇ ਹਾਂ ਕਿ ਜੋ ਵੀ ਸਾਡੇ ਵੱਲੋਂ ਸਹਾਇਤਾ ਹੋਵੇਗੀ ਅਸੀਂ ਪੂਰੀ ਕਰਾਂਗੇ।"

ਕਿਸਾਨ ਆਗੂ ਦੀ ਸਰਕਾਰ ਨੂੰ ਅਪੀਲ

ਕਿਸਾਨ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਇਹ ਪਰਿਵਾਰ ਲਈ ਅਤੇ ਛੋਟੇ-ਛੋਟੇ ਬੱਚਿਆਂ ਲਈ ਇਹ ਬਹੁਤ ਹੀ ਦੁੱਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਗਮਗੀਨ ਮਾਹੌਲ ਦੇ ਨਾਲ-ਨਾਲ ਇਸ ਗੱਲ ਦਾ ਮਾਣ ਵੀ ਮਹਿਸੂਸ ਹੁੰਦਾ ਹੈ ਕਿ ਸ਼ਹੀਦ ਗੁਰਪ੍ਰੀਤ ਸਿੰਘ ਨੇ ਸ਼ਹੀਦੀ ਦਾ ਜਾਮ ਪੀ ਕੇ ਸਾਡੇ ਨਗਰ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਇਸ ਸ਼ਹੀਦ ਭਰਾ ਦੇ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇ, ਉਸਦੇ ਬੱਚਿਆਂ ਦੀ ਪੜਾਈ ਅਤੇ ਉਨ੍ਹਾਂ ਦੀ ਦੇਖ-ਰੇਖ ਕੀਤੀ ਜਾਵੇ। ਇਸਦੇ ਨਾਲ ਹੀ ਬੱਚਿਆਂ ਲਈ ਰੁਜ਼ਗਾਰ ਦਾ ਪ੍ਰਬੰਧ ਅਤੇ ਉਨ੍ਹਾਂ ਦੀ ਪਤਨੀ ਲਈ ਵੀ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ।

PUNJAB SOLDIER MARTYRED IN MANIPUR
ਸ਼ਹੀਦ ਦੇ ਪਰਿਵਾਰ ਦੀ ਤਸਵੀਰ (Etv Bharat)

ਮਨੀਪੁਰ ਵਿੱਚ ਅੱਤਵਾਦੀਆਂ ਵਿਰੁੱਧ ਆਪ੍ਰੇਸ਼ਨ ਚਲਾ ਰਹੀ ਹੈ ਫੌਜ

ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਪੁਲਿਸ ਨੇ 15 ਫਰਵਰੀ ਨੂੰ ਅੱਤਵਾਦੀਆਂ ਵਿਰੁੱਧ ਇੱਕ ਵਿਸ਼ੇਸ਼ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਇਸ ਆਪ੍ਰੇਸ਼ਨ ਦੌਰਾਨ, ਅੱਤਵਾਦੀਆਂ ਨਾਲ ਇੱਕ ਮੁਕਾਬਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਗੋਲੀ ਲੱਗੀ ਅਤੇ ਉਹ ਸ਼ਹੀਦ ਹੋ ਗਏ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੁੱਖ ਪ੍ਰਗਟ ਕੀਤਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹੀ ਬਚਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।