ਮੀਰੀ-ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ 'ਚ ਉਮੜਿਆ ਸੰਗਤ ਦਾ ਸੈਲਾਬ, ਜਥੇਦਾਰ ਗੜਗੱਜ ਨੇ ਨਸ਼ਿਆਂ ਖ਼ਿਲਾਫ਼ ਚੁੱਕੀ ਅਵਾਜ਼
ਮੀਰੀ ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੌਰਾਨ ਪਟਿਆਲਾ ਵਿਖੇ ਐਸਜੀਪੀਸੀ ਪ੍ਰਧਾਨ ਧਾਮੀ ਅਤੇ ਜਥੇਦਾਰ ਗੜਗੱਜ ਨੇ ਸੰਗਤ ਨੂੰ ਸੰਬੋਧਿਤ ਕੀਤਾ।


Published : August 30, 2026 at 1:26 PM IST
ਪਟਿਆਲਾ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਅੱਜ ਦੂਜੇ ਪੜਾਅ ਤਹਿਤ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪਹੁੰਚਿਆ। ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਮਾਰਚ ਦਾ ਮੁੱਖ ਉਦੇਸ਼ ਸਿੱਖ ਸੰਗਤ ਨੂੰ ਇਕਜੁੱਟ ਕਰਨਾ, ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ, ਬੰਦੀ ਸਿੰਘਾਂ ਦੀ ਰਿਹਾਈ ਦੀ ਅਵਾਜ਼ ਬੁਲੰਦ ਕਰਨਾ ਅਤੇ ਲੋਕਾਂ ਨੂੰ ਸਿੱਖ ਸਿਧਾਂਤਾਂ ਪ੍ਰਤੀ ਜਾਗਰੂਕ ਕਰਨਾ ਦੱਸਿਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੋਂ ਸੰਗਤ ਦਾ ਵੱਡੀ ਗਿਣਤੀ ਵਿੱਚ ਮਾਰਚ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੀ ਜਨਤਾ ਗੁਰੂ ਸਾਹਿਬ ਅਤੇ ਸਿੱਖ ਸਿਧਾਂਤਾਂ ਨਾਲ ਜੁੜੀ ਹੋਈ ਹੈ।
ਨਸ਼ਿਆਂ ਖਿਲਾਫ ਨੌਜਵਾਨਾਂ ਨੂੰ ਕੀਤਾ ਜਾਗਰੂਕ
ਧਾਮੀ ਨੇ ਕਿਹਾ ਕਿ 'ਮਾਰਚ ਦੌਰਾਨ ਕਈ ਪਿੰਡਾਂ ਦੀ ਸੰਗਤ ਨੇ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਸਾਹਮਣੇ ਰੱਖਿਆ ਹੈ। ਜੇਕਰ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਚਲੀ ਗਈ ਤਾਂ ਆਉਣ ਵਾਲਾ ਭਵਿੱਖ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਵੇਗਾ। ਉਨ੍ਹਾਂ ਸਿੱਖ ਭਾਈਚਾਰੇ ਨੂੰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਡਟਣ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।'

SGPC ਪ੍ਰਧਾਨ ਨੇ ਮਾਰਚ ਦੌਰਾਨ ਲਗਾਤਾਰ ਸੇਵਾਵਾਂ ਨਿਭਾ ਰਹੇ ਪੰਜ ਪਿਆਰਿਆਂ, SGPC ਮੈਂਬਰਾਂ, ਗ੍ਰੰਥੀ ਸਿੰਘਾਂ ਅਤੇ ਹੋਰ ਸੇਵਾਦਾਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਭਿਆਨਕ ਗਰਮੀ ਦੇ ਬਾਵਜੂਦ ਸੇਵਾਦਾਰ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾਅ ਰਹੇ ਹਨ।
ਹੜ੍ਹ ਪ੍ਰਭਾਵਿਤ ਇਲਾਕਿਆਂ ਲਈ SGPC ਦੀ ਸਹਾਇਤਾ
ਧਾਮੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੀ SGPC ਵੱਲੋਂ ਲਗਾਤਾਰ ਸੇਵਾ ਕਾਰਜ ਕੀਤੇ ਜਾ ਰਹੇ ਹਨ। ਸੜਕਾਂ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੇ ਬਾਵਜੂਦ ਚਾਰ ਮੈਂਬਰੀ ਵਫ਼ਦ ਸਬੰਧਤ ਇਲਾਕਿਆਂ ਵਿੱਚ ਜਾਵੇਗਾ ਅਤੇ ਉੱਥੋਂ ਦੇ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਜਾਣਕਾਰੀ ਲੈ ਕੇ ਅਗਲੀ ਸਹਾਇਤਾ ਕੀਤੀ ਜਾਵੇਗੀ।
ਜਥੇਦਾਰ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਦਿੱਤੀ ਚੁਣੌਤੀ
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਪੰਜਾਬ ਵਿੱਚ ਨਸ਼ਾ ਨਾ ਹੋਣ ਦੀ ਗੱਲ ਕਰਦੇ ਹਨ, ਉਨ੍ਹਾਂ ਨੂੰ ਪਿੰਡ-ਪਿੰਡ ਦੇ ਅੰਕੜੇ ਦਿਖਾਏ ਜਾ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 'ਕਈ ਪਿੰਡਾਂ ਵਿੱਚ ਵੱਡੀ ਗਿਣਤੀ ਨੌਜਵਾਨ ਚਿੱਟੇ ਦੀ ਗ੍ਰਿਫ਼ਤ ਵਿੱਚ ਹਨ ਅਤੇ ਘੱਟ ਉਮਰ ਦੇ ਨੌਜਵਾਨ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ।'

ਜਥੇਦਾਰ ਨੇ ਕਿਹਾ ਕਿ 'ਜੇਕਰ ਨਸ਼ਾ ਪੰਜਾਬ ਵਿੱਚ ਪਹੁੰਚ ਰਿਹਾ ਹੈ ਅਤੇ ਵਿਕ ਰਿਹਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਸਰਹੱਦ ਤੋਂ ਨਸ਼ਿਆਂ ਦੀ ਤਸਕਰੀ ਰੋਕਣ ਦੀ ਜ਼ਿੰਮੇਵਾਰੀ ਕੇਂਦਰੀ ਏਜੰਸੀਆਂ ਦੀ ਵੀ ਹੈ, ਜਦਕਿ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਨੂੰ ਰੋਕਣਾ ਸੂਬਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਰਕਾਰ ਜਾਂ ਏਜੰਸੀ ਨੂੰ ਉਸ ਦੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕੀਤਾ ਜਾ ਸਕਦਾ। ਸਾਰੇ ਪੱਖਾਂ ਨੂੰ ਮਿਲ ਕੇ ਨਸ਼ਿਆਂ ਖ਼ਿਲਾਫ਼ ਗੰਭੀਰਤਾ ਨਾਲ ਕੰਮ ਕਰਨਾ ਹੋਵੇਗਾ।'

ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਏਕਤਾ ਦਾ ਸੰਦੇਸ਼
ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ, ਨਸ਼ਿਆਂ ਦੇ ਬਾਈਕਾਟ, ਨਸ਼ਾ ਵੇਚਣ ਵਾਲਿਆਂ ਦੇ ਸਮਾਜਿਕ ਬਾਈਕਾਟ, ਸਿੱਖੀ ਸਰੂਪ ਅਤੇ ਬਾਣੀ-ਬਾਣੇ ਨਾਲ ਜੁੜਨ ਦੇ ਨਾਲ-ਨਾਲ ਧਾਰਮਿਕ ਮਾਮਲਿਆਂ ਵਿੱਚ ਬਾਹਰੀ ਦਖ਼ਲਅੰਦਾਜ਼ੀ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। SGPC ਪ੍ਰਧਾਨ ਧਾਮੀ ਨੇ ਕਿਹਾ ਕਿ ਪੰਥ ਇੱਕ ਪਰਿਵਾਰ ਹੈ ਅਤੇ ਸਿੱਖ ਭਾਈਚਾਰੇ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਨਾਲ ਅੱਗੇ ਵਧਣਾ ਚਾਹੀਦਾ ਹੈ। ਗੁਰੂ ਸਾਹਿਬ ਨੇ ਸਾਰੇ ਸਿੱਖਾਂ ਨੂੰ ਇੱਕ ਸਾਂਝੀ ਕੌਮ ਅਤੇ ਇੱਕ ਪਰਿਵਾਰ ਵਜੋਂ ਜੋੜਿਆ ਹੈ। ਭਾਵੇਂ ਕੋਈ ਸਿੱਖ ਪਟਿਆਲਾ ਵਿੱਚ ਰਹਿੰਦਾ ਹੈ ਜਾਂ ਕਿਸੇ ਹੋਰ ਸਥਾਨ ’ਤੇ, ਉਸ ਦੀ ਕੌਮੀ ਪਛਾਣ ਸਿੱਖ ਹੈ। ਇਸ ਲਈ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਏਕਤਾ ਅਤੇ ਪਿਆਰ ਨਾਲ ਅੱਗੇ ਵਧਣਾ ਚਾਹੀਦਾ ਹੈ। ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਦੇਸ਼ ਸਪੱਸ਼ਟ ਰਿਹਾ—ਨਸ਼ਿਆਂ ਦਾ ਵਿਰੋਧ, ਸਿੱਖ ਸਿਧਾਂਤਾਂ ਦੀ ਰੱਖਿਆ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ।

