ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ 'ਤੇ ਜਥੇਦਾਰ ਗੜਗੱਜ ਦਾ ਕੌਮ ਨੂੰ ਸੁਨੇਹਾ, ਕਿਹਾ 'ਸੱਚ ਅਤੇ ਇਨਸਾਫ਼ ਦਾ ਪ੍ਰਤੀਕ'

ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮੱਹਤਤਾ ਵਧੇਰੇ ਹੈ ਅਤੇ ਸਾਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

Akal Takht Sahib founding day
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮੱਹਤਤਾ (Etv Bharat)
author img

By ETV Bharat Punjabi Team

Published : July 5, 2026 at 12:44 PM IST

2 Min Read
Choose ETV Bharat

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਮਹੱਤਤਾ ਉਜਾਗਰ ਕੀਤੀ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ, ਖਾਲਸਾ ਪੰਥ ਅਤੇ ਵਿਸ਼ਵ ਭਰ ਦੀ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 'ਸੰਨ 1606 ਈਸਵੀ ਵਿੱਚ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ, ਜਦੋਂ ਦਿੱਲੀ ਦਾ ਤਖ਼ਤ ਜਬਰ ਅਤੇ ਜ਼ੁਲਮ ਦਾ ਪ੍ਰਤੀਕ ਬਣਿਆ ਹੋਇਆ ਸੀ। ਲੋਕਾਂ ਦੀ ਦੁਨਿਆਵੀ ਤਖ਼ਤਾਂ ਤੋਂ ਇਨਸਾਫ਼ ਦੀ ਉਮੀਦ ਖ਼ਤਮ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦਾ ਮਕਸਦ ਸਿੱਖ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਪੱਖੋਂ ਸਹੀ ਦਿਸ਼ਾ ਅਤੇ ਅਗਵਾਈ ਪ੍ਰਦਾਨ ਕਰਨਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖ ਕੌਮ ਦਾ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਹੱਕ, ਸੱਚ ਅਤੇ ਇਨਸਾਫ਼ ਦਾ ਪ੍ਰਤੀਕ ਹੈ। ਇੱਥੇ ਹਰ ਫ਼ਰਿਆਦੀ ਦੀ ਗੱਲ ਸੁਣੀ ਜਾਂਦੀ ਹੈ ਅਤੇ ਇਨਸਾਫ਼ ਦੇ ਅਸੂਲਾਂ 'ਤੇ ਫ਼ੈਸਲੇ ਕੀਤੇ ਜਾਂਦੇ ਹਨ।'

ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Etv Bharat)

ਇਕਜੁੱਟ ਹੋਣ ਦੀ ਅਪੀਲ

ਜਥੇਦਾਰ ਗੜਗੱਜ ਨੇ ਕਿਹਾ ਕਿ 'ਮੀਰੀ-ਪੀਰੀ ਦੇ ਝੂਲਦੇ ਨਿਸ਼ਾਨ ਸਾਹਿਬ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਸਿੱਖ ਧਰਮ ਵਿੱਚ ਰੂਹਾਨੀਅਤ ਅਤੇ ਸੰਸਾਰਕ ਜ਼ਿੰਮੇਵਾਰੀਆਂ ਦੋਵੇਂ ਇੱਕਸਾਰ ਮਹੱਤਵ ਰੱਖਦੀਆਂ ਹਨ। ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਕੌਮ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿੰਦਿਆਂ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ। ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਾਂਝੇ ਪਰਿਵਾਰ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵੋਚਤਾ ਨੂੰ ਮੰਨਦਿਆਂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।'

ਅਕਾਲ ਤਖ਼ਤ ਸਾਹਿਬ ਹਮੇਸ਼ਾ ਹੱਕ ਸੱਚ ਦੇ ਨਾਲ
ਉਨ੍ਹਾਂ ਕਿਹਾ ਕਿ 'ਇਤਿਹਾਸ ਗਵਾਹ ਹੈ ਕਿ ਕਈ ਵਾਰ ਦੁਨਿਆਵੀ ਅਦਾਲਤਾਂ ਅਤੇ ਪ੍ਰਣਾਲੀਆਂ ਇਨਸਾਫ਼ ਦੇਣ ਵਿੱਚ ਦੇਰੀ ਕਰਦੀਆਂ ਹਨ ਜਾਂ ਨਾਕਾਮ ਰਹਿੰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਕਿਸੇ ਵੀ ਨਿਰਦੋਸ਼ ਨਾਲ ਜ਼ੁਲਮ ਕਰਨਾ ਜਾਂ ਫ਼ਰਜ਼ੀ ਮੁਕਾਬਲਿਆਂ ਰਾਹੀਂ ਜਾਨ ਲੈਣਾ ਮਨੁੱਖਤਾ ਦੇ ਖ਼ਿਲਾਫ਼ ਹੈ ਅਤੇ ਹਰ ਹਾਲਤ ਵਿੱਚ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।'


ਅੰਤ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 'ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਮਨੁੱਖਤਾ ਨੂੰ ਭਾਈਚਾਰੇ, ਆਪਸੀ ਪਿਆਰ ਅਤੇ "ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ" ਦੇ ਸਿਧਾਂਤ 'ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਰਬੱਤ ਦੇ ਭਲੇ ਲਈ ਯਤਨ ਕਰਨ ਦੀ ਅਪੀਲ ਕੀਤੀ। '