ਹੈਰੋਇਨ ਸਪਲਾਈ ਨੈੱਟਵਰਕ ਦਾ ਪਰਦਾਫਾਸ਼, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੱਕ ਪਹੁੰਚਦਾ ਸੀ ਨਸ਼ਾ
ਖੰਨਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ ਸਰਗਰਮ ਇੱਕ ਵੱਡੇ ਹੈਰੋਇਨ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ।

Published : January 10, 2026 at 6:17 PM IST
ਖੰਨਾ (ਲੁਧਿਆਣਾ): ਖੰਨਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ ਸਰਗਰਮ ਇੱਕ ਵੱਡੇ ਹੈਰੋਇਨ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਤਾਜ਼ਾ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਚੰਡੀਗੜ੍ਹ, ਮੋਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਵੱਡੇ ਨੈੱਟਵਰਕ ਬੇਨਕਾਬ ਹੋ ਰਹੇ ਹਨ।
4 ਕਿਲੋ 20 ਗ੍ਰਾਮ ਹੈਰੋਇਨ ਬਰਾਮਦ
ਐਸਐਸਪੀ ਨੇ ਦੱਸਿਆ ਕਿ "ਖੰਨਾ ਸੀਆਈਏ ਸਟਾਫ ਦੀ ਟੀਮ ਨੇ ਲੁਧਿਆਣਾ–ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਮਰਾਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਵੇਨਿਊ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚ ਸਵਾਰ ਦੋ ਤਸਕਰਾਂ — ਜਸ਼ਨਪ੍ਰੀਤ ਸਿੰਘ ਵਾਸੀ ਭਾਈ ਰੂਪਾ (ਬਠਿੰਡਾ) ਅਤੇ ਅੰਗਰੇਜ਼ ਸਿੰਘ ਵਾਸੀ ਕੀੜੀ ਬੋਤਲ (ਤਰਨ ਤਾਰਨ) ਕੋਲੋਂ 4 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਤੋਂ ਬਾਅਦ ਗਿਰੋਹ ਦੇ ਹੋਰ ਤਿੰਨ ਮੈਂਬਰ — ਹਰਸ਼ਦੀਪ ਸਿੰਘ ਵਾਸੀ ਦੀਵਾਲਾ (ਸਮਰਾਲਾ), ਪ੍ਰਭਜੋਤ ਸਿੰਘ ਵਾਸੀ ਕਟਾਣੀ ਖੁਰਦ ਅਤੇ ਗੁਰਤੇਜ ਸਿੰਘ ਵਾਸੀ ਖਰੜ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।"
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਚੰਡੀਗੜ੍ਹ, ਮੋਹਾਲੀ, ਸਮਰਾਲਾ, ਖੰਨਾ, ਲੁਧਿਆਣਾ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਹੈਰੋਇਨ ਸਪਲਾਈ ਕਰ ਰਿਹਾ ਸੀ। ਇਹ ਨਸ਼ਾ ਖਾਸ ਤੌਰ ’ਤੇ ਪੱਬਾਂ, ਰੈਸਟੋਰੈਂਟਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਂਦਾ ਸੀ।
ਹਿਮਾਚਲ ਪ੍ਰਦੇਸ਼ ਦੇ 4 ਤਸਕਰਾਂ ਗ੍ਰਿਫ਼ਤਾਰ
ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਇਹ ਵੀ ਦੱਸਿਆ ਕਿ ਕੁਝ ਦਿਨ ਪਹਿਲਾਂ ਖੰਨਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ 4 ਤਸਕਰਾਂ ਨੂੰ 130 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੇ ਸਬੰਧ ਵੀ ਇਸੇ ਗਿਰੋਹ ਨਾਲ ਜੁੜੇ ਹੋਏ ਪਾਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਫਿਰੋਜ਼ਪੁਰ ਤੋਂ ਚੰਡੀਗੜ੍ਹ ਤੱਕ ਫੈਲੇ ਹੈਰੋਇਨ ਸਪਲਾਈ ਨੈੱਟਵਰਕ ਨੂੰ ਤੋੜ ਦਿੱਤਾ ਹੈ।
ਪੁਲਿਸ ਦੀ ਕਾਰਵਾਈ ਜਾਰੀ
ਅੰਤ ਵਿੱਚ ਐਸਐਸਪੀ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਕਾਰਵਾਈ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ। ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਸਮਾਜ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ।

