'ਟ੍ਰੈਕਟਰ ਚੋਰ ਸਾਡਾ ਸਮਾਨ ਮੋੜ' ਦੇ ਲਾਏ ਜਾਣਗੇ ਪੰਜਾਬ ਭਰ 'ਚ ਪੋਸਟਰ, ਕਿਸਾਨਾਂ ਦਾ ਸਰਕਾਰ ਖਿਲਾਫ ਨਵਾਂ ਮੋਰਚਾ
ਚੱਬਾ ਪਿੰਡ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਫਲੈਕਸੀਆਂ ਲਗਾ ਕੇ ਅੰਦੋਲਨ ਦਾ ਆਗਾਜ਼ ਕੀਤਾ।

Published : August 25, 2026 at 6:25 PM IST
ਅੰਮ੍ਰਿਤਸਰ: ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਚੱਬਾ ਪਿੰਡ ਤੋਂ ਸੰਘਰਸ਼ ਦਾ ਨਵਾਂ ਪੜਾਅ ਸ਼ੁਰੂ ਕੀਤਾ ਗਿਆ। ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਫਲੈਕਸੀਆਂ ਲਗਾਈਆਂ ਗਈਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੱਬਾ ਪਿੰਡ ਤੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਅੰਮ੍ਰਿਤਸਰ ਦੇ ਆਸ-ਪਾਸ ਦੇ ਲਗਭਗ 40 ਪਿੰਡਾਂ ਤੱਕ ਲਿਜਾਈ ਜਾਵੇਗੀ।
ਮੰਗਾਂ ਦਾ ਹੱਲ ਨਾ ਕਰਨ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ "ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਇੱਕ ਰੋਜ਼ਾ ਮੋਰਚਾ ਲਗਾਇਆ ਜਾਵੇਗਾ। ਇਸ ਤੋਂ ਬਾਅਦ 14 ਤੋਂ 18 ਸਤੰਬਰ ਤੱਕ ਪੰਜ ਦਿਨਾਂ ਲਈ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਵੱਡੇ ਪੱਧਰ ’ਤੇ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੇਕਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਰੇਲਵੇ ਟਰੈਕ ਜਾਮ ਕਰਨ ਵਰਗੇ ਕਦਮ ਵੀ ਚੁੱਕੇ ਜਾ ਸਕਦੇ ਹਨ। ਪੰਜਾਬ ਸਰਕਾਰ ਨੇ 23 ਫ਼ਸਲਾਂ ’ਤੇ ਐੱਮਐੱਸਪੀ ਦੇਣ ਦੀ ਗੱਲ ਕੀਤੀ ਸੀ।"
ਕਿਸਾਨਾਂ ਦੀਆਂ ਮੰਗਾਂ
ਜਥੇਬੰਦੀ ਦੀ ਮੰਗ ਹੈ ਕਿ ਬਾਸਮਤੀ, ਆਲੂ, ਮੱਕੀ, ਸਰ੍ਹੋਂ ਅਤੇ ਕਪਾਹ ਸਮੇਤ ਹੋਰ ਫ਼ਸਲਾਂ ਨੂੰ ਵੀ ਐੱਮਐੱਸਪੀ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ ਇਨ੍ਹਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨ ਦੀ ਮੰਗ ਕੀਤੀ ਗਈ।
ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਮੰਗ
ਉਨ੍ਹਾਂ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਕਿਹਾ ਕਿ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਕ ਹੋਣੀ ਚਾਹੀਦੀ ਹੈ। ਇਸ ਦੇ ਨਾਲ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਰੀਚਾਰਜਿੰਗ ਦੀ ਢੁੱਕਵੀਂ ਵਿਵਸਥਾ ਕੀਤੀ ਜਾਵੇ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਪਾਣੀ ਦੇ ਦੋਹਣ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਮੰਗ ਵੀ ਕੀਤੀ।
"ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਮਿਲੇ ਤਰਜੀਹ"
ਨਸ਼ਿਆਂ ਦੇ ਮੁੱਦੇ ’ਤੇ ਪੰਧੇਰ ਨੇ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਵੀ ਤਰਜੀਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਲੋਕਾਂ ਨੂੰ ਵੀ ਸਰਕਾਰੀ ਦਫ਼ਤਰਾਂ ਤੋਂ ਅੰਗਰੇਜ਼ੀ ਵਿੱਚ ਪੱਤਰ ਮਿਲਣਗੇ ਤਾਂ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
ਆਉਣ ਵਾਲੇ ਦਿਨਾਂ ਵਿੱਚ ਵੱਡਾ ਅੰਦੋਲਨ ਕਰਨ ਦੀ ਤਿਆਰੀ
ਇਸਦੇ ਨਾਲ ਹੀ ਕਿਸਾਨ ਆਗੂ ਸਰਵਣ ਪੰਧੇਰ ਨੇ ਪੰਜਾਬ ਦੇ ਰੁਜ਼ਗਾਰ ਵਿੱਚ ਪੰਜਾਬੀਆਂ ਲਈ 80 ਤੋਂ 85 ਫ਼ੀਸਦੀ ਰਾਖਵਾਂ ਹਿੱਸਾ ਦੇਣ ਦੀ ਮੰਗ ਵੀ ਰੱਖੀ। ਕਿਸਾਨ ਮਜ਼ਦੂਰ ਮੋਰਚਾ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜਿਆ ਜਾ ਰਿਹਾ ਹੈ ਅਤੇ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ਮੁੱਖ ਮੰਤਰੀ ਖੁਦ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਇਨ੍ਹਾਂ ਮਸਲਿਆਂ ਦਾ ਹੱਲ ਕੱਢਣ।
ਆਰ-ਪਾਰ ਦੀ ਲੜਾਈ ਦੀ ਚਿਤਾਵਨੀ
ਪੰਧੇਰ ਨੇ ਕਿਹਾ ਕਿ "ਜੇਕਰ ਸਰਕਾਰ ਨੇ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਆਰ-ਪਾਰ ਦੀ ਲੜਾਈ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।"
ਇਹ ਵੀ ਪੜ੍ਹੋ:
- "ਅਜੇ ਡੈਮੋ ਦਿੱਤਾ, ਹੁਣ ਤੇਰਾ ਮੁੰਡਾ ਮਾਰਨਾ...", ਸੇਵਾਮੁਕਤ ਵਿਅਕਤੀ ਨੂੰ ਬਦਮਾਸ਼ਾਂ ਵੱਲੋਂ ਧਮਕੀ, ਘਰ 'ਤੇ ਫਾਇਰਿੰਗ
- "ਬੰਦੀ ਸਿੰਘਾਂ ਨਾਲ ਦੋਹਰਾ ਮਾਪਦੰਡ ਬੰਦ ਕਰਕੇ ਭਾਈ ਹਵਾਰਾ ਨੂੰ ਦਿੱਤੀ ਜਾਵੇ ਪੈਰੋਲ", ਰਾਮ ਰਹੀਮ ਨੂੰ ਪੈਰੋਲ 'ਤੇ ਭੜਕੇ ਜਥੇਦਾਰ ਗੜਗੱਜ
- Explainer: ਕੀ ਗਠਜੋੜ ਦੀ ਲੋੜ ਸਿਰਫ਼ ਅਕਾਲੀ ਦਲ ਨੂੰ? ਭਾਜਪਾ ਦਾ ‘ਇਕੱਲ੍ਹੇ ਲੜਨ’ ਦਾ ਦਾਅਵਾ ਮਹਿਜ਼ ਪ੍ਰੈਸ਼ਰ ਟੈਕਟਿਕ !

