ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਨੋਟਿਸ ਜਾਰੀ


Published : June 1, 2026 at 12:00 PM IST
|Updated : June 1, 2026 at 1:34 PM IST
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸੀਬਤਾਂ ਵਧ ਗਈਆਂ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਣੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਮਰਥਕ ਮਜੀਠਾ ਥਾਣੇ ਪਹੁੰਚੇ ਸਨ। ਇਸ ਦੌਰਾਨ ਥਾਣੇ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਸਥਿਤੀ ਵਿਗੜ ਗਈ। ਇਲਜ਼ਾਮ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਹਿਰਾਸਤ ਵਿੱਚ ਮੌਜੂਦ ਇੱਕ ਵਿਅਕਤੀ ਨੂੰ ਜ਼ਬਰਦਸਤੀ ਛੁਡਵਾ ਲਿਆ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ।
LIVE FEED
ਬਿਕਰਮ ਸਿੰਘ ਮਜੀਠੀਆ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਝੂਠੇ ਕੇਸਾਂ ਤੋਂ ਡਰਦਾ ਹੈ: ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ, "ਭਗਵੰਤ ਮਾਨ ਕੁਝ ਵੀ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ, ਉਹ ਜਿੰਨੇ ਵੀ ਝੂਠੇ ਕੇਸ ਦਰਜ ਕਰ ਸਕਦਾ ਹੈ, ਪੰਜਾਬ ਦੀ ਜਨਤਾ ਜਾਣਦੀ ਹੈ ਕਿ ਨਾ ਤਾਂ ਬਿਕਰਮ ਸਿੰਘ ਮਜੀਠੀਆ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਝੂਠੇ ਕੇਸਾਂ ਤੋਂ ਡਰਦਾ ਹੈ..."
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਨੋਟਿਸ ਜਾਰੀ
ਪੰਜਾਬ ਪੁਲਿਸ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ, ਜਿਸ ਨਾਲ ਉਹ ਦੇਸ਼ ਛੱਡ ਕੇ ਨਹੀਂ ਜਾ ਸਕਦੇ। ਮਜੀਠਾ ਪੁਲਿਸ ਸਟੇਸ਼ਨ ਦੇ ਅਹਾਤੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਤੋਂ ਹੀ ਉਹ ਫਰਾਰ ਦੱਸਿਆ ਜਾ ਰਿਹਾ ਹੈ।
ਜੋਬਨਜੀਤ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚਿਆ
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡ. ਅਰਸ਼ਦੀਪ ਸਿੰਘ ਕਲੇਰ ਨੇ ਕਿਹਾ "ਜੋਬਨਜੀਤ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚਿਆ। ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਡੀ.ਜੀ.ਪੀ., ਐਸ.ਐਸ.ਪੀ. ਮਜੀਠਾ ਅਤੇ ਐਸ.ਐਚ.ਓ. ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਹੋਵੇਗੀ।"
'ਬਦਲਾਖੋਰੀ ਦੀ ਰਾਜਨੀਤੀ ਨੇ ਪੰਜਾਬ ਕੀਤਾ ਬਰਬਾਦ'
ਪੰਜਾਬ ਪੁਲਿਸ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ ਕੀਤੇ ਜਾਣ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ, "ਸਭ ਤੋਂ ਪਹਿਲਾਂ, ਤੁਸੀਂ ਕਹਿ ਰਹੇ ਹੋ ਕਿ ਬਿਕਰਮ ਸਿੰਘ ਮਜੀਠੀਆ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੈਂ ਪਹਿਲੇ ਦਿਨ ਤੋਂ ਹੀ ਕਹਿ ਰਿਹਾ ਹਾਂ ਕਿ ਇਹ ਬਦਲਾਖੋਰੀ ਦੀ ਰਾਜਨੀਤੀ ਹੈ ਅਤੇ ਮੈਂ ਇਸ ਦੇ ਬਹੁਤ ਵਿਰੁੱਧ ਹਾਂ। ਭਾਰਤੀ ਜਨਤਾ ਪਾਰਟੀ ਵੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ। ਪੰਜਾਬ ਵਿੱਚ ਇਸ ਕਾਰਨ ਹੀ ਸੂਬਾ ਪਛੜ ਗਿਆ ਹੈ। ਅਸੀਂ ਪੰਜਾਬ ਦੇ ਅਸਲ ਮੁੱਦੇ, ਵਿਕਾਸ ਮੁੱਦੇ, ਸਿਹਤ ਮੁੱਦੇ, ਸਕੂਲ ਮੁੱਦੇ, ਅਧਿਆਪਕਾਂ ਦੇ ਮੁੱਦੇ, ਕਿਸਾਨਾਂ ਦੇ ਮੁੱਦੇ ਅਤੇ ਨੌਜਵਾਨਾਂ ਦੇ ਮੁੱਦੇ ਭੁੱਲ ਗਏ ਹਾਂ। ਬਹੁਤ ਸਾਰੇ ਮੁੱਦੇ ਹਨ ਪਰ ਅਸੀਂ ਉਨ੍ਹਾਂ ਸਾਰਿਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ ਅਤੇ ਬਦਲਾਖੋਰੀ ਦੀ ਰਾਜਨੀਤੀ ਵਿੱਚ ਆ ਗਏ ਹਾਂ..."
'ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਕੀਤੀ ਤਾਇਨਾਤ'
ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ ਕੀਤੇ ਜਾਣ 'ਤੇ ਐਸਪੀ ਦਿਹਾਤੀ ਆਦਿੱਤਿਆ ਵਾਰੀਅਰ ਨੇ ਕਿਹਾ, 'ਅਸੀਂ ਉਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰਨ ਆਏ ਹਾਂ ਜਿਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇੱਥੇ ਪੁਲਿਸ ਤਾਇਨਾਤ ਕੀਤੀ ਗਈ ਹੈ।'
ਧੱਕੇਸ਼ਾਹੀ ਕਰਨ ਨਾਲ ਕੁੱਝ ਵੀ ਹਾਸਲ ਨਹੀਂ ਹੋਵੇਗਾ: ਹਰਸਿਮਰਤ ਕੌਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ,'ਪੰਜਾਬ ਪੁਲਿਸ ਜ਼ੋਰ ਜ਼ਬਰਦਸਤ ਦੀ ਅਤੀ ਕਰ ਰਹੀ ਹੈ। ਚੋਣਾਂ ਵਿੱਚ 'ਆਪ' ਦਾ ਵੋਟ ਸ਼ੇਅਰ ਘੱਟਦਾ ਜਾ ਰਿਹਾ ਹੈ। ਲੋਕ ਸਭਾ ਤੋਂ ਲੈਕੇ ਸਥਾਨਕ ਸਰਕਾਰਾਂ ਚੋਣਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਅੱਧੇ ਪੰਜਾਬ ਨੇ 'ਆਪ' ਖ਼ਿਲਾਫ਼ ਵੋਟ ਭੁਗਤਾਈ ਹੈ। ਧੱਕੇਸ਼ਾਹੀ ਕਰਨ ਨਾਲ ਪੰਜਾਬ ਸਰਕਾਰ ਨੂੰ ਕੁੱਝ ਵੀ ਹਾਸਲ ਨਹੀਂ ਹੋਵੇਗਾ।'
ਐੱਸਜਪੀਸੀ ਮੈਂਬਰ ਸਿਆਲਕਾ ਨੇ ਚੁੱਕੇ ਸਵਾਲ
ਐਸਜੀਪੀਸੀ ਮੈਂਬਰ ਅਤੇ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੁਲਿਸ ਕਾਰਵਾਈ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੇ ਮੁਤਾਬਕ ਪੁਲਿਸ ਨੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ, ਕਾਨੂੰਨੀ ਨੁਮਾਇੰਦਿਆਂ ਜਾਂ ਕਿਸੇ ਅਧਿਕਾਰਤ ਵਿਅਕਤੀ ਨੂੰ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸੇ ਤਰ੍ਹਾਂ ਦੀ ਤਲਾਸ਼ੀ ਜਾਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਸੀ ਅਤੇ ਸਬੰਧਤ ਧਿਰ ਨੂੰ ਇਸ ਬਾਰੇ ਜਾਣੂ ਕਰਵਾਇਆ ਜਾਣਾ ਲਾਜ਼ਮੀ ਸੀ। ਪੁਲਿਸ ਨੇ ਐਫਆਈਆਰ ਨੰਬਰ 91 ਦਰਜ ਹੋਣ ਦੀ ਗੱਲ ਤਾਂ ਕਹੀ ਹੈ ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਕਾਰਨ ਪੂਰੇ ਘਟਨਾਕ੍ਰਮ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਸਿਆਲਕਾ ਨੇ ਕਿਹਾ ਕਿ ਕਾਨੂੰਨ ਦੇ ਰਾਜ ਵਿੱਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ ਅਤੇ ਜਾਂਚ ਏਜੰਸੀਆਂ ਨੂੰ ਸਾਰੇ ਤੱਥ ਸਪੱਸ਼ਟ ਕਰਨੇ ਚਾਹੀਦੇ ਹਨ।
ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਮਾਮਲਾ
ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਸੁਹੈਲ ਮੀਰ ਨੇ ਕਿਹਾ ਕਿ 'ਐਤਵਾਰ ਨੂੰ ਪੁਲਿਸ ਨੇ ਇੱਕ ਮੁਲਜ਼ਮ ਜੋਬਨਪ੍ਰੀਤ ਸਿੰਘ, ਵਾਸੀ ਸੋਈਆਂ ਕਲਾਂ ਨੂੰ ਗ੍ਰਿਫਤਾਰ ਕੀਤਾ ਸੀ, ਇਸ ਦੌਰਾਨ ਪੁਲਿਸ ਵੱਲੋਂ ਜਦੋਂ ਪੁਛਗਿੱਛ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਮਰਥਕ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ। ਇਸ ਦੌਰਾਨ ਸਟੇਸ਼ਨ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਸਥਿਤੀ ਤੇਜ਼ੀ ਨਾਲ ਵਿਗੜ ਗਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਹਿਰਾਸਤ ਵਿੱਚੋਂ ਇੱਕ ਵਿਅਕਤੀ ਨੂੰ ਜ਼ਬਰਦਸਤੀ ਛੁਡਵਾ ਲਿਆ।
ਬਿਕਰਮ ਮਜੀਠੀਆ ਨੇ ਪੁਲਿਸ ਸਟੇਸ਼ਨ ਦੇ ਅੰਦਰ ਜਾ ਕੇ ਇੱਕ-ਇੱਕ ਕਮਰਾ ਚੈੱਕ ਕੀਤਾ ਅਤੇ ਜ਼ਬਰਦਸਤੀ ਮੁਲਜ਼ਮ ਨੂੰ ਨਾਲ ਲੈ ਗਏ। ਇਸ ਦੌਰਾਨ ਪੁਲਿਸ ਦੇ ਸਰਕਾਰੀ ਕਾਗਜ਼ ਪਾੜੇ ਗਏ ਅਤੇ ਹਥਿਆਰ ਵੀ ਦਿਖਾਏ ਗਏ। ਇਸ ਸਾਰੀ ਕਾਰਵਾਈ ਦੌਰਾਨ ਐਸਐਸਪੀ ਦਾ ਮੋਬਾਈਲ ਵੀ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਨੇ ਪੁਲਿਸ ਦੀ ਕਾਰਵਾਈ 'ਚ ਵਿਘਨ ਪਿਆ। ਜਿਸ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ। ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ।
ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿੱਚ ਦਰਜ ਐਫਆਈਆਰ ਦੇ ਅਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਕਸਦ ਲਈ, 12 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਹਰੇਕ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਨੇ ਦਾ ਦਾਅਵਾ ਹੈ ਕਿ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਵਿਅਕਤੀ ਹੋਵੇ, ਆਮ ਹੋਵੇ ਜਾਂ ਫਿਰ ਕਿਸੇ ਸਰਕਾਰੀ ਜਾਂ ਉੱਚ ਅਹੁਦੇ 'ਤੇ ਬੈਠਾ ਹੋਵੇ, ਕਿਸੇ ਨੂੰ ਵੀ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ।
ਸਭ ਸਿਆਸੀ ਬਦਲਾਖੋਰੀ:ਸੁਖਬੀਰ ਬਾਦਲ
ਪੰਜਾਬ ਪੁਲਿਸ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪੇਮਾਰੀ ਕੀਤੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, " ਇਹ ਸਭ ਸਿਆਸੀ ਬਦਲਾਖੋਰੀ ਹੈ। ਉਨ੍ਹਾਂ ਨੇ ਮਜੀਠੀਆ ਦੇ ਹਲਕੇ ਵਿੱਚ ਪੂਰੀ ਕੋਸ਼ਿਸ਼ ਕੀਤੀ, ਪਹਿਲਾਂ ਵੋਟਾਂ ਰੱਦ ਕਰਨ ਲਈ, ਫਿਰ ਬੂਥ ਕੈਪਚਰਿੰਗ ਲਈ ਪਰ ਫਿਰ ਵੀ ਮਜੀਠੀਆ ਸਾਬ੍ਹ ਜਿੱਤ ਗਏ। ਹੁਣ ਉਨ੍ਹਾਂ ਨੇ ਮਜੀਠੀਆ ਨੂੰ ਜੇਲ੍ਹ ਵਿੱਚ ਬੰਦ ਕਰਨ ਲਈ ਨਵਾਂ ਮੁੱਦਾ ਬਣਾ ਲਿਆ ਹੈ। ਇਹ ਸਭ ਪੰਜਾਬ ਸਰਕਾਰ ਵੱਲੋਂ ਇੱਕ ਯੋਜਨਾਬੱਧ ਕਾਰਵਾਈ ਹੈ।"
ਬਿਕਰਮ ਮਜੀਠੀਆ ਦੀ ਭਾਲ ਲਈ ਛਾਪੇਮਾਰੀ
ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਮੇਤ ਕਈ ਥਾਵਾਂ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਐਫਆਈਆਰ ਦੇ ਅਧਾਰ 'ਤੇ ਮੁਲਜ਼ਮਾਂ ਦੀ ਪਛਾਣ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿੱਚ ਦਰਜ ਐਫਆਈਆਰ ਦੇ ਅਧਾਰ ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ਉੱਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਉਦੇਸ਼ ਨਾਲ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵੱਖ ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

