ETV Bharat / state

ਸੰਘਣੀ ਧੁੰਦ ਤੇ ਸ਼ੀਤ ਲਹਿਰ ਦਾ ਅਲਰਟ, ਇਹ ਜ਼ਿਲ੍ਹਾ ਸਭ ਤੋਂ ਠੰਢਾ, ਜਾਣੋ ਮੌਸਮ ਦਾ ਹਾਲ

ਪੰਜਾਬ 'ਚ ਅਗਲੇ ਕੁਝ ਦਿਨ ਬਹੁਤ ਜਿਆਦਾ ਸੰਘਣੀ ਧੁੰਦ ਤੇ ਸ਼ੀਤ ਲਹਿਰ ਦਾ ਅਲਰਟ ਹੈ। ਉਥੇ ਹੀ ਫਰੀਦਕੋਟ ਸਭ ਤੋਂ ਠੰਢਾ ਰਿਹਾ ਹੈ।

Punjab Weather Update
ਪੰਜਾਬ ਮੌਸਮ ਅੱਪਡੇਟ (Etv Bharat)
author img

By ETV Bharat Punjabi Team

Published : January 4, 2026 at 8:48 AM IST

3 Min Read
Choose ETV Bharat

ਚੰਡੀਗੜ੍ਹ: ਪੰਜਾਬ ਵਿੱਚ ਤਾਪਮਾਨ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਸੂਬੇ 'ਚ ਠੰਢ ਵੱਧਦੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੇ ਅੰਦਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਪੈਣ ਵਾਲੀ ਹੈ। ਜਿਸ ਦੇ ਚੱਲਦਿਆਂ ਮੌਸਮ ਵਿਭਾਗ ਵੱਲੋਂ ਆਉਂਦੇ ਦਿਨਾਂ ਦੇ ਵਿੱਚ ਬਹੁਤ ਜਿਆਦਾ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਓਰੇਂਜ਼ ਅਲਰਟ ਜਾਰੀ ਕੀਤਾ ਹੈ। ਉਥੇ ਹੀ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ 'ਚ ਵੀ ਕੋਹਰਾ ਅਤੇ ਸ਼ੀਤ ਲਹਿਰ ਆਪਣਾ ਰੰਗ ਦਿਖਾਉਣਗੇ।

ਇਹ ਜ਼ਿਲ੍ਹਾ ਸਭ ਤੋਂ ਠੰਢਾ

ਮੌਸਮ ਵਿਭਾਗ ਨੇ 6 ਜਨਵਰੀ ਤੱਕ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਲਈ ਓਰੇਂਜ਼ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਜ ਭਾਵ ਐਤਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 10 ਜ਼ਿਲ੍ਹਿਆਂ ਲਈ ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉਥੇ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਆਮ ਨਾਲੋਂ 3.2 ਡਿਗਰੀ ਘੱਟ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੀ। ਅੰਮ੍ਰਿਤਸਰ ਵਿੱਚ ਜ਼ੀਰੋ ਮੀਟਰ ਅਤੇ ਫ਼ਰੀਦਕੋਟ ਵਿੱਚ 30 ਮੀਟਰ ਵਿਜ਼ੀਵਿਲਟੀ ਦਰਜ ਕੀਤੀ ਗਈ ਹੈ।

ਪਹਾੜਾਂ ਤੋਂ ਠੰਢੀਆਂ ਹਵਾਵਾਂ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਮੌਸਮ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਇੱਕ ਪੱਛਮੀ ਗੜਬੜ ਜੋ ਹਿਮਾਲੀਅਨ ਖੇਤਰ ਵਿੱਚ ਸੀ, ਹੁਣ ਅੱਗੇ ਵਧ ਗਈ ਹੈ, ਜਦੋਂ ਕਿ ਦੂਜੀ ਗੁਆਂਢੀ ਮੁਲਕ ਤੋਂ ਹਿਮਾਲੀਅਨ ਖੇਤਰ ਵਿੱਚ ਪਹੁੰਚ ਗਈ ਹੈ। ਇਹ ਪੱਛਮੀ ਗੜਬੜ ਉੱਚ ਹਿਮਾਲੀਅਨ ਵਿੱਚ ਸਥਿਤ ਹੈ, ਇਸ ਲਈ ਇਸਦਾ ਪੰਜਾਬ ਦੇ ਮੌਸਮ 'ਤੇ ਕੋਈ ਅਸਰ ਨਹੀਂ ਪਵੇਗਾ। ਇਸ ਤੋਂ ਇਲਾਵਾ ਪਹਾੜਾਂ ਤੋਂ ਠੰਢੀਆਂ ਹਵਾਵਾਂ ਵਗਣਾ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਪੰਜਾਬ ਵਿੱਚ ਤਾਪਮਾਨ ਹੋਰ ਘੱਟ ਜਾਵੇਗਾ ਅਤੇ ਸ਼ੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਇਸ ਨਾਲ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਹਾਲ ਹੀ ਵਿੱਚ ਹੋਈ ਬਾਰਿਸ਼ ਨੇ ਮੌਸਮ ਸਾਫ਼ ਕਰ ਦਿੱਤਾ ਹੈ।

ਪੂਰੇ ਪੰਜਾਬ 'ਚ ਓਰੇਂਜ਼ ਅਲਰਟ

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪੂਰੇ ਜ਼ਿਲ੍ਹੇ ਲਈ ਓਰੇਂਜ਼ ਅਲਰਟ ਜਾਰੀ ਹੈ। ਉਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਰਹੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਦੀ ਸਥਿਤੀ ਵੀ ਰਹੇਗੀ। ਉਥੇ ਹੀ ਮੌਸਮ ਖੁਸ਼ਕ ਬਣਿਆ ਰਹੇਗਾ।

ਖੁਸ਼ਕ ਰਹੇਗਾ ਪੰਜਾਬ ਦਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਤੋਂ 18 ਡਿਗਰੀ ਤੱਕ ਰਿਹਾ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 11 ਡਿਗਰੀ, ਉਸ ਤੋਂ ਬਾਅਦ ਚੰਡੀਗੜ੍ਹ ਵਿੱਚ 14.4 ਡਿਗਰੀ ਅਤੇ ਬਠਿੰਡਾ ਵਿੱਚ 18.8 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 5.5 ਡਿਗਰੀ ਅਤੇ 10 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਨੂੰ ਠੰਢ ਹੋਰ ਵਧੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਘੱਟ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਇਸ ਦੇ ਨਾਲ ਹੀ ਪੰਜਾਬ ਦੇ ਅੱਜ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ ਬਹੁਤ ਜਿਆਦਾ ਧੁੰਦ ਪੈਣ ਦੀ ਉਮੀਦ ਹੈ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ 'ਚ 12 ਤੋਂ 7 ਡਿਗਰੀ ਤੱਕ ਤਾਪਮਾਨ ਰਹਿਣ ਦੀ ਸੰਭਾਵਨਾ ਹੈ। ਜਲੰਧਰ 'ਚ 14 ਡਿਗਰੀ ਤੋਂ 8 ਡਿਗਰੀ ਤਾਪਮਾਨ ਰਹਿ ਸਕਦਾ ਹੈ। ਪਟਿਆਲਾ 'ਚ 15 ਤੋਂ 8 ਡਿਗਰੀ ਤਾਪਮਾਨ ਦਰਜ ਕੀਤਾ ਜਾ ਸਕਦਾ ਹੈ। ਲੁਧਿਆਣਾ 'ਚ 16 ਤੋਂ 9 ਡਿਗਰੀ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਅਤੇ ਮੋਹਾਲੀ 'ਚ ਤਾਪਮਾਨ 15 ਡਿਗਰੀ ਤੋਂ 6 ਡਿਗਰੀ ਤੱਕ ਰਹਿ ਸਕਦਾ ਹੈ।

ਦਿੱਲੀ-ਐਨਸੀਆਰ ਦਾ ਮੌਸਮ

ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਲਈ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ, ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਐਤਵਾਰ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੌਰਾਨ ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਮਾੜੀ' ਸ਼੍ਰੇਣੀ ਵਿੱਚ ਦਰਜ ਕੀਤੀ ਗਈ, 24 ਘੰਟਿਆਂ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) 267 ਸੀ। ਅਧਿਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 17.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਸੀ, ਜੋ ਕਿ ਸੀਜ਼ਨ ਦੇ ਔਸਤ ਤੋਂ 1.2 ਡਿਗਰੀ ਵੱਧ ਹੈ।