ETV Bharat / state

“ਜਨਰਲ ਡਾਇਰ ਦੀ ਰੂਹ ਮਾਨ ਸਾਹਿਬ ’ਚ ਆ ਗਈ”, ਮੁਲਾਜ਼ਮਾਂ ’ਤੇ ਤਸ਼ੱਦਦ ਨੂੰ ਲੈ ਕੇ ਪ੍ਰਤਾਪ ਬਾਜਵਾ ਦਾ CM ਮਾਨ ’ਤੇ ਵੱਡਾ ਹਮਲਾ !

ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਸਰਕਾਰ ਨੂੰ ED ਦੀਆਂ ਚਿੱਠੀਆਂ ਅਤੇ ਮੁਲਾਜ਼ਮਾਂ ਦੇ DA ਦੇ ਬਕਾਏ ’ਤੇ ਕੀਤੇ ਤਿੱਖੇ ਸਵਾਲ।

Partap Singh Bajwa Slams Punjab Government
ਪ੍ਰਤਾਪ ਸਿੰਘ ਬਾਜਵਾ, ਆਗੂ, ਵਿਰੋਧੀ ਧਿਰ (Partap Singh Bajwa)
author img

By ETV Bharat Punjabi Team

Published : September 2, 2026 at 10:32 PM IST

3 Min Read
Choose ETV Bharat

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਹੰਗਾਮੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਪੰਜਾਬ ਦੇ ਮੌਜੂਦਾ ਹਲਾਤ ਦੀ ਤੁਲਨਾ ਇਤਿਹਾਸਕ ਤਾਨਾਸ਼ਾਹੀ ਨਾਲ ਕਰਦਿਆਂ ਮੁੱਖ ਮੰਤਰੀ ਖ਼ਿਲਾਫ਼ ਸਖ਼ਤ ਟਿੱਪਣੀਆਂ ਕੀਤੀਆਂ।


ਮੁੱਖ ਮੰਤਰੀ ’ਤੇ ਤਾਨਾਸ਼ਾਹੀ ਦੇ ਇਲਜ਼ਾਮ

ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੇ ਅਧਿਆਪਕਾਂ, ਸਫ਼ਾਈ ਕਰਮਚਾਰੀਆਂ ਅਤੇ ਹੋਰ ਸੰਘਰਸ਼ੀ ਮੁਲਾਜ਼ਮਾਂ ’ਤੇ ਹੋ ਰਹੀ ਕਥਿਤ ਸਖ਼ਤੀ ਅਤੇ ਤਸ਼ੱਦਦ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜਿਸ ਤਰ੍ਹਾਂ ਹੱਕ ਮੰਗਦੇ ਮੁਲਾਜ਼ਮਾਂ ਦੀਆਂ ਅਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ, ਉਸ ਨੂੰ ਦੇਖ ਕੇ ਇੰਝ ਪ੍ਰਤੀਤ ਹੁੰਦਾ ਹੈ ਜਿਵੇਂ "ਜਨਰਲ ਡਾਇਰ ਦੀ ਰੂਹ ਮਾਨ ਸਾਹਿਬ ਵਿੱਚ ਆ ਗਈ ਹੋਵੇ"। ਬਾਜਵਾ ਨੇ ਚਿਤਾਵਨੀ ਦਿੱਤੀ ਕਿ ਲੋਕਤੰਤਰ ਵਿੱਚ ਜਨਤਾ ਅਤੇ ਮੁਲਾਜ਼ਮ ਇਸ ਧੱਕੇਸ਼ਾਹੀ ਦਾ ਜਵਾਬ ਵੋਟ ਦੀ ਚੋਟ ਨਾਲ ਦੇਣਗੇ।


ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਰੋੜਾਂ ਦਾ DA ਬਕਾਇਆ

ਬਾਜਵਾ ਨੇ ਮੁਲਾਜ਼ਮਾਂ ਦੇ ਆਰਥਿਕ ਹੱਕਾਂ ਦੀ ਗੱਲ ਕਰਦਿਆਂ ਦੱਸਿਆ ਕਿ ਸੂਬੇ ਦੇ ਕਰੀਬ 7.5 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਰੋੜਾਂ ਰੁਪਏ ਦਾ ਮਹਿੰਗਾਈ ਭੱਤਾ (DA) ਅਤੇ ਹੋਰ ਬਕਾਏ ਲੰਬੇ ਸਮੇਂ ਤੋਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ, ਪਰ ਸਰਕਾਰ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਟਾਲ-ਮਟੋਲ ਕਰ ਰਹੀ ਹੈ।


ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਨਿੰਦਾ

ਵਿਰੋਧੀ ਧਿਰ ਦੇ ਆਗੂ ਨੇ ਖੁਲਾਸਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਡੀਏ ਦਾ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪਰ ਮਾਨ ਸਰਕਾਰ ਮੁਲਾਜ਼ਮਾਂ ਨੂੰ ਰਾਹਤ ਦੇਣ ਦੀ ਬਜਾਏ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ। ਉਨ੍ਹਾਂ ਇਸ ਕਦਮ ਨੂੰ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਅਤੇ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਕਰਾਰ ਦਿੱਤਾ।


'ਇਸ਼ਤਿਹਾਰਾਂ ਲਈ ਪੈਸਾ, ਪਰ ਮੁਲਾਜ਼ਮਾਂ ਲਈ ਖ਼ਜ਼ਾਨਾ ਖਾਲੀ'

ਬਾਜਵਾ ਨੇ ਸਰਕਾਰ ਦੀਆਂ ਵਿੱਤੀ ਨੀਤੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ "ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਆਪਣੀ ਵਾਹ-ਵਾਹੀ ਅਤੇ ਵੱਡੇ-ਵੱਡੇ ਇਸ਼ਤਿਹਾਰਾਂ ’ਤੇ ਫੋਕੇ ਖਰਚੇ ਕਰਨ ਲਈ ਕਰੋੜਾਂ ਰੁਪਏ ਮੌਜੂਦ ਹਨ। ਪਰ ਜਦੋਂ ਦਿਨ-ਰਾਤ ਸੂਬੇ ਦੀ ਸੇਵਾ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਜਾਇਜ਼ ਹੱਕ ਦੇਣ ਦੀ ਵਾਰੀ ਆਉਂਦੀ ਹੈ, ਤਾਂ ਸਰਕਾਰ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਣ ਲੱਗ ਪੈਂਦੀ ਹੈ।"


ED ਦੀਆਂ ਚਿੱਠੀਆਂ ਅਤੇ ਰਿਸ਼ਵਤਖੋਰੀ ਦੇ ਗੰਭੀਰ ਖੁਲਾਸੇ

ਪ੍ਰੈਸ ਕਾਨਫਰੰਸ ਦੌਰਾਨ ਬਾਜਵਾ ਨੇ ਦੂਜਾ ਵੱਡਾ ਹਮਲਾ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਪੁਲਿਸ ਨੂੰ ਕਈ ਅਹਿਮ ਪੱਤਰ ਲਿਖ ਕੇ ਸੂਬੇ ਵਿੱਚ ਚੱਲ ਰਹੇ ਵੱਡੇ ਰਿਸ਼ਵਤ ਦੇ ਰੈਕਟ ਬਾਰੇ ਸੂਚਿਤ ਕੀਤਾ ਗਿਆ ਸੀ। ਬਾਜਵਾ ਨੇ ਸਵਾਲ ਚੁੱਕਿਆ ਕਿ ਇੰਨੇ ਗੰਭੀਰ ਇਨਪੁਟਸ ਮਿਲਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਹੁਣ ਤੱਕ ਕੋਈ ਠੋਸ ਕਾਰਵਾਈ ਕਿਉਂ ਨਹੀਂ ਕੀਤੀ?


ਤਾਰ ਮੁੱਖ ਮੰਤਰੀ ਦਫ਼ਤਰ ਨਾਲ ਜੁੜਨ ਦਾ ਖਦਸ਼ਾ
ਹਾਲ ਹੀ ਦੇ ਦਿਨਾਂ ਵਿੱਚ ਹੋਈਆਂ ED ਦੀਆਂ ਛਾਪੇਮਾਰੀਆਂ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਖਦਸ਼ਾ ਪ੍ਰਗਟਾਇਆ ਕਿ ਇਸ ਰਿਸ਼ਵਤਖੋਰੀ ਦੇ ਤਾਰ ਸਿੱਧੇ ਤੌਰ ’ਤੇ ਮੁੱਖ ਮੰਤਰੀ ਦਫ਼ਤਰ ਦੇ ਉੱਚ ਅਧਿਕਾਰੀਆਂ ਜਾਂ ਨਜ਼ਦੀਕੀਆਂ ਨਾਲ ਜੁੜਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮਾਮਲੇ ’ਤੇ ਤੁਰੰਤ ਪੰਜਾਬ ਦੀ ਜਨਤਾ ਦੇ ਸਾਹਮਣੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।