ਅੰਮ੍ਰਿਤਸਰ 'ਚ ਹੋਈ ਬੇਅਦਬੀ ? ਪੁੱਤ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ ? ਮੁਲਜ਼ਮ ਗ੍ਰਿਫਤਾਰ
ਅੰਮ੍ਰਿਤਸਰ 'ਚ ਸ੍ਰੀ ਸੁਖਮਨੀ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ 'ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।


Published : July 1, 2026 at 10:50 PM IST
ਅੰਮ੍ਰਿਤਸਰ: ਸ਼ਹਿਰ ਦੇ ਵੇਰਕਾ ਥਾਣਾ ਖੇਤਰ ਅਧੀਨ ਸ੍ਰੀ ਸੁਖਮਨੀ ਸਾਹਿਬ ਦੀ ਬੇਅਦਬੀ ਦਾ ਇੱਕ ਬੇਹੱਦ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਸਿੱਖ ਸੰਗਤ ਅਤੇ ਇਲਾਕਾ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਹਰਦੀਪ ਸਿੰਘ ਉਰਫ਼ ਸੋਨੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁੱਤ 'ਤੇ ਬੇਅਦਬੀ ਕਰਨ ਦੇ ਇਲਜ਼ਾਮ
ਇਸ ਮੌਕੇ ਪੁਲੀਸ ਅਧਿਕਾਰੀ ਏਸੀਪੀ ਰਵਿੰਦਰ ਪਾਲ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਮਰਜੀਤ ਕੌਰ ਨੇ ਦੱਸਿਆ ਕਿ "ਉਹ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ। 29 ਜੂਨ ਦੀ ਸ਼ਾਮ ਕਰੀਬ 4 ਵਜੇ ਉਹ ਆਪਣੇ ਘਰ ਦੇ ਬਾਹਰ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਰਹੀ ਸੀ। ਇਸ ਦੌਰਾਨ ਹਰਦੀਪ ਸਿੰਘ ਉੱਥੇ ਆ ਗਿਆ ਅਤੇ ਮਾਂ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ। ਜਦੋਂ ਅਮਰਜੀਤ ਕੌਰ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਗੁੱਸੇ ਵਿੱਚ ਆ ਗਿਆ। ਮੁਲਜ਼ਮ ਨੇ ਮਾਂ ਦੇ ਹੱਥੋਂ ਸ੍ਰੀ ਸੁਖਮਨੀ ਸਾਹਿਬ ਦਾ ਗੁਟਕਾ ਸਾਹਿਬ ਖੋਹ ਲਿਆ ਅਤੇ ਉਸ ਦੇ ਅੰਗ ਪਾੜ ਕੇ ਬੇਅਦਬੀ ਕੀਤੀ। ਇਸ ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ।"
ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫਤਾਰ
ਘਟਨਾ ਤੋਂ ਬਾਅਦ ਅਮਰਜੀਤ ਕੌਰ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਅਤੇ ਫਿਰ ਵੇਰਕਾ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕੇਸ ਦਰਜ ਕੀਤਾ ਅਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
"ਪਰਿਵਾਰ ਦੀ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ ਸੀ। ਪਰਿਵਾਰ ਵੱਲੋਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਬੇਟੇ ਵੱਲੋਂ ਪੈਸਿਆਂ ਦੀ ਮੰਗ ਨੂੰ ਲੈਕੇ ਸੁਖਮਨੀ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਉਸਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।"- ਏਸੀਪੀ ਰਵਿੰਦਰ ਪਾਲ ਸਿੰਘ
ਗ੍ਰਿਫਤਾਰ ਮੁਲਜ਼ਮ ਨੂੰ ਲੈਕੇ ਜਾਂਚ ਸ਼ੁਰੂ
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਓਧਰ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

