ETV Bharat / state

ਗਲੋਕ ਪਿਸਟਲਾਂ ਅਤੇ ਮੈਗਜ਼ੀਨਾਂ ਸਮੇਤ ਇੱਕ ਕਿੱਲੋ ਹੈਰੋਇਨ ਬਰਾਮਦ, ਮੁਲਜ਼ਮ ਕਾਬੂ

ਪੰਜਾਬ ਵਿੱਚ ਨਸ਼ੇ ਅਤੇ ਗੈਂਗਸਟਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ।

AMRITSAR POLICE RAID
ਗਲੋਕ ਪਿਸਟਲਾਂ ਅਤੇ ਮੈਗਜ਼ੀਨਾਂ ਸਮੇਤ ਇੱਕ ਕਿੱਲੋ ਹੈਰੋਇਨ ਬਰਾਮਦ (ETV BHARAT)
author img

By ETV Bharat Punjabi Team

Published : July 4, 2026 at 7:05 AM IST

4 Min Read
Choose ETV Bharat

ਚੰਡੀਗੜ੍ਹ/ਅੰਮ੍ਰਿਤਸਰ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਉੱਤੇ ਵਾਰ’ ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਲੰਘੇ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 534 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

'ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ'

ਬੀਤੇ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 43,127 ਹੋ ਗਈਆਂ। ਇਸ ਤੋਂ ਇਲਾਵਾ 206 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਨਸ਼ਾ ਤਸਕਰ ਕਾਬੂ

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 489ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 187 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 712 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 489 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,538 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

'ਜੰਡਿਆਲਾ ਗੁਰੂ ਵਿੱਚ ਕਾਰਵਾਈ'

ਪੰਜਾਬ ਸਰਕਾਰ ਦੀ ਇਸੇ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਗੁਰੂ ਵਿੱਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਵੱਡਾ ਆਪ੍ਰੇਸ਼ਨ ਚਲਾਉਂਦਿਆਂ ਕਰੀਬ 250 ਪੁਲਿਸ ਮੁਲਾਜ਼ਮਾਂ ਦੀ ਟੀਮ ਨਾਲ਼ ਪੂਰੇ ਸ਼ਹਿਰ ਨੂੰ ਘੇਰ ਕੇ ਇਕੱਠੇ 30 ਤੋਂ 35 ਸ਼ੱਕੀ ਘਰਾਂ 'ਤੇ ਛਾਪੇਮਾਰੀ ਕੀਤੀ । ਪੁਲਿਸ ਵੱਲੋਂ ਤਲਾਸ਼ੀ ਦੌਰਾਨ ਕਰੀਬ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

'35 ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ'

ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਜੰਡਿਆਲਾ ਗੁਰੂ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣਾ ਹੈ। ਪੁਲਿਸ ਨੇ ਤੜਕੇ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਘੇਰ ਲਿਆ ਅਤੇ ਇੱਕੋ ਸਮੇਂ ਕਈ ਟੀਮਾਂ ਨੇ 30 ਤੋਂ 35 ਸ਼ੱਕੀ ਘਰਾਂ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਅਤੇ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਕਰੀਬ 35 ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲੈ ਲਿਆ। ਇਸ ਤੋਂ ਇਲਾਵਾ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।


'ਜੰਡਿਆਲਾ ਗੁਰੂ ਕ੍ਰਾਈਮ ਹੌਟਸਪਾਟ'


ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ, 'ਜੰਡਿਆਲਾ ਗੁਰੂ ਨੂੰ ਕ੍ਰਾਈਮ ਦਾ ਹੌਟਸਪਾਟ ਮੰਨਿਆ ਜਾਂਦਾ ਰਿਹਾ ਹੈ, ਜਿਸ ਨੂੰ ਹੁਣ ਨਸ਼ਾ ਅਤੇ ਜੁਰਮ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਕਿਸੇ ਵੀ ਨਸ਼ਾ ਤਸਕਰ ਜਾਂ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਵੱਡੀ ਕਾਰਵਾਈ ਨਾਲ਼ ਇਲਾਕੇ ਵਿੱਚ ਹੜਕੰਪ ਦਾ ਮਾਹੌਲ ਬਣਿਆ ਰਿਹਾ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।'

'4 ਗਲੋਕ ਪਿਸਤੌਲ ਅਤੇ 9 ਮੈਗਜ਼ੀਨਾਂ ਬਰਾਮਦ'

ਇੱਕ ਹੋਰ ਕਾਰਵਾਈ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਾਜਾਇਜ਼ ਅਸਲੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਥਾਣਾ ਰਾਜਾ ਸਾਂਸੀ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਜੰਜੋਟੀ ਵਿਖੇ ਕੀਤੀ ਗਈ ਕਾਰਵਾਈ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਗਲੋਕ ਪਿਸਤੌਲ ਅਤੇ 9 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਪੁਲਿਸ ਇਸ ਬਰਾਮਦਗੀ ਨੂੰ ਸਰਹੱਦੀ ਖੇਤਰ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਇੱਕ ਵੱਡੀ ਕਾਮਯਾਬੀ ਮੰਨ ਰਹੀ ਹੈ।


'ਨਾਕਾਬੰਦੀ ਦੌਰਾਨ ਕਾਬੂ'

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ, 'ਪੁਲਿਸ ਨੂੰ ਭਰੋਸੇਯੋਗ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਨਾਜਾਇਜ਼ ਅਸਲਾ ਲੈ ਕੇ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਸ਼ੱਕੀ ਨੌਜਵਾਨਾਂ ਨੂੰ ਰੋਕਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਗਲੋਕ ਪਿਸਤੌਲ ਅਤੇ 9 ਮੈਗਜ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਦੋਵਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਤਾਂ ਜੋ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।'


ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਤੋਂ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਨਾਜਾਇਜ਼ ਅਸਲਾ ਕਿੱਥੋਂ ਲਿਆਂਦਾ ਗਿਆ, ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ ਅਤੇ ਇਸ ਪਿੱਛੇ ਕਿਹੜਾ ਗਿਰੋਹ ਜਾਂ ਨੈੱਟਵਰਕ ਸਰਗਰਮ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਕੀਤੀ ਜਾ ਸਕੇ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।