ਟੀਚਰਾਂ ਤੋਂ ਤੰਗ ਹੋਕੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ
ਅੰਮ੍ਰਿਤਸਰ ਵਿਖੇ ਨਿੱਜੀ ਸਕੂਲ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਪੁਲਿਸ ਨੇ ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਕੀਤਾ ਦਰਜ।

Published : May 31, 2026 at 9:20 PM IST
ਅੰਮ੍ਰਿਤਸਰ: 17 ਸਾਲਾ ਵਿਦਿਆਰਥਣ ਦੀ ਮੌਤ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਮ੍ਰਿਤਕਾ ਜੋ ਨਿੱਜੀ ਸਕੂਲ ਵਿੱਚ ਪੜ੍ਹਾਈ ਕਰ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਫੀਸ ਜਮ੍ਹਾਂ ਨਾ ਹੋਣ ਕਾਰਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਦੀ ਧੀ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਈ ਅਤੇ ਉਸ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਾਣਕਾਰੀ ਮੁਤਾਬਿਕ ਵਿਦਿਆਰਥਣ ਦੀ ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਕੂਲ ਪ੍ਰਬੰਧਨ ’ਤੇ ਗੰਭੀਰ ਇਲਜ਼ਾਮ
ਮ੍ਰਿਤਕਾ ਦੇ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਕੂਲ ਪ੍ਰਬੰਧਨ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਵਿਦਿਆਰਥਣ ਦੀ ਮਾਂ ਨੇ ਦੱਸਿਆ ਕਿ "ਸਾਡੀ ਧੀ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਹਰ ਕਲਾਸ ਵਿੱਚ ਵਧੀਆ ਅੰਕ ਪ੍ਰਾਪਤ ਕਰਦੀ ਸੀ। ਸਾਡੀ ਧੀ ਨੇ ਕਈ ਵਾਰ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਦਬਾਅ ਬਾਰੇ ਪਰਿਵਾਰ ਨੂੰ ਜਾਣੂ ਕਰਵਾਇਆ ਸੀ।"
'ਪ੍ਰਿੰਸੀਪਲ, ਸਕੂਲ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥਣ ’ਤੇ ਵਾਧੂ ਦਬਾਅ'
ਪਰਿਵਾਰ ਦੇ ਮੁਤਾਬਿਕ ਸਕੂਲ ਦੀ ਪ੍ਰਿੰਸੀਪਲ,ਅਧਿਆਪਕ ਅਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥਣ ’ਤੇ ਵਾਧੂ ਦਬਾਅ ਬਣਾਇਆ ਜਾਂਦਾ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਧੀ ਨੂੰ ਕਈ ਵਾਰ ਹੋਰ ਵਿਦਿਆਰਥੀਆਂ ਦੇ ਸਾਹਮਣੇ ਅਪਮਾਨਿਤ ਕੀਤਾ ਜਾਂਦਾ ਸੀ ਅਤੇ ਫੀਸ ਸਬੰਧੀ ਮਾਮਲਿਆਂ ਨੂੰ ਲੈ ਕੇ ਉਸ ’ਤੇ ਲਗਾਤਾਰ ਦਬਾਅ ਬਣਾਇਆ ਜਾਂਦਾ ਸੀ।
ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ
ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਵਿਦਿਆਰਥਣ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਜ਼ਿੰਮੇਵਾਰੀਆਂ ਵੀ ਨਿਭਾਉਣ ਲਈ ਕਿਹਾ ਜਾਂਦਾ ਸੀ, ਜਿਸ ਕਾਰਨ ਉਹ ਲਗਾਤਾਰ ਤਣਾਅ ਵਿੱਚ ਰਹਿੰਦੀ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਵਿਦਿਆਰਥੀ ਨੂੰ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਨਾ ਕਰਨਾ ਪਵੇ।
'ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ'
ਵਿਜੇ ਨਗਰ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ "ਪੁਲਿਸ ਨੂੰ ਇੱਕ 17 ਸਾਲਾ ਵਿਦਿਆਰਥਣ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਸਕੂਲ ਸਟਾਫ਼ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।"
ਮਾਮਲੇ ਦੀ ਨਿਰਪੱਖ ਜਾਂਚ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗੀ। ਫਿਲਹਾਲ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

