ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ, ਲੁੱਕ ਆਊਟ ਨੋਟਿਸ 'ਤੇ ਮੰਗਿਆ ਜਵਾਬ
ਮਜੀਠੀਆ ਖ਼ਿਲਾਫ਼ ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਦਰਜ ਐਫਆਈਆਰ ਮਾਮਲੇ ਦੀ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਹੋਵੇਗੀ।

Published : June 2, 2026 at 1:41 PM IST
ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਦਰਜ ਐਫਆਈਆਰ ਮਾਮਲੇ ਦੀ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖਲ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਹੋਵੇਗੀ।
ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ "ਜੋਬਨਜੀਤ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਅਦਾਲਤ ਤੋਂ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ ਗਿਆ, ਪਰ ਮਾਣਯੋਗ ਅਦਾਲਤ ਨੇ ਸਿਰਫ਼ ਇੱਕ ਦਿਨ ਦੀ ਹੀ ਮੌਹਲਤ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਲਈ ਨਿਰਧਾਰਤ ਕੀਤੀ ਗਈ ਹੈ। ਦੂਜੇ ਪਾਸੇ, ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕਰਨ ਦਾ ਡਰਾਮਾ ਕੀਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਦਾ ਪਾਸਪੋਰਟ ਪਹਿਲਾਂ ਹੀ ਅਦਾਲਤ ਵਿੱਚ ਜਮ੍ਹਾਂ ਹੈ। ਇਹ ਸ਼ਰਤ ਵੀ ਸਰਕਾਰ ਨੇ ਖੁਦ ਸੁਪਰੀਮ ਕੋਰਟ ਤੋਂ ਲਗਵਾਈ ਹੋਈ ਹੈ। ਆਮ ਆਦਮੀ ਪਾਰਟੀ ਨੂੰ ਨਿਸ਼ਚਿੰਤ ਰਹਿਣਾ ਚਾਹੀਦਾ ਹੈ। ਮਜੀਠੀਆ ਨਾ ਪਹਿਲਾਂ ਝੂਠੇ ਮੁਕੱਦਮਿਆਂ ਤੋਂ ਡਰ ਕੇ ਭੱਜੇ ਸਨ ਅਤੇ ਨਾ ਹੀ ਹੁਣ ਭੱਜਣਗੇ। ਉਹ ਆਪਣੇ ਲੋਕਾਂ ਦੇ ਨਾਲ ਡੱਟ ਕੇ ਖੜ੍ਹੇ ਹਨ। ਅਸੀਂ ਆਪਣੇ ਵਕੀਲਾਂ ਦੀ ਸਲਾਹ ਅਨੁਸਾਰ ਕਾਨੂੰਨੀ ਲੜਾਈ ਲੜ ਰਹੇ ਹਾਂ ਅਤੇ ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ।"
ਮਜੀਠੀਆ 'ਤੇ ਕੀ ਹਨ ਇਲਜ਼ਾਮ?
ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ "ਬਿਕਰਮ ਸਿੰਘ ਮਜੀਠੀਆ ਉੱਤੇ ਇਲਜ਼ਾਮ ਹੈ ਕਿ ਉਹ ਮਜੀਠਾ ਥਾਣੇ ਵਿੱਚ ਦਾਖਲ ਹੋਏ ਅਤੇ ਇੱਕ ਮੁਲਜ਼ਮ ਨੂੰ ਜ਼ਬਰਦਸਤੀ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰਨ ਦੇ ਵੀ ਇਲਜ਼ਾਮ ਲਗਾਏ ਗਏ ਹਨ। ਇਨ੍ਹਾਂ ਇਲਜ਼ਾਮਾਂ ਦੇ ਅਧਾਰ ‘ਤੇ ਪੁਲਿਸ ਵੱਲੋਂ ਮਜੀਠਾ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।"
ਪੁਲਿਸ ਦੀ ਕਾਰਵਾਈ ਤੇਜ਼, ਕਈ ਥਾਵਾਂ 'ਤੇ ਛਾਪੇਮਾਰੀ
ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਈ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਾਂਚ ਏਜੰਸੀਆਂ ਨੇ ਉਨ੍ਹਾਂ ਖ਼ਿਲਾਫ਼ ਲੁੱਕਆਉਟ ਸਰਕੂਲਰ (LOC) ਵੀ ਜਾਰੀ ਕੀਤਾ ਹੈ ਤਾਂ ਜੋ ਉਹ ਜਾਂਚ ਦੌਰਾਨ ਦੇਸ਼ ਛੱਡ ਕੇ ਵਿਦੇਸ਼ ਨਾ ਜਾ ਸਕਣ।
ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਹਟਾਇਆ ਗਿਆ
ਦੂਜੇ ਪਾਸੇ, ਇਸ ਮਾਮਲੇ ਨੇ ਉਸ ਵੇਲੇ ਹੋਰ ਵੀ ਸਿਆਸੀ ਅਤੇ ਪ੍ਰਸ਼ਾਸਨਿਕ ਚਰਚਾ ਛੇੜ ਦਿੱਤੀ ਜਦੋਂ ਸੁਹੇਲ ਕਾਸਿਮ ਮੀਰ ਨੂੰ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਹਾਲਾਂਕਿ ਸਰਕਾਰ ਵੱਲੋਂ ਇਸ ਤਬਦੀਲੀ ਦੇ ਕਾਰਨਾਂ ਬਾਰੇ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਇਹ ਫੈਸਲਾ ਮਜੀਠੀਆ ਮਾਮਲੇ ਦੇ ਦਰਮਿਆਨ ਹੋਣ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਕੱਲ੍ਹ ਦੀ ਸੁਣਵਾਈ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਇਸ ਮਾਮਲੇ ‘ਤੇ ਸਿਆਸੀ ਹਲਕਿਆਂ ਦੀ ਵੀ ਨਜ਼ਰ ਟਿਕੀ ਹੋਈ ਹੈ, ਕਿਉਂਕਿ ਬਿਕਰਮ ਮਜੀਠੀਆ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਚਿਹਰਾ ਹਨ। ਹੁਣ ਸਭ ਦੀਆਂ ਨਜ਼ਰਾਂ ਹਾਈਕੋਰਟ ਵਿੱਚ ਕੱਲ੍ਹ ਹੋਣ ਵਾਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਪੰਜਾਬ ਸਰਕਾਰ ਆਪਣਾ ਪੱਖ ਰੱਖੇਗੀ ਅਤੇ ਅਦਾਲਤ ਵੱਲੋਂ ਅਗਲੇ ਕਦਮਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

