H1N1 ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਹੁਣ ਤੱਕ 8 ਕੇਸ, ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ
H1N1 ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

Published : August 26, 2026 at 7:38 PM IST
ਪਟਿਆਲਾ: ਪਟਿਆਲਾ ਵਿੱਚ H1N1 ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਐਪੀਡੇਮਿਓਲੋਜਿਸਟ, ਸਿਵਲ ਸਰਜਨ ਦਫ਼ਤਰ, ਪਟਿਆਲਾ ਨੇ ਦੱਸਿਆ ਕਿ H1N1 ਇੱਕ ਇਨਫਲੂਐਂਜ਼ਾ ਵਾਇਰਸ ਹੈ, ਜੋ ਖੰਘਣ ਅਤੇ ਛਿੱਕਣ ਦੌਰਾਨ ਨਿਕਲਣ ਵਾਲੀਆਂ ਬੂੰਦਾਂ ਰਾਹੀਂ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦਾ ਹੈ।
"ਜਿੰਨ੍ਹਾਂ ਨੂੰ ਇਹ ਲੱਛਣ ਹਨ ਤਾਂ ਦੂਜੀਆਂ ਤੋਂ ਬਣਾਓ ਦੂਰੀ"
ਇਸੇ ਸਬੰਧੀ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ "ਜਿਨ੍ਹਾਂ ਲੋਕਾਂ ਨੂੰ ਬੁਖਾਰ, ਖੰਘ, ਗਲੇ ਵਿੱਚ ਖਰਾਸ਼ ਜਾਂ ਫਲੂ ਵਰਗੇ ਲੱਛਣ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਦੂਜਿਆਂ ਤੋਂ ਅਲੱਗ ਰੱਖਣਾ ਚਾਹੀਦਾ ਹੈ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਜੇਕਰ ਕਿਸੇ ਵਿਅਕਤੀ ਵਿੱਚ ਲੱਛਣ ਨਹੀਂ ਹਨ, ਪਰ ਉਹ ਭੀੜ-ਭੜੱਕੇ ਵਾਲੀ ਥਾਂ ’ਤੇ ਜਾ ਰਿਹਾ ਹੈ ਤਾਂ ਮਾਸਕ ਪਹਿਨਣਾ, ਹੱਥਾਂ ਦੀ ਸਫ਼ਾਈ ਦਾ ਧਿਆਨ ਰੱਖਣਾ ਅਤੇ ਸਮਾਜਿਕ ਦੂਰੀ ਬਣਾਈ ਰੱਖਣੀ ਚਾਹੀਦੀ ਹੈ।"
ਪਟਿਆਲਾ ਵਿੱਚ ਕਰੀਬ 8 ਮਾਮਲੇ
ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਟਿਆਲਾ ਵਿੱਚ ਹੁਣ ਤੱਕ ਕਰੀਬ 8 H1N1 ਮਾਮਲੇ ਸਾਹਮਣੇ ਆਏ ਹਨ ਅਤੇ ਸਾਰੇ ਮਾਮਲੇ ਹਲਕੇ ਹਨ। ਫਿਲਹਾਲ ਕੋਈ ਗੰਭੀਰ ਮਾਮਲਾ ਸਾਹਮਣੇ ਨਹੀਂ ਆਇਆ।
ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਾਵਧਾਨੀ
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਖਾਸ ਕਰਕੇ ਕਿਡਨੀ, ਲੀਵਰ ਜਾਂ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਬਿਨਾਂ ਲੋੜ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣਾ ਚਾਹੀਦਾ ਹੈ ਅਤੇ ਲੋੜ ਪੈਣ ’ਤੇ ਮਾਸਕ ਪਹਿਨਣਾ ਚਾਹੀਦਾ ਹੈ।
ਲੱਛਣ ਹੋਣ ’ਤੇ 7 ਤੋਂ 10 ਦਿਨ ਆਰਾਮ ਦੀ ਸਲਾਹ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਗਲੇ ਵਿੱਚ ਖਰਾਸ਼, ਬੁਖਾਰ, ਖੰਘ ਜਾਂ ਫਲੂ ਵਰਗੇ ਲੱਛਣ ਹਨ ਤਾਂ ਉਸ ਨੂੰ ਆਪਣੇ ਆਪ ਨੂੰ ਦੂਜਿਆਂ ਤੋਂ ਅਲੱਗ ਰੱਖਣਾ ਚਾਹੀਦਾ ਹੈ, ਤਾਂ ਜੋ ਇਨਫੈਕਸ਼ਨ ਹੋਰ ਲੋਕਾਂ ਤੱਕ ਨਾ ਫੈਲੇ। ਅਜਿਹੇ ਲੋਕਾਂ ਨੂੰ ਲੋੜ ਮੁਤਾਬਕ ਕਰੀਬ 7 ਤੋਂ 10 ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਸਿਹਤ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ
ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ H1N1 ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਹਸਪਤਾਲਾਂ ਵਿੱਚ ਆਈਸੋਲੇਸ਼ਨ ਬੈੱਡ ਤਿਆਰ ਹਨ ਅਤੇ ਮਾਸਕ, ਦਸਤਾਨੇ ਸਮੇਤ ਲੋੜੀਂਦੀ ਸੁਰੱਖਿਆ ਸਮੱਗਰੀ ਉਪਲਬਧ ਹੈ। H1N1 ਦੇ ਇਲਾਜ ਵਿੱਚ ਵਰਤੀ ਜਾਣ ਵਾਲੀ ਦਵਾਈ ਵੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਹੈ। ਜੇਕਰ ਕਿਸੇ ਵਿਅਕਤੀ ਵਿੱਚ ਫਲੂ ਜਾਂ H1N1 ਵਰਗੇ ਲੱਛਣ ਦਿਖਾਈ ਦਿੰਦੇ ਹਨ ਤਾਂ ਆਪਣੇ ਆਪ ਨੂੰ ਆਈਸੋਲੇਟ ਕਰਨ ਦੇ ਨਾਲ-ਨਾਲ ਸਰਕਾਰੀ ਹਸਪਤਾਲ ਪਹੁੰਚ ਕੇ ਆਪਣੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ:

