ETV Bharat / state

ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ ਸਪੀਕਰ ਸੰਧਵਾਂ, ਆਖੀ ਇਹ ਗੱਲ

ਸਪੀਕਰ ਸੰਧਵਾਂ ਨੇ ਜਲੰਧਰ ਅਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਬਿਆਨ ਦੀ ਹਾਮੀ ਵੀ ਭਰੀ।

Kultar Singh Sandhwan
ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ (Etv Bharat)
author img

By ETV Bharat Punjabi Team

Published : May 7, 2026 at 4:12 PM IST

2 Min Read
Choose ETV Bharat

ਬਰਨਾਲਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਬਰਨਾਲਾ ਵਿਖੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਸਥਾਪਿਤ ਕਰਨ ਦੀ ਰਸਮ ਨਿਭਾਉਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਸਿਆਸੀ ਅਤੇ ਧਾਰਮਿਕ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਕੀਤੀ।

ਕੁਲਤਾਰ ਸਿੰਘ ਸੰਧਵਾਂ (Etv Bharat)

ਬੰਬ ਧਮਾਕਿਆਂ 'ਤੇ ਆਖੀ ਇਹ ਗੱਲ

ਪੰਜਾਬ ਵਿੱਚ ਬੰਬ ਧਮਾਕੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ 'ਤੇ ਮੋਹਰ ਲਗਾਉਂਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ "ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਅਕਸਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਅਤੇ ਦੰਗੇ ਹੋਣੇ ਸ਼ੁਰੂ ਹੋ ਜਾਂਦੇ ਹਨ, ਇਹ ਲੋਕਾਂ ਵਿਚ ਆਮ ਧਾਰਨਾ ਹੈ। ਜੇਕਰ ਮੁੱਖ ਮੰਤਰੀ ਨੇ ਕੋਈ ਬਿਆਨ ਦਿੱਤਾ ਹੈ ਤਾਂ ਉਸ ਪਿੱਛੇ ਕੋਈ ਨਾ ਕੋਈ ਠੋਸ ਆਧਾਰ ਅਤੇ ਖੁਫੀਆ ਜਾਣਕਾਰੀ ਜ਼ਰੂਰ ਹੋਵੇਗੀ।"

ਸ੍ਰੀ ਅਕਾਲ ਤਖ਼ਤ ਸਾਹਿਬ ਹੋਣਗੇ ਪੇਸ਼

ਬੇਅਦਬੀ ਮਾਮਲਿਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਦੱਸਿਆ ਕਿ "ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਉਹ ਪਹਿਲਾਂ ਵੀ ਜਦੋਂ ਸ੍ਰੀ ਦਰਬਾਰ ਸਾਹਿਬ ਜਾਂਦੇ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਆਉਂਦੇ ਹਨ। ਹੁਣ ਵੀ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਵਾਂਗਾ ਅਤੇ ਆਪਣਾ ਪੱਖ ਰੱਖਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬੇਹੱਦ ਸਖ਼ਤ ਕਾਨੂੰਨ ਲਿਆਂਦਾ ਗਿਆ ਹੈ, ਜਿਸ ਤਹਿਤ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕੇਗੀ।"

ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ

ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਬਹਾਦਰੀ ਬਾਰੇ ਪਤਾ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਮੁਗਲਾਂ ਨੂੰ ਹਰਾ ਕੇ ਦਿੱਲੀ 'ਤੇ ਫਤਿਹ ਹਾਸਲ ਕੀਤੀ ਸੀ। ਬਰਨਾਲਾ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ਉੱਪਰ ਚੌਂਕ ਰੱਖਣਾ ਤੇ ਉਹਨਾਂ ਦਾ ਬੁੱਤ ਸਥਾਪਿਤ ਕਰਨ ਦੀ ਉਹਨਾਂ ਸ਼ਾਲਾਘਾ ਕੀਤੀ। ਅੰਮ੍ਰਿਤਸਰ ਸਥਿਤ ਰਾਮਗੜ੍ਹੀਆ ਬੁੰਗੇ ਦੀ ਖ਼ਸਤਾ ਹਾਲਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਸੰਧਵਾਂ ਨੇ ਕਿਹਾ ਕਿ ਉਹ ਜਲਦੀ ਹੀ ਉੱਥੇ ਦੌਰਾ ਕਰਨਗੇ ਅਤੇ ਸਰਕਾਰ ਵੱਲੋਂ ਇਸ ਇਤਿਹਾਸਕ ਵਿਰਾਸਤ ਦੀ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾਣਗੇ।