ਹਮਲੇ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਸੁਖਬੀਰ ਬਾਦਲ, ਕਿਹਾ- ਪੰਜਾਬ ਨੂੰ ਖਤਮ ਕਰਨ ਵਾਲੀਆਂ ਤਾਕਤਾਂ ਨਾਲ ਲੜਾਂਗੇ
ਸੁਖਬੀਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

Published : August 25, 2026 at 9:05 PM IST
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਸੁਖਬੀਰ ਬਾਦਲ ਆਪਣੇ 'ਤੇ ਹੋਏ ਹਮਲੇ ਤੋਂ ਬਾਅਦ ਧੰਨਵਾਦ ਪ੍ਰਗਟ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਗਏ। ਇਸ ਫੇਰੀ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਲਈ ਅਰਦਾਸ ਕਰਨ ਵਾਲੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ।
"ਉਨ੍ਹਾਂ ਸਾਰੇ ਸ਼ਰਧਾਲੂਆਂ ਦੇ ਧੰਨਵਾਦੀ ਹਾਂ ਜੋ ਔਖੇ ਸਮੇਂ ਚ ਮੇਰੇ ਨਾਲ ਖੜ੍ਹੇ ਰਹੇ"
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ, ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਉਨ੍ਹਾਂ ਸਾਰੇ ਸ਼ਰਧਾਲੂਆਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਔਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਉਹ ਅੱਜ ਸਿਰਫ਼ ਇੱਕ ਹੀ ਸੁਨੇਹਾ ਲੈ ਕੇ ਆਏ ਹਨ ਕਿ ਪੰਜਾਬ ਨੂੰ ਬਚਾਇਆ ਜਾ ਸਕੇ।

"ਪੰਜਾਬ ਦੇ ਮਾੜੇ ਸਮੇਂ ਨੂੰ ਵਾਪਸ ਲਿਆਉਣਾ ਚਾਹੁੰਦੇ ਹਨ ਕੁਝ ਲੋਕ"
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ "ਪੰਜਾਬ ਵਿੱਚ ਅਜਿਹੀਆਂ ਤਾਕਤਾਂ ਸਰਗਰਮ ਹੋ ਗਈਆਂ ਹਨ ਜੋ ਪੰਜਾਬ ਨੂੰ ਆਪਣਾ ਘਰ ਨਹੀਂ ਮੰਨਦੀਆਂ ਸਗੋਂ ਇਸ ਦੀ ਲੀਡਰਸ਼ਿਪ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਇਹ ਤਾਕਤਾਂ ਸਿੱਖ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦਾ ਟੀਚਾ ਰੱਖਦੀਆਂ ਹਨ। ਕੁਝ ਲੋਕ ਪੰਜਾਬ ਦੇ ਮਾੜੇ ਸਮੇਂ ਨੂੰ ਵਾਪਸ ਲਿਆਉਣਾ ਚਾਹੁੰਦੇ ਹਨ, ਪਰ ਅਕਾਲੀ ਦਲ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ, ਪੰਜਾਬ ਅਤੇ ਖਾਲਸਾ ਪੰਥ ਦੀ 105 ਸਾਲ ਪੁਰਾਣੀ ਸੰਸਥਾ ਹੈ। ਪਾਰਟੀ ਨੇ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ਾਂ ਵਿਰੁੱਧ ਅਤੇ ਬਾਅਦ ਵਿੱਚ ਪੰਜਾਬ ਦੇ ਹਿੱਤਾਂ ਲਈ ਲੜਾਈ ਲੜੀ ਹੈ।"
"ਪੰਜਾਬ ਦੀ ਖੁਸ਼ਹਾਲੀ ਅਕਾਲੀ ਦਲ ਦਾ ਮੁੱਖ ਮਿਸ਼ਨ ਹੈ"
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਸਾਰੇ ਧਰਮਾਂ ਦਾ ਸਤਿਕਾਰ ਅਤੇ ਪੰਜਾਬ ਦੀ ਖੁਸ਼ਹਾਲੀ ਅਕਾਲੀ ਦਲ ਦਾ ਮੁੱਖ ਮਿਸ਼ਨ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੰਜਾਬ ਨੂੰ ਦੁਬਾਰਾ ਖੁਸ਼ੀਆਂ ਨਾਲ ਭਰ ਦੇਣ।

"ਹੁਣ ਤੱਕ ਜਿੰਨੇ ਵੀ ਹਮਲੇ ਹੋਈ ਹਰ ਵਾਰ ਪਰਮਾਤਮਾ ਨੇ ਬਚਾਇਆ"
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ "ਸੁਖਬੀਰ ਬਾਦਲ ਦੇ ਜ਼ਖ਼ਮਾਂ 'ਤੇ ਲੱਗੇ ਟਾਂਕੇ ਹਟਾ ਖੁੱਲ ਚੁੱਕੇ ਹਨ ਅਤੇ ਪ੍ਰਭਾਵਿਤ ਥਾਂ 'ਤੇ ਹੁਣ ਪਲੱਸਤਰ ਲਗਾਇਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲਈ ਵਿਰੋਧੀ ਤਾਕਤਾਂ ਵੱਲੋਂ ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਦੌਰਾਨ ਹੋਏ ਹੁਣ ਤੱਕ ਸੁਖਬੀਰ ਬਾਦਲ 'ਤੇ ਜਿੰਨੇ ਵੀ ਹਮਲੇ ਹੋਏ ਹਰ ਵਾਰ ਪਰਮਾਤਮਾ ਨੇ ਸੁਖਬੀਰ ਬਾਦਲ ਨੂੰ ਬਚਾਇਆ ਹੈ। ਉਨ੍ਹਾਂ ਸੰਗਤ ਅਤੇ ਸ਼ੁਭਚਿੰਤਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਸੰਗਤਾਂ ਮੌਜੂਦ ਸਨ।"
ਇਹ ਵੀ ਪੜ੍ਹੋ:

