ਵੱਡੇ ਇਕੱਠ ਤੋਂ ਪਹਿਲਾਂ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ, ਸੁਖਾਵੇਂ ਮਹੌਲ 'ਚ ਹੋਈ ਗੱਲਬਾਤ
ਬਠਿੰਡਾ ਵਿਖੇ ਪ੍ਰਸ਼ਾਸਨ ਨੇ 6 ਮਾਰਚ ਨੂੰ ਕਿਸਾਨਾਂ ਦੇ ਵੱਡੇ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਮੀਟਿੰਗ।

Published : March 4, 2026 at 6:09 PM IST
ਬਠਿੰਡਾ: ਬਠਿੰਡਾ ਦੇ ਪਿੰਡ ਜਿਉਂਦ ਵਿਖੇ ਕਿਸਾਨਾਂ 'ਤੇ ਹੋਏ ਤਸ਼ੱਦਦ ਤੋਂ ਬਾਅਦ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਵਿਖੇ ਵੱਡਾ ਇਕੱਠ ਕਰਕੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਮੁਜ਼ਾਹਰੇ ਦੇ ਐਲਾਨ ਕਾਰਣ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ ਤਾਂ ਜੋ ਇਸ ਪ੍ਰਦਰਸ਼ਨ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਹੱਲ ਕੱਢਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ
ਅੱਜ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਰਜੇਸ਼ ਧਿਮਾਨ ਅਤੇ ਐਸਐਸਪੀ ਬਠਿੰਡਾ ਜੋਤੀ ਯਾਦਵ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਣੇ ਹੋਰ ਕਈ ਕਿਸਾਨ ਜਥੇਬੰਦੀਆਂ ਦੇ ਆਗੂ ਬੈਠਕ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਬਠਿੰਡਾ ਦੇ ਪੁੱਡਾ ਗਰਾਊਂਡ ਵਿਖੇ ਜਗ੍ਹਾ ਉਪਲੱਬਧ ਕਰਾਉਣ ਦਾ ਵਾਅਦਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਪ੍ਰਦਰਸ਼ਨ ਸ਼ਾਂਤਮਈ ਕੀਤਾ ਜਾਵੇ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।
ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ "ਅੱਜ ਸੁਖਾਵੇਂ ਮਹੌਲ ਵਿੱਚ ਬੈਠਕ ਹੋਈ ਹੈ। ਇਹ ਰੋਸ ਪ੍ਰਦਸ਼ਰਨ ਸ਼ਾਂਤ ਮਈ ਹੋਵੇਗਾ। ਫਿਲਹਾਲ ਇਸ ਪ੍ਰਦਰਸ਼ਨ ਨੂੰ ਲੈਕੇ ਉਨ੍ਹਾਂ ਦੀ ਸਹਿਮਤੀ ਬਣੀ ਹੈ, ਬਾਕੀ ਮੰਗਾਂ ਪਹਿਲਾਂ ਬਰਕਰਾਰ ਹਨ।"
ਕਿਸਾਨਾਂ ਦੀਆਂ ਮੁੱਖ ਮੰਗਾਂ
- ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।
- ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਕੀਮਤ ਤੈਅ ਕੀਤੀ ਜਾਵੇ।
- ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ।
- ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਪੈਨਸ਼ਨਾਂ ਦਿੱਤੀਆਂ ਜਾਣ।
- ਭੂਮੀ ਗ੍ਰਹਿਣ ਐਕਟ 2013 ਨੂੰ ਮੁੜ ਲਾਗੂ ਕੀਤਾ ਜਾਵੇ।
- ਸੰਵਿਧਾਨ ਦੇ ਸ਼ਡਿਊਲ 5 ਨੂੰ ਲਾਗੂ ਕਰਕੇ ਆਦਿਵਾਸੀਆਂ ਦੀਆਂ ਜ਼ਮੀਨਾਂ ਦੀ ਲੁੱਟ ਬੰਦ ਕੀਤੀ ਜਾਵੇ।
- ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
- ਮੁਕਤ ਵਪਾਰ ਸਮਝੌਤਿਆਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
- ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਦਿੱਤੀ ਜਾਵੇ
- ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਕੰਮ ਦਿੱਤਾ ਜਾਵੇ ਅਤੇ 700 ਰੁਪਏ ਪ੍ਰਤੀ ਦਿਨ ਦਿੱਤਾ ਜਾਵੇ।
- ਨਕਲੀ ਬੀਜ, ਕੀੜੇਮਾਰ ਦਵਾਈਆਂ ਅਤੇ ਖਾਦਾਂ ਵੇਚਣ ਵਾਲੀਆਂ ਕੰਪਨੀਆਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇ।
- ਮਿਰਚ, ਹਲਦੀ ਅਤੇ ਹੋਰ ਮਸਾਲਿਆਂ ਲਈ ਰਾਸ਼ਟਰੀ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
'ਪੁਲਿਸ ਵੱਲੋਂ ਕੀਤਾ ਗਿਆ ਸੀ ਤਸ਼ੱਦਦ'
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ, "ਬਠਿੰਡਾ ਪੁਲਿਸ ਵੱਲੋਂ ਜਿਉਂਦ ਵਿੱਚ ਕੀਤੀ ਗਈ ਕਾਰਵਾਈ ਮੰਦਭਾਗੀ ਸੀ। ਬਠਿੰਡਾ ਐੱਸਐੱਸਪੀ ਦੀ ਅਗਵਾਈ ਹੇਠ ਪਿੰਡ ਜਿਉਂਦ ਵਿੱਚ ਪੁਲਿਸ ਨੇ ਜਾਣ ਬੁੱਝ ਕੇ ਤਸ਼ੱਦਦ ਕੀਤਾ। ਜਿਸ ਦੌਰਾਨ ਕਿਸਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।"
ਪੁਲਿਸ ਨੇ ਕਿਸਾਨਾਂ ਅਤੇ ਆਮ ਲੋਕਾਂ ਸਣੇ ਪਸ਼ੂਆਂ ਉੱਤੇ ਅੱਥਰੂ ਗੈਸ ਦੇ ਗੋਲ਼ੇ ਸੁੱਟਣ ਤੋਂ ਇਲਾਵਾ ਕੁੱਝ ਕਿਸਾਨਾਂ ਦੀ ਕੁੱਟਮਾਰ ਕੀਤੀ ਅਤੇ ਲੱਤਾਂ ਤੱਕ ਤੋੜ ਦਿੱਤੀਆਂ।ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਬਠਿੰਡਾ ਪੁਲਿਸ ਦੇ ਜ਼ਬਰ ਵਿਰੁੱਧ 6 ਮਾਰਚ ਨੂੰ ਵੱਡਾ ਸੰਘਰਸ਼ ਕੀਤਾ ਜਾਵੇਗਾ।- ਜੋਗਿੰਦਰ ਸਿੰਘ ਉਗਰਾਹਾਂ,ਕਿਸਾਨ ਆਗੂ
ਕਿਸਾਨਾਂ, ਔਰਤਾਂ ਅਤੇ ਬਜ਼ੁਰਗਾਂ ’ਤੇ ਬੇਰਹਿਮੀ
ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ "ਜਿਉਂਦ ਜ਼ਮੀਨ ਮਾਮਲੇ ਵਿੱਚ ਕਿਸਾਨ ਨਾਲ ਗੱਲਬਾਤ ਚਲ ਰਹੀ ਹੈ ਜੇਕਰ ਕੋਈ ਸਹਿਮਤੀ ਬਣੀ ਤਾਂ ਜਥੇਬੰਦੀ ਉਸ ਉੱਤੇ ਵਿਚਾਰ ਕਰੇਗਾ।" ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਦੀ ਸੱਥ ਵਿੱਚ ਹੋ ਰਹੇ ਸ਼ਾਂਤਮਈ ਇਕੱਠ ਨੂੰ ਘੇਰ ਕੇ ਅੱਥਰੂ ਗੈਸ ਦੇ ਗੋਲਿਆਂ, ਇੱਟਾਂ-ਰੋੜਿਆਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਸੀ। ਜਿਸ ਦੌਰਾਨ ਕਿਸਾਨ ਚਰਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ। ਪੁਲਿਸ ਵੱਲੋਂ ਮਜ਼ਦੂਰਾਂ, ਕਿਸਾਨਾਂ, ਔਰਤਾਂ ਅਤੇ ਬਜ਼ੁਰਗਾਂ ’ਤੇ ਬੇਰਹਿਮੀ ਨਾਲ ਕਾਰਵਾਈ ਕੀਤੀ ਗਈ। ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸੰਘਰਸ਼ਸ਼ੀਲ ਵਰਗਾਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਜਨਤਕ, ਜਮਹੂਰੀ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 6 ਮਾਰਚ ਨੂੰ ਬਠਿੰਡਾ ਵਿਖੇ ਹੋਣ ਵਾਲੇ ਰੋਸ ਮੁਜ਼ਾਹਰੇ ਵਿੱਚ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ।
'6 ਮਾਰਚ ਨੂੰ ਵੱਡੇ ਇੱਕਠ ਲਈ ਸੱਦਾ'
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 6 ਮਾਰਚ ਨੂੰ ਵੱਡਾ ਇਕੱਠ ਹੋਵੇਗਾ, ਜਿਸ ਵਿੱਚ ਸੰਯੁਕਤ ਮੋਰਚੇ ਦੀਆਂ 40 ਤੋਂ 45 ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਬਠਿੰਡਾ ਵਿੱਚ ਪੁਲਿਸ ਅਤੇ ਸਰਕਾਰ ਖਿਲਾਫ ਮੋਰਚਾ ਖੋਲ੍ਹਣਗੀਆਂ। ਬਠਿੰਡਾ ਵਿੱਚ 6 ਮਾਰਚ ਨੂੰ ਕੀਤੀ ਜਾ ਰਹੀ ਸੰਯੁਕਤ ਮੋਰਚੇ ਦੀ ਵੱਡੀ ਮੀਟਿੰਗ ਵਿੱਚ 40 ਤੋਂ 45 ਕਿਸਾਨ-ਮਜ਼ਦੂਰ ਜਥੇਬੰਦੀਆਂ ਸ਼ਾਮਿਲ ਹੋਣਗੀਆਂ।

