ਪਿੰਡ ਜੱਟਾ ਬੰਬ ਧਮਾਕੇ ਮਾਮਲੇ ਦੇ 2 ਮੁਲਜ਼ਮਾਂ ਦੀ ਅਦਾਲਤ ’ਚ ਪੇਸ਼ੀ, 5 ਦਿਨ ਦਾ ਮਿਲਿਆ ਪੁਲਿਸ ਰਿਮਾਂਡ
ਬੰਬ ਧਮਾਕਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤੇ ਗਏ 2 ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Published : August 25, 2026 at 8:58 PM IST
|Updated : August 25, 2026 at 10:44 PM IST
ਅਜਨਾਲਾ (ਅੰਮ੍ਰਿਤਸਰ): ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਸਰਹੱਦੀ ਪਿੰਡ ਜੱਟਾ ਵਿਖੇ ਇੱਕ ਘਰ ਵਿੱਚ ਹੋਏ ਦੋ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਰਿਮਾਂਡ ਦੌਰਾਨ ਦੋਵਾਂ ਤੋਂ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ।
2 ਬੰਬ ਧਮਾਕੇ ਦਾ ਮਾਮਲਾ
ਜਾਣਕਾਰੀ ਮੁਤਾਬਕ ਪਿੰਡ ਜੱਟਾ ਵਿਖੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਬੰਬ ਧਮਾਕੇ ਕੀਤੇ ਗਏ ਸਨ। ਇਸ ਸਬੰਧੀ ਥਾਣਾ ਰਮਦਾਸ ਦੀ ਪੁਲਿਸ ਵੱਲੋਂ ਗੈਂਗਸਟਰ ਹੈਪੀ ਪਸ਼ੀਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਬੰਬ ਸੁੱਟਣ ਦੀ ਵਾਰਦਾਤ ਵਿੱਚ ਸ਼ਮੂਲੀਅਤ ਦੇ ਇਲਜ਼ਾਮਾਂ ਹੇਠ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਵਿਸ਼ਵਾਸਪ੍ਰੀਤ ਸਿੰਘ ਵਾਸੀ ਪਿੰਡ ਅਲੀਵਾਲ ਅਤੇ ਉਸਦਾ ਇੱਕ ਹੋਰ ਸਾਥੀ ਸ਼ਾਮਲ ਦੱਸਿਆ ਜਾ ਰਿਹਾ ਹੈ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਮਾਮਲੇ ਦੀ ਜਾਂਚ ਅਤੇ ਹੋਰ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ।
ਪਹਿਲਾਂ 10 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਲਜ਼ਮਾਂ ਦੇ ਵਕੀਲ ਐਡਵੋਕੇਟ ਮਨਦੀਪ ਸਿੰਘ ਮੁਹਾਰ ਨੇ ਦੱਸਿਆ ਕਿ "ਅੱਜ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਸ਼੍ਰੀਮਤੀ ਚਤਨਾ ਭੱਟੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਥਾਣਾ ਰਮਦਾਸ ਵਿੱਚ ਦਰਜ ਮਾਮਲੇ ਵਿੱਚ ਪੁਲਿਸ ਨੇ ਦੋਵਾਂ ਨੌਜਵਾਨਾਂ ’ਤੇ ਬੰਬ ਧਮਾਕੇ ਦੀ ਵਾਰਦਾਤ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਲਗਾਏ ਹਨ। ਪੁਲਿਸ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਜਾਂਚ ਦੌਰਾਨ ਵਿਸ਼ਵਾਸਪ੍ਰੀਤ ਸਿੰਘ ਅਤੇ ਉਸਦੇ ਇੱਕ ਹੋਰ ਸਾਥੀ ਦੀ ਇਸ ਵਾਰਦਾਤ ਵਿੱਚ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਤੋਂ ਪੁੱਛਗਿੱਛ ਅਤੇ ਮਾਮਲੇ ਵਿੱਚ ਹੋਰ ਖੁਲਾਸਿਆਂ ਲਈ 10 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ।"
"ਮੁਲਜ਼ਮਾਂ ਦੇ ਹੱਕ ਵਿੱਚ ਅਦਾਲਤ ਸਾਹਮਣੇ ਦਲੀਲਾਂ ਪੇਸ਼ ਕੀਤੀਆਂ ਗਈਆਂ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਪੁਲਿਸ ਨੂੰ 10 ਦਿਨ ਦੀ ਬਜਾਏ 5 ਦਿਨ ਦਾ ਰਿਮਾਂਡ ਦਿੱਤਾ। ਫਿਲਹਾਲ ਪੁਲਿਸ ਵੱਲੋਂ ਕਿਸੇ ਖ਼ਾਸ ਬਰਾਮਦਗੀ ਬਾਰੇ ਜਾਣਕਾਰੀ ਸਾਹਮਣੇ ਨਹੀਂ ਰੱਖੀ ਗਈ। ਪੁਲਿਸ ਨੇ ਹੋਰ ਪੁੱਛਗਿੱਛ ਅਤੇ ਮਾਮਲੇ ਨਾਲ ਜੁੜੇ ਹੋਰ ਖੁਲਾਸਿਆਂ ਲਈ ਰਿਮਾਂਡ ਹਾਸਲ ਕੀਤਾ ਹੈ।"-ਮਨਦੀਪ ਸਿੰਘ ਮੁਹਾਰ,ਐਡਵੋਕੇਟ
ਹੁਣ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ 30 ਅਗਸਤ ਨੂੰ ਮੁੜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਰਿਮਾਂਡ ਦੌਰਾਨ ਬੰਬ ਧਮਾਕੇ ਦੀ ਵਾਰਦਾਤ, ਮੁਲਜ਼ਮਾਂ ਦੀ ਕਥਿਤ ਭੂਮਿਕਾ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ "ਇਸ ਮਾਮਲੇ ਵਿੱਚ ਦੋ ਮੁੱਖ ਮੁਲਜ਼ਮਾਂ ਜਗਰੂਪ ਸਿੰਘ ਅਤੇ ਵਿਸ਼ਵਾਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਅਦਾਲਤ ਵੱਲੋਂ ਪੰਜ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ।"
ਸੀਸੀਟੀਵੀ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚ ਬਣਾਈ
ਡੀਆਈਜੀ ਨੇ ਦੱਸਿਆ ਕਿ ਇਹ ਵਾਰਦਾਤ ਥਾਣਾ ਰਮਦਾਸ ਦੇ ਇਲਾਕੇ ਵਿੱਚ ਵਾਪਰੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਹੋਰ ਜਾਂਚ ਟੀਮਾਂ ਨੇ ਮਿਲ ਕੇ ਜਾਂਚ ਕੀਤੀ। ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਟੀਮਾਂ ਨੇ ਤਕਨੀਕੀ ਜਾਂਚ, ਸੀਸੀਟੀਵੀ ਫੁਟੇਜ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਮੁਲਜ਼ਮਾਂ ਤੱਕ ਪਹੁੰਚ ਬਣਾਈ। "ਪੁਲਿਸ ਜਾਂਚ ਮੁਤਾਬਕ ਦੋਵਾਂ ਪਿੰਡਾਂ ਦੇ ਕੁਝ ਲੋਕਾਂ ਵਿਚਕਾਰ ਪਿਛਲੇ ਕਾਫ਼ੀ ਸਮੇਂ ਤੋਂ ਆਪਸੀ ਰੰਜਿਸ਼ ਚੱਲ ਰਹੀ ਸੀ। ਇਹ ਵਿਵਾਦ ਸਰਪੰਚੀ ਦੀ ਚੋਣ ਦੌਰਾਨ ਹੋਰ ਵਧ ਗਿਆ। ਦੋਵੇਂ ਧਿਰਾਂ ਆਪਣੇ-ਆਪਣੇ ਗਰੁੱਪ ਦੇ ਵਿਅਕਤੀ ਨੂੰ ਸਰਪੰਚ ਬਣਾਉਣਾ ਚਾਹੁੰਦੀਆਂ ਸਨ। ਪੁਲਿਸ ਅਨੁਸਾਰ ਜਿਸ ਘਰ ਨੂੰ ਗ੍ਰੇਨੇਡ ਨਾਲ ਨਿਸ਼ਾਨਾ ਬਣਾਇਆ ਗਿਆ, ਉੱਥੇ ਰਹਿਣ ਵਾਲੇ ਵਿਅਕਤੀ ਖ਼ਿਲਾਫ਼ ਵੀ ਪਹਿਲਾਂ ਕੁਝ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।"
"ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਦਿਨ ਪਹਿਲਾਂ ਮੁਲਜ਼ਮਾਂ ਦੀ ਹੈਪੀ ਪਸ਼ਿਆਂ ਦੀ ਭੈਣ ਨਾਲ ਕਥਿਤ ਤੌਰ ’ਤੇ ਤਕਰਾਰ ਹੋਈ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਮੁਲਜ਼ਮਾਂ ਨੇ ਅੱਗੇ ਸੰਪਰਕ ਕਰਕੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ। ਪੁਲਿਸ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਇੱਕ ਸਥਾਨਕ ਵਿਅਕਤੀ ਰਾਹੀਂ ਹਮਲੇ ਲਈ ਕਥਿਤ ਤੌਰ ’ਤੇ ਵਿਅਕਤੀਆਂ ਨੂੰ ਹਾਇਰ ਕੀਤਾ ਗਿਆ। ਹਮਲੇ ਤੋਂ ਕਰੀਬ ਤਿੰਨ-ਚਾਰ ਦਿਨ ਪਹਿਲਾਂ ਵੀ ਦੋਵਾਂ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਇਸ ਦੌਰਾਨ ਕਥਿਤ ਤੌਰ ’ਤੇ ਹਵਾਈ ਫਾਇਰਿੰਗ ਵੀ ਕੀਤੀ ਗਈ ਸੀ, ਜਿਸ ਸਬੰਧੀ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਕਥਿਤ ਤੌਰ ’ਤੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚੀ ਗਈ।"-ਹਰਮਨਬੀਰ ਸਿੰਘ ਗਿੱਲ, ਡੀਆਈਜੀ
ਬਾਰਡਰ ਰੇਂਜ ਦੇ ਡੀਆਈਜੀ ਨੇ ਦੱਸਿਆ ਕਿ "ਜਾਂਚ ਦੌਰਾਨ ਇੱਕ ਮਹਿਲਾ ਸਮੇਤ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਪੁਲਿਸ ਨੇ ਭੁਪਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦੀ ਭੈਣ ਕਿਰਨਦੀਪ ਕੌਰ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਦੋਵਾਂ ਨੇ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਇੱਕ ਵਿਅਕਤੀ ਨਾਲ ਸੰਪਰਕ ਕੀਤਾ ਸੀ।"
ਸਿੰਗਾਪੁਰ ਵਿੱਚ ਬੈਠਾ ‘ਸੈਂਡੀ’ ਨਾਮਕ ਵਿਅਕਤੀ ਇਸ ਮਾਮਲੇ ਦੀ ਇੱਕ ਅਹਿਮ ਕੜੀ
ਡੀਆਈਜੀ ਨੇ ਦੱਸਿਆ ਕਿ ਸਿੰਗਾਪੁਰ ਵਿੱਚ ਬੈਠਾ ‘ਸੈਂਡੀ’ ਨਾਮਕ ਵਿਅਕਤੀ ਇਸ ਮਾਮਲੇ ਦੀ ਇੱਕ ਅਹਿਮ ਕੜੀ ਵਜੋਂ ਸਾਹਮਣੇ ਆਇਆ ਹੈ। ਪੁਲਿਸ ਉਸ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਦੱਸਿਆ ਕਿ "ਮੁਲਜ਼ਮਾਂ ਨੂੰ ਹਮਲਾ ਕਰਨ ਲਈ ਕਥਿਤ ਤੌਰ ’ਤੇ ਇੱਕ ਲੱਖ ਰੁਪਏ ਦੇਣ ਦੀ ਗੱਲ ਹੋਈ ਸੀ, ਪਰ ਉਨ੍ਹਾਂ ਨੂੰ ਕਰੀਬ 30 ਹਜ਼ਾਰ ਰੁਪਏ ਹੀ ਦਿੱਤੇ ਗਏ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਇੰਟਰਨੈੱਟ ਅਤੇ ਯੂਟਿਊਬ ’ਤੇ ਉਪਲਬਧ ਸਮੱਗਰੀ ਰਾਹੀਂ ਗ੍ਰੇਨੇਡ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਪੁਲਿਸ ਮੁਤਾਬਕ ਹਾਲੇ ਤੱਕ ਕਿਸੇ ਵਿਸ਼ੇਸ਼ ਸੰਗਠਨ ਵੱਲੋਂ ਟ੍ਰੇਨਿੰਗ ਮਿਲਣ ਦੀ ਗੱਲ ਸਾਹਮਣੇ ਨਹੀਂ ਆਈ।"
"ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਪਾਕਿਸਤਾਨ ਤੋਂ ਗ੍ਰੇਨੇਡ ਕਿਸ ਤਰੀਕੇ ਨਾਲ ਭੇਜੇ ਗਏ, ਡਰੋਨ ਦੀ ਡਰਾਪਿੰਗ ਕਿੱਥੇ ਹੋਈ ਅਤੇ ਉੱਥੋਂ ਇਹ ਗ੍ਰੇਨੇਡ ਮੁਲਜ਼ਮਾਂ ਤੱਕ ਕਿਵੇਂ ਪਹੁੰਚੇ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ।"-ਹਰਮਨਬੀਰ ਸਿੰਘ ਗਿੱਲ, ਡੀਆਈਜੀ
ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ
ਡੀਆਈਜੀ ਨੇ ਕਿਹਾ ਕਿ "ਮਾਮਲੇ ਵਿੱਚ ਹੋਰ ਵੀ ਕਈ ਵਿਅਕਤੀ ਜਾਂਚ ਦੇ ਘੇਰੇ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਪੁਲਿਸ ਇਹ ਵੀ ਪਤਾ ਲਗਾਏਗੀ ਕਿ ਮੁਲਜ਼ਮਾਂ ਨੇ ਇਸ ਤੋਂ ਪਹਿਲਾਂ ਕਿਸੇ ਹੋਰ ਗੋਲੀਬਾਰੀ, ਹਮਲੇ ਜਾਂ ਅਪਰਾਧਿਕ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਾਂ ਨਹੀਂ।"

