ETV Bharat / bharat

ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ

author img

By

Published : Nov 14, 2020, 6:57 AM IST

ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਬੈਠਕ ਕੀਤੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕਿਸਾਨਾਂ ਨਾਲ ਹੋਰ ਬੈਠਕਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਮੁੱਦੇ ਵਿਚਾਰੇ ਜਾਣਗੇ।

ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ
ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਖੇ ਬੈਠਕ ਲਈ ਬੁਲਾਇਆ। ਦੋ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਬੈਠਕ ਵਿੱਚ ਸ਼ਾਮਿਲ ਹੋਏ ਜੋ ਲਗਪਗ ਸੱਤ ਘੰਟੇ ਚੱਲੀ। ਬੈਠਕ ਖਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨਾਂ ਨੇ ਆਪਣੇ ਮਸਲੇ ਕੇਂਦਰ ਸਰਕਾਰ ਦੇ ਅੱਗੇ ਰੱਖੇ ਹਨ ਅਤੇ ਕੇਂਦਰ ਸਰਕਾਰ ਨੇ ਆਪਣੇ ਵਿਚਾਰ ਕਿਸਾਨਾਂ ਅੱਗੇ ਰੱਖੇ ਹਨ।

ਇਸ ਬੈਠਕ ਤੋਂ ਬਾਅਦ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਕਿਸਾਨਾਂ ਨਾਲ ਹੋਰ ਬੈਠਕਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਮੁੱਦੇ ਵਿਚਾਰੇ ਜਾਣਗੇ। ਕਿਸਾਨ ਚੰਡੀਗੜ੍ਹ ਵਿਖੇ 18 ਨਵੰਬਰ ਨੂੰ ਆਪਣੀ ਬੈਠਕ ਤੋਂ ਬਾਅਦ ਅਗਲੀ ਰਣਨੀਤੀ ਤੈਅ ਕਰਨਗੇ ਅਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਨਾਲ ਅਗਲੀ ਬੈਠਕ ਬਾਰੇ ਫੈਸਲਾ ਕੀਤਾ ਜਾਵੇਗਾ। 26 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਚਲੋ ਦਾ ਨਾਅਰਾ ਦਿੱਤਾ ਗਿਆ ਹੈ ਅਤੇ ਦਿੱਲੀ ਵਿਖੇ ਵੱਡਾ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਧਰਨਾ ਦਿੱਲੀ ਵਿਖੇ ਹੋਵੇਗਾ। ਅੱਜ ਦੀ ਬੈਠਕ ਤੋਂ ਬਾਅਦ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਜੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਹੋ ਜਾਂਦਾ ਹੈ ਤਾਂ ਹੋ ਸਕਦੈ ਇਹ ਪ੍ਰਦਰਸ਼ਨ ਨਾ ਕੀਤਾ ਜਾਵੇ।

ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਅੱਗੇ ਛੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ,ਪਰਾਲੀ ਸਾੜੇ ਜਾਣ ਤੇ ਪੰਜ ਸਾਲ ਦੀ ਸਜ਼ਾ ਅਤੇ ਇੱਕ ਕਰੋੜ ਦੀ ਸਜ਼ਾ ਦਾ, ਅਤੇ ਆਰਥਿਕ ਨਾਕੇਬੰਦੀ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮਾਲ ਅਤੇ ਯਾਤਰੀ ਰੇਲ ਗੱਡੀਆਂ ਨੂੰ ਮੁੜ ਚਾਲੂ ਕਰਨ ਦੀ ਮਨਜ਼ੂਰੀ ਭਾਰਤ ਸਰਕਾਰ ਦੇਵੇ ਅਤੇ ਕਿਸਾਨਾਂ ਦੇ ਉੱਤੇ ਜੋ ਕੇਸ ਕੀਤੇ ਗਏ ਹਨ ਉਹ ਵੀ ਵਾਪਸ ਲੈਣ ਦੀ ਮੰਗ ਕਿਸਾਨ ਆਗੂਆਂ ਨੇ ਕੀਤੀ। ਗੰਨੇ ਦੀ ਫ਼ਸਲ ਉੱਪਰ ਘੱਟੋ ਘੱਟ ਖ਼ਰੀਦ ਮੁੱਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੱਦਾ ਵੀ ਬੈਠਕ ਵਿੱਚ ਉੱਠਿਆ। ਫਿਲਹਾਲ ਪੰਜਾਬ ਵਿਚ ਰੇਲ ਗੱਡੀਆਂ ਸ਼ੁਰੂ ਨਹੀਂ ਹੋਣਗੀਆਂ। ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਇੱਕ ਚੰਗੇ ਮਾਹੌਲ ਵਿੱਚ ਲੰਬੀ ਬੈਠਕ ਹੋਈ ਹੈ ਅਤੇ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਹੋਰ ਬੈਠਕਾਂ ਦੀ ਜ਼ਰੂਰਤ ਹੈ। ਕੇਂਦਰ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨਾਲ ਹੋਰ ਬੈਠਕਾਂ ਕਰੇਗੀ। ਇਸ ਦੇ ਨਾਲ ਹੀ ਨਰਿੰਦਰ ਤੋਮਰ ਨੇ ਸਾਫ ਕੀਤਾ ਕਿ ਫ਼ਸਲਾਂ ਉੱਤੇ ਐੱਮਐੱਸਪੀ ਜਾਰੀ ਰਹੇਗੀ ਅਤੇ ਰੇਲ ਗੱਡੀਆਂ ਦੇ ਮੁੱਦੇ ਤੇ ਕਿਹਾ ਕਿ ਯਾਤਰੀ ਅਤੇ ਮਾਲ ਗੱਡੀਆਂ ਦੋਨੋ ਇਕੱਠੀਆਂ ਹੀ ਸ਼ੁਰੂ ਹੋਣਗੀਆਂ ਕਿਸੇ ਵਿਅਕਤੀ ਵਿਸ਼ੇਸ਼ ਦੇ ਕਹਿਣ 'ਤੇ ਇਨ੍ਹਾਂ ਵਿੱਚ ਬਦਲਾਅ ਨਹੀਂ ਹੋ ਸਕਦਾ।

ਇਸ ਬੈਠਕ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਜਿਆਣੀ ਵੀ ਸ਼ਾਮਿਲ ਸਨ। ਵਧੀਕ ਮੁੱਖ ਸਕੱਤਰ (ਖੇਤੀਬਾੜੀ) ਅਨਿਰੁੱਧ ਤਿਵਾੜੀ ਅਤੇ ਕਮਿਸ਼ਨਰ ਖੇਤੀਬਾੜੀ ਡਾ. ਬਲਵਿੰਦਰ ਸਿੰਘ ਸਿੱਧੂ ਵੀ ਬੈਠਕ ਵਿੱਚ ਸ਼ਾਮਿਲ ਹੋਏ।

ਕੇਂਦਰ ਸਰਕਾਰ ਨਾਲ ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਚੰਡੀਗਡ਼੍ਹ ਵਿਖੇ ਕਿਸਾਨ 18 ਨਵੰਬਰ ਨੂੰ ਬੈਠਕ ਕਰਨਗੇ ਅਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੇ ਆਪਣੀਆਂ ਮੁਸ਼ਕਿਲਾਂ ਕੇਂਦਰ ਸਰਕਾਰ ਨੂੰ ਦੱਸੀਆਂ ਹਨ ਅਤੇ ਕੇਂਦਰ ਸਰਕਾਰ ਨੇ ਆਪਣੇ ਵਿਚਾਰ ਕਿਸਾਨਾਂ ਅੱਗੇ ਰੱਖੇ ਹਨ। ਪਰਾਲੀ ਦੇ ਮਸਲੇ 'ਤੇ ਰਾਜੇਵਾਲ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਮੁੱਖ ਕਾਰਨ ਪੰਜਾਬ ਨਹੀਂ ਹੈ। 26 ਨਵੰਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਪੁੱਛੇ ਜਾਣ 'ਤੇ ਰਾਜੇਵਾਲ ਨੇ ਕਿਹਾ ਕਿ ਇਹ ਪ੍ਰਦਰਸ਼ਨ ਕਿਸਾਨ ਦਿੱਲੀ ਵਿਖੇ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.