ਅੰਮ੍ਰਿਤਸਰ: ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ "ਗੁਰੂ ਕੇ ਮਹਿਲ" ਵਿਖੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਚੋਣਵੇਂ ਅਧਿਕਾਰੀ ਪਹੁੰਚੇ। ਇਸ ਮੌਕੇ ਪੁਲਿਸ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਤਾਂ ਜੋ ਸੰਗਤ ਨੂੰ ਇੱਕਠੇ ਹੋਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 400 ਸਾਲਾ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਲਈ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸ੍ਰੀ ਆਖੰਡ ਪਾਠ ਦਾ ਭੋਗ ਪਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਵੀ ਮਾਹੌਲ ਸਾਜ਼ਗਾਰ ਹੋ ਜਾਵੇਗਾ ਤਾਂ ਗੁਰੂ ਸਾਹਿਬ ਨਾਲ ਸਬੰਧਤ ਦੂਜੇ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਇਸ ਆਪਦਾ ਦੇ ਸਮੇਂ ਵਿੱਚ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।