ETV Bharat / city

ਪੰਜਾਬ ਕੈਬਨਿਟ ’ਚ ਲਏ ਕਈ ਵੱਡੇ ਫੈਸਲੇ, ਜਾਣੋ

author img

By

Published : Jun 24, 2022, 6:01 PM IST

ਪੰਜਾਬ ਕੈਬਨਿਟ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਾਣੋ ਹੋਰ ਕੀ ਫੈਸਲੇ ਲਏ ਗਏ...

ਪੰਜਾਬ ਕੈਬਨਿਟ ’ਚ ਲਏ ਕਈ ਵੱਡੇ ਫੈਸਲੇ
ਪੰਜਾਬ ਕੈਬਨਿਟ ’ਚ ਲਏ ਕਈ ਵੱਡੇ ਫੈਸਲੇ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਇਜਲਾਸ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਵਿੱਚ ਸੂਬੇ ਵਿੱਚ ਸਨਅਤੀ ਵਿਕਾਸ ਪ੍ਰਤੀ ਵੱਡਾ ਫੈਸਲਾ ਲੈਂਦੇ ਹੋਏ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਲਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਉਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ਵਿੱਚ ਮੌਜੂਦਾ ਐਮ.ਐਸ.ਐਮ.ਈਜ਼. ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ।

ਇਹ ਵੀ ਪੜੋ: ਓਪੀ ਸੋਨੀ ’ਤੇ ਲੱਗਿਆ 200 ਕਰੋੜ ਦਾ ਘੁਟਾਲਾ ਕਰਨ ਦਾ ਇਲਜ਼ਾਮ, ਦਿੱਤੀ ਸਫਾਈ

ਇਸ ਨਾਲ ਆਪਣੇ ਵਿਸਤਾਰ ਵਿੱਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐਮ.ਐਸ.ਐਮ.ਈਜ਼. ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ਵਿੱਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ਵਿੱਚ ਮਿਲੇਗੀ।

ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ: ਮੰਤਰੀ ਮੰਡਲ ਨੇ ਸੂਬੇ ਦੀਆਂ ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਸਹਾਇਕ ਸਟਾਫ ਤੋਂ ਇਲਾਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਦੀਆਂ 80 ਅਸਾਮੀਆਂ ਸ਼ਾਮਲ ਹਨ। ਇਸ ਕਦਮ ਨਾਲ ਸੂਬੇ ਵਿੱਚ ਨਵੀਆਂ ਅਦਾਲਤਾਂ ਦੇ ਗਠਨ ਵਿਚ ਮਹੱਤਵਪੂਰਨ ਸਹਾਇਤਾ ਮਿਲੇਗੀ ਜਿਸ ਨਾਲ ਅਧੀਨ ਅਦਾਲਤਾਂ ਵਿਚ ਬਕਾਏ ਅਦਾਲਤੀ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਨਵੀਆਂ ਅਸਾਮੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਸੂਬੇ ਦੀ ਨਿਆਂ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।

ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਖੋਜ, ਗਰੁੱਪ-ਏ ਸਰਵਿਸਜ਼ ਰੂਲਜ਼-2022 ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਜਲ ਸਰੋਤ ਵਿਭਾਗ ਦੀਆਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੋਜ ਅਫਸਰਾਂ ਦੀ 9 ਅਸਾਮੀਆਂ ਅਤੇ ਸਹਾਇਕ ਖੋਜ ਅਫਸਰਾਂ ਦੀਆਂ 26 ਅਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਪਰ ਮੌਜੂਦਾ ਨਿਯਮਾਂ ਵਿਚ ਸਿੱਧੀ ਜਾਂ ਤਰੱਕੀ ਕੋਟੇ ਦੇ ਅਨੁਪਾਤ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸ ਕਦਮ ਨਾਲ ਵਿਭਾਗ ਦੀਆਂ ਪ੍ਰਸ਼ਾਸਕੀ ਲੋੜਾਂ ਨੂੰ ਪੂਰਾ ਕਰਨ ਵਿਚ ਮਦਦ ਮਿਲੇਗੀ ਤਾਂ ਕਿ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਮੰਤਰੀ ਮੰਡਲ ਨੇ ਬਿਲਡਿੰਗ ਫਿਸਕਲ ਐਂਡ ਇੰਸਟੀਚਿਊਸ਼ਨਲ ਰੀਸਾਇਲੈਂਸ ਫਾਰ ਗ੍ਰੋਥ ਪ੍ਰੋਜੈਕਟ ਲਈ ਵਿਚਾਰ-ਚਰਚਾ ਅਤੇ ਭਾਰਤ ਸਰਕਾਰ ਦੇ ਵਿੱਤ ਮਾਮਲਿਆਂ ਬਾਰੇ ਵਿਭਾਗ ਅਤੇ ਵਿਸ਼ਵ ਬੈਂਕ (ਨਿਰਮਾਣ ਤੇ ਵਿਕਾਸ ਲਈ ਅੰਤਰਰਾਸ਼ਟਰੀ ਬੈਂਕ) ਨਾਲ ਇਕਰਾਰਨਾਮਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਨਾਲ ਸੂਬਾ ਸਰਕਾਰ ਨੂੰ ਅਗਲੇ ਪੰਜ ਸਾਲਾਂ ਵਿਚ ਰਾਜ ਭਰ ਅਤੇ ਸ਼ਹਿਰੀ ਪੱਧਰ ਵਿਚ ਪ੍ਰਮੁੱਖ ਸੁਧਾਰਾਂ ਲਈ ਮਦਦ ਮਿਲੇਗੀ ਅਤੇ ਪੰਜ ਵਿਭਾਗ ਲਾਗੂ ਕਰਨ ਵਾਲੀਆਂ ਏਜੰਸੀਆਂ ਵਜੋਂ ਕੰਮ ਕਰਨਗੇ।

ਪੰਜਾਬ ਖੇਤੀਬਾੜੀ ਉਤਪਾਦ ਮੰਡੀ ਐਕਟ ਵਿਚ ਸੋਧ ਨੂੰ ਪ੍ਰਵਾਨਗੀ: ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਤਪਾਦ ਐਕਟ ਦੀ ਧਾਰਾ 12 ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਸਮੇਂ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਨਵੇਂ ਪ੍ਰਸ਼ਾਸਕ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਭੰਗ ਕੀਤੀਆਂ ਮਾਰਕੀਟ ਕਮੇਟੀਆਂ ਦੀ ਥਾਂ ਉਤੇ ਪ੍ਰਸ਼ਾਸਕ ਨਿਯੁਕਤ ਕਰੇਗੀ, ਜੋ ਇਕ ਸਾਲ ਦੇ ਸਮੇਂ ਲਈ ਜਾਂ ਨਵੀਆਂ ਮਾਰਕੀਟ ਕਮੇਟੀਆਂ ਦੀ ਨਾਮਜ਼ਦਗੀਆਂ ਤੱਕ, ਜੋ ਵੀ ਪਹਿਲਾਂ ਹੋਵੇ, ਡਿਊਟੀ ਨਿਭਾਉਂਦੇ ਹੋਏ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ।

ਦੱਸਣਯੋਗ ਹੈ ਕਿ ਸੂਬੇ ਵਿਚ 156 ਮਾਰਕੀਟ ਕਮੇਟੀਆਂ ਹਨ ਜਿਨ੍ਹਾਂ ਵਿਚ ਚੇਅਰਮੈਨ, ਉਪ ਚੇਅਰੈਮਨ ਅਤੇ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ ਪਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਮੌਜੂਦਾ ਕਮੇਟੀਆਂ ਭੰਗ ਕਰਕੇ ਨਵੇਂ ਪ੍ਰਸ਼ਾਸਕਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਲਿਆ।

ਡੀ.ਪੀ.ਆਈ. (ਕਾਲਜਾਂ), ਭਾਸ਼ਾ ਵਿਭਾਗ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ: ਪੰਜਾਬ ਕੈਬਨਿਟ ਨੇ ਡੀ.ਪੀ.ਆਈ. (ਕਾਲਜਾਂ) ਦੀ ਸਾਲ 2017-18, 2018-19, 2019-20 ਅਤੇ 2020-21, ਭਾਸ਼ਾ ਵਿਭਾਗ ਪੰਜਾਬ ਦੀਆਂ ਸਾਲ 2016-17, 2017-18, 2018-19, 2019-20 ਅਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਇਲਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀਆਂ ਸਾਲ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨ ਕਰ ਲਿਆ ਹੈ।

ਇਹ ਵੀ ਪੜੋ: ਵੱਡੀ ਖ਼ਬਰ: ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਵੇਗੀ ਸਰਕਾਰ, ਕੈਬਨਿਟ ’ਚ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.