ETV Bharat / city

ਮੁਫ਼ਤ ਬਿਜਲੀ ਨੂੰ ਲੈਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਸਰਕਾਰ, ਕਿਹਾ....

author img

By

Published : Jul 24, 2022, 12:45 PM IST

ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਲੈਕੇ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਤੋਂ ਉਲਟ ਹੁਣ ਮੁਫ਼ਤ ਬਿਜਲੀ ਸਹੂਲਤ 'ਚ ਸ਼ਰਤਾਂ ਲਗਾ ਕੇ 80 ਪ੍ਰਤੀਸ਼ਤ ਲੋਕਾਂ ਨੂੰ ਇਸ ਤੋਂ ਬਾਹਰ ਕਰ ਦਿੱਤਾ ਗਿਆ।

ਮੁਫ਼ਤ ਬਿਜਲੀ ਨੂੰ ਲੈਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਸਰਕਾਰ
ਮੁਫ਼ਤ ਬਿਜਲੀ ਨੂੰ ਲੈਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਸਰਕਾਰ

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਕਾਂਗਰਸ ਅਤੇ ਅਕਾਲੀ ਦਲ ਨੇ ‘ਆਪ’ ਸਰਕਾਰ ਦੇ ਸਵੈ-ਘੋਸ਼ਣਾ ਪੱਤਰ ਵਿੱਚ ਦਿੱਤੀਆਂ ਸ਼ਰਤਾਂ ਨੂੰ ਗਿਣਾਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀ ਕੋਈ ਸ਼ਰਤ ਨਹੀਂ ਸੀ। ਹੁਣ ਪੰਜਾਬੀਆਂ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ।

ਇਹ ਹਨ ਮੁਫਤ ਬਿਜਲੀ ਦੀਆਂ ਸ਼ਰਤਾਂ: ਬਿਜਲੀ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਰਿਵਾਰ ਜਾਂ ਘਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਇਨਕਮ ਟੈਕਸ ਨਹੀਂ ਅਦਾ ਕਰਦਾ ਹੋਵੇ। ਜੇਕਰ ਭਵਿੱਖ ਵਿੱਚ ਆਮਦਨ ਕਰ ਦਾਇਰੇ ਵਿੱਚ ਆਉਂਦਾ ਹੈ ਤਾਂ ਅਸੀਂ ਖੁਦ ਬਿਜਲੀ ਅਧਿਕਾਰੀ ਨੂੰ ਸੂਚਿਤ ਕਰਾਂਗੇ। ਇਸ ਦੇ ਨਾਲ ਹੀ ਪਰਿਵਾਰ ਦੇ ਕਿਸੇ ਮੈਂਬਰ ਨੇ ਸੰਵਿਧਾਨਕ ਅਹੁਦਾ ਨਹੀਂ ਸੰਭਾਲਿਆ ਅਤੇ ਨਾ ਹੀ ਹੁਣ ਹੈ। ਇਸ ਤੋਂ ਇਲਾਵਾ ਪਰਿਵਾਰ ਦਾ ਕੋਈ ਵੀ ਮੈਂਬਰ ਮੰਤਰੀ, ਸੰਸਦ ਮੈਂਬਰ, ਵਿਧਾਇਕ, ਨਗਰ ਕੌਂਸਲ ਮੈਂਬਰ, ਮੇਅਰ ਜਾਂ ਜ਼ਿਲ੍ਹਾ ਪੰਚਾਇਤ ਚੇਅਰਮੈਨ ਨਹੀਂ ਹੋਣਾ ਚਾਹੀਦਾ ਸੀ ਅਤੇ ਨਾ ਹੀ ਹੈ। ਇਸ ਦੇ ਨਾਲ ਹੀ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਾ ਹੋਵੇ। ਪਰਿਵਾਰ ਦੀ ਮਹੀਨਾਵਾਰ ਪੈਨਸ਼ਨ 10 ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਨਹੀਂ ਹੈ। ਪਰਿਵਾਰ ਵਿੱਚ ਕੋਈ ਡਾਕਟਰ, ਇੰਜੀਨੀਅਰ, ਵਕੀਲ, ਚਾਰਟਰਡ ਅਕਾਊਂਟੈਂਟ ਜਾਂ ਆਰਕੀਟੈਕਟ ਨਹੀਂ ਹੈ।

ਮੁਫ਼ਤ ਬਿਜਲੀ ਦੀਆਂ ਸ਼ਰਤਾਂ ਵਾਲਾ ਘੋਸ਼ਣਾ ਪੱਤਰ
ਮੁਫ਼ਤ ਬਿਜਲੀ ਦੀਆਂ ਸ਼ਰਤਾਂ ਵਾਲਾ ਘੋਸ਼ਣਾ ਪੱਤਰ

ਕੁਝ ਲੋਕਾਂ ਨੂੰ ਹੀ ਮਿਲੇਗਾ ਲਾਭ: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਵੀ ਵਿਅਕਤੀ, ਜੋ ਕਿਸੇ ਵੀ ਵਿਭਾਗ ਦਾ ਮੌਜੂਦਾ ਜਾਂ ਸਾਬਕਾ ਸਰਕਾਰੀ ਕਰਮਚਾਰੀ ਹੈ ਜਾਂ ਆਮਦਨ ਕਰ ਅਦਾ ਕਰਦਾ ਹੈ, ਨੂੰ ਮੁਫਤ ਬਿਜਲੀ ਦੀ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਇਹ ਸਧਾਰਨ ਗੱਲ ਹੈ ਕਿ ਪੰਜਾਬ ਦੇ ਕੁਝ ਕੁ ਪਰਿਵਾਰਾਂ ਨੂੰ ਹੀ ਇਸ ਦਾ ਲਾਭ ਮਿਲੇਗਾ। ਪੰਜਾਬੀਆਂ ਨੂੰ ਮੁਫ਼ਤ ਬਿਜਲੀ ਮਿਲੇ ਜਾਂ ਨਾ ਮਿਲੇ ਪਰ ਉਨ੍ਹਾਂ ਨੂੰ ਨਵਾਂ ਘੋਸ਼ਣਾ ਪੱਤਰ ਜ਼ਰੂਰ ਮਿਲਿਆ ਹੈ।

ਸਿਆਸੀ ਸਟੰਟ ਮੁਫ਼ਤ ਬਿਜਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਮਹਿਜ਼ ਸਿਆਸੀ ਸਟੰਟ ਸਾਬਤ ਹੋਈ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਪਰਿਵਾਰ ਜੋ ਇਨਕਮ ਟੈਕਸ ਅਦਾ ਕਰਦਾ ਹੈ, ਸਰਕਾਰੀ ਪੈਨਸ਼ਨ ਲੈਂਦਾ ਹੈ ਜਾਂ ਸਰਕਾਰੀ ਮੁਲਾਜ਼ਮ ਹੈ ਤਾਂ ਉਸ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਆਮ ਆਦਮੀ ਪਾਰਟੀ ਨੇ ਸ਼ਰਤਾਂ ਲਗਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਹੁਣ ਅਜਿਹੀਆਂ ਸ਼ਰਤਾਂ ਕਿਉਂ ਲਗਾਈਆਂ ਹਨ?

80 ਪ੍ਰਤੀਸ਼ਤ ਤੋਂ ਵੱਧ ਪਰਿਵਾਰ ਸਹੂਲਤ ਤੋਂ ਬਾਹਰ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਕਾਰਨ 80 ਫੀਸਦੀ ਪਰਿਵਾਰ ਮੁਫਤ ਬਿਜਲੀ ਦੀ ਸਹੂਲਤ ਤੋਂ ਵਾਂਝੇ ਹਨ। ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਸੀ ਕਿ ਇਸ ਸਕੀਮ ਦਾ 51 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਹੁਣ ਇਹ ਨੋਟੀਫਿਕੇਸ਼ਨ ਆ ਗਿਆ ਹੈ। ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਦੇ ਸਾਰੇ ਦਾਅਵੇ ਖੋਖਲੇ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।

ਇਹ ਵੀ ਪੜ੍ਹੋ: ਸੂਬੇ 'ਚ 600 ਯੂਨਿਟ ਮੁਫ਼ਤ ਬਿਜਲੀ ਦਾ ਨੋਟੀਫਿਕੇਸ਼ਨ ਜਾਰੀ, ਇੰਨ੍ਹਾਂ ਵਰਗਾਂ ਨੂੰ ਮਿਲੇਗਾ ਲਾਭ

ETV Bharat Logo

Copyright © 2024 Ushodaya Enterprises Pvt. Ltd., All Rights Reserved.