ETV Bharat / state

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ 800 ਦੇ ਕਰੀਬ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ

author img

By ETV Bharat Punjabi Team

Published : Nov 23, 2023, 9:19 PM IST

Sri Guru Nanak Dev ji Birthday: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਦੂਤਾਵਾਸ ਨੂੰ 1684 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸੀ, ਜਿੰਨ੍ਹਾਂ 'ਚ 800 ਦੇ ਕਰੀਬ ਸ਼ਰਧਾਲੂਆਂ ਦੇ ਹੀ ਵੀਜ਼ੇ ਲੱਗੇ ਹਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇੱਕ ਵਿਸ਼ਾਲ ਜੱਥਾ ਪਾਕਿਸਤਾਨ ਦੇ ਲਈ ਭਲਕੇ ਰਵਾਨਾ ਹੋਵੇਗਾ, ਜਿਸ ਤੋਂ ਪਹਿਲਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀਜ਼ੇ ਕੱਟੇ ਜਾਣ ਨੂੰ ਲੈ ਕੇ ਪਾਕਿਸਤਾਨ ਦੂਤਾਵਾਸ ਉੱਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ ਹਨ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਵਾਰ ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਸਤੇ ਵੀਜ਼ੇ ਅਪਲਾਈ ਕੀਤੇ ਜਾਂਦੇ ਹਨ ਤਾਂ ਅੱਧੇ ਨਾਲੋਂ ਜਿਆਦਾ ਵੀਜ਼ੇ ਦੂਤਾਵਾਸ ਵੱਲੋਂ ਕੱਟ ਦਿੱਤੇ ਜਾਂਦੇ ਹਨ।

ਸ਼ਰਧਾਲੂਆਂ ਦੇ ਵੀਜ਼ੇ ਕੱਟਣਾ ਮੰਦਭਾਗਾ: ਇਸ ਮੌਕੇ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 800 ਦੇ ਕਰੀਬ ਸ਼ਰਧਾਲੂਆਂ ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲੱਗਭਗ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਗਏ ਹਨ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਜ਼ਰੂਰ ਠੇਸ ਪਹੁੰਚੀ ਹੈ।

ਪਾਕਿਸਤਾਨੀ ਦੂਤਾਵਾਸ ਨੂੰ ਮਿਲੇਗਾ ਵਫ਼ਦ: ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ ਪਰ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ।

ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜੱਥਾ: ਕਾਬਿਲੇਗੌਰ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜੱਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜੱਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ। ਇਸ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਨੂੰ ਲੈ ਕੇ ਵੀ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਫੀਸ ਵਿਦੇਸ਼ੀ ਲੋਕਾਂ ਲਈ ਹੈ, ਜਿਸ 'ਚ ਪਾਕਿਸਤਾਨ ਸਰਕਾਰ ਵਲੋਂ ਕੋਈ ਮਿਊਜ਼ੀਅਮ ਬਣਾਇਆ ਗਿਆ ਹੈ, ਉਸ ਦੀ ਰੱਖੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਵਲੋਂ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਨੂੰ ਮੰਦਭਾਗਾ ਦੱਸਦਿਆਂ ਜਾਂਚ ਦੀ ਗੱਲ ਆਖੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.