ETV Bharat / state

Daily Hukamnama 12 May : ੨੯ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : May 12, 2023, 7:10 AM IST

Daily Hukamnama 12 May 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama 12 May
Daily Hukamnama 12 May

ਅੱਜ ਦਾ ਮੁੱਖਵਾਕ: ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸ਼ੁੱਕਰਵਾਰ, ੨੯ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) ੧੨ ਮਈ, ੨੦੨੩ (ਅੰਗ: ੭੦੯)

ਪੰਜਾਬੀ ਵਿਆਖਿਆ:- ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।

(ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.