ETV Bharat / state

Daily Hukamnama 14 June: ੩੧ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : Jun 14, 2023, 6:41 AM IST

Daily Hukamnama 14 June, 2023: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ: ਧਨਾਸਰੀ ਮਹਲਾ ੧ ਘਰੁ ੧ ਚਉਪਦੇ, ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਬੁੱਧਵਾਰ, ੩੧ ਜੇਠ (ਸੰਮਤ ੫੫੫ ਨਾਨਕਸ਼ਾਹੀ) ੧੪ ਜੂਨ, ੨੦੨੩ (ਅੰਗ: ੬੬੦)

ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੧ ਘਰੁ ੧ ਚਉਪਦੇ, ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.