ETV Bharat / state

ਕਿਸਾਨ ਆਗੂ ਵਿਰੁੱਧ ਹੋਏ ਪਰਚੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸੰਘਰਸ਼ ਦਾ ਐਲਾਨ

author img

By

Published : Jun 24, 2023, 7:27 AM IST

ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਦੌਰਾਨ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਕਿਸਾਨ ਆਗੂਆਂ ਵਿਰੁੱਧ ਕੀਤੇ ਪਰਚੇ ਰੱਦ ਨਾ ਕੀਤਾ ਗਏ ਤਾਂ ਉਹ ਸੰਘਰਸ਼ ਕਰਨਗੇ।

Bharatiya Kisan Union Ekta Dakoanda
Bharatiya Kisan Union Ekta Dakoanda

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਗਰਾਜ ਸਿੰਘ ਹਰਦਾਸਪੁਰਾ ਦੀ ਅਗਵਾਈ ਹੇਠ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਬਰਨਾਲਾ ਵਿਖੇ ਹੋਈ। ਮੀਟਿੰਗ ਵਿੱਚ ਹੋਏ ਫੈਸਲਿਆਂ ਸਬੰਧੀ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਉਲਟਾ ਚੋਰ ਕੋਤਵਾਲ ਕੋ ਡਾਂਟੇ ਵਾਲੀ ਕਹਾਵਤ ਬਰਨਾਲਾ ਪੁਲਿਸ ਤੇ ਐਨ ਢੁੱਕਵੀਂ ਹੈ। ਜਿਸਨੇ ਐਫਆਈਆਰ ਪੁਲਿਸ ਸਟੇਸ਼ਨ ਸਿਟੀ ਬਰਨਾਲਾ ਵਿਖੇ ਅਰੁਣ ਕੁਮਾਰ ਵਾਹਿਗੁਰੂ ਸਿੰਘ ਆਸਥਾ ਕਲੋਨੀ ਬਰਨਾਲਾ ਵਿਰੁੱਧ ਧਾਰਾ 323, 341,427,186, 506 ਤਹਿਤ ਪਰਚਾ ਦਰਜ ਕਰ ਦਿੱਤਾ ਹੈ।

ਭਾਕਿਯੂ ਏਕਤਾ ਡਕੌਂਦਾ ਦੇ ਕਾਰਕੁੰਨ ਖ਼ਿਲਾਫ਼ ਪੁਲਿਸ ਵੱਲੋਂ ਨਜਾਇਜ਼ ਪਰਚਾ ਦਰਜ ਕਰਨ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਦੀਆਂ ਪਿੰਡ-ਪਿੰਡ ਅਰਥੀਆਂ ਸਾੜਨ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਅਰੁਣ ਕੁਮਾਰ ਵਾਹਿਗੁਰੂ ਸਿੰਘ ਆਸਥਾ ਕਲੋਨੀ ਦੇ ਮਾਲਕ ਸੋਨੀ ਵੱਲੋਂ ਮਿਉਂਸਪਲ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਖ਼ਿਲਾਫ਼ 30/08/2022 ਨੂੰ ਦਿੱਤੀ ਦਰਖਾਸਤ ਬਾਰੇ ਜਾਣਕਾਰੀ ਹਾਸਲ ਕਰਨ ਗਿਆ ਸੀ। ਮਿਉਂਸਪਲ ਕਮੇਟੀ ਅਧਿਕਾਰੀਆਂ ਸਲੀਮ ਮੁਹੰਮਦ ਜੇਈ ਅਤੇ ਹੋਰ ਕਰਮਚਾਰੀਆਂ ਨੂੰ ਨਾਲ ਲੈਕੇ ਆਸਥਾ ਕਲੋਨੀ ਬਰਨਾਲਾ ਦੇ ਕਾਲੋਨਾਈਜ਼ਰ ਸੋਨੀ ਦੀ ਸ਼ਹਿ ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੀ ਧਾਰਮਿਕ ਆਸਥਾ ਨੂੰ ਵੀ ਠੇਸ ਪਹੁੰਚਾਈ। ਅਰੁਣ ਕੁਮਾਰ ਵਾਹਿਗੁਰੂ ਸਿੰਘ ਨੇ ਪੁਲਿਸ ਕੋਲ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਦੌਰਾਨ ਆਪਣਾ ਬਿਆਨ ਪੁਲਿਸ ਕੋਲ ਦਰਜ ਕਰਵਾਇਆ ਸੀ। 20 ਜੂਨ ਨੂੰ ਗੁੰਡਾਗਰਦੀ ਖ਼ਿਲਾਫ਼ ਕੀਤੇ ਜਾਣ ਵਾਲੇ ਮੁਜ਼ਾਹਰੇ ਤੋਂ ਪਹਿਲਾਂ ਪੁਲਿਸ ਨੇ ਮਾਮੂਲੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਖਾਨਾ ਪੂਰਤੀ ਕਰ ਦਿੱਤੀ।

ਉਹਨਾਂ ਨੇ ਕਿਹਾ ਕਿ ਪੁਲਿਸ ਦੇ ਇਸ ਪੱਖਪਾਤੀ ਰਵੱਈਏ ਬਾਰੇ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਮੰਗ ਕੀਤੀ ਸੀ ਕਿ ਸਾਰੇ ਦੋਸ਼ੀਆਂ ਨੂੰ ਬਣਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਜਾਵੇ। ਪਰ ਪੁਲਿਸ ਨੇ 21/06/2023 ਨੂੰ ਉਲਟਾ ਅਰੁਣ ਕੁਮਾਰ ਵਾਹਿਗੁਰੂ ਸਿੰਘ ਦੇ ਖ਼ਿਲਾਫ਼ ਹੀ ਉਸ ਦੀ ਕੁੱਟਮਾਰ ਕਰਨ ਵਾਲੇ ਮਿਉਂਸਪਲ ਕਮੇਟੀ ਦੇ ਜੇਈ ਦੀ ਸ਼ਿਕਾਇਤ ਤੇ ਸਖਤ ਧਾਰਾਵਾਂ ਤਹਿਤ ਝੂਠਾ ਪਰਚਾ ਦਰਜ ਕਰ ਦਿੱਤਾ ਹੈ। ਅੱਜ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਮਿਉਂਸਪਲ ਅਧਿਕਾਰੀਆਂ ਦੀ ਗੁੰਡਾਗਰਦੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਫਤਾ ਭਰ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਦੀਆਂ ਪਿੰਡ-ਪਿੰਡ ਅਰਥੀਆਂ ਸਾੜਕੇ ਇਨ੍ਹਾਂ ਦਾ ਚਿਹਰਾ ਬੇਨਕਾਬ ਕੀਤਾ ਜਾਵੇਗਾ ਅਤੇ ਅਗਲੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ।

1 ਜੁਲਾਈ ਦੀ ਸੂਬਾਈ ਮੀਟਿੰਗ ਵਿੱਚ ਗੁੰਡਾ-ਪੁਲਿਸ-ਸਿਆਸੀ-ਕਲੋਨਾਈਜਰਾਂ ਦੇ ਗੱਠਜੋੜ ਨੂੰ ਬੇਨਕਾਬ ਕਰਨ ਲਈ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ, ਕਾਲੋਨਾਈਜ਼ਰਾਂ ਨਾਲ ਮਿਲਕੇ ਬੇਨਿਯਮੀਆਂ ਰਾਹੀਂ ਸੈਂਕੜੇ ਕਰੋੜਾਂ ਰੁਪਏ ਦਾ ਚੂਨਾ ਸਰਕਾਰ ਨੂੰ ਲਗਾ ਰਹੇ ਹਨ। ਜਿਸ ਕਰੋੜਾਂ ਰੁਪਏ ਘਪਲਿਆਂ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਸਖ਼ਤ ਜ਼ਰੂਰਤ ਹੈ। ਆਗੂਆਂ ਸਾਰੀਆਂ ਪਿੰਡ ਇਕਾਈਆਂ ਨੂੰ ਅਪੀਲ ਕੀਤੀ ਕਿ ਪਿੰਡ-ਪਿੰਡ ਅਰਥੀਆਂ ਸਾੜਨ ਦੇ ਪ੍ਰੋਗਰਾਮ ਨੂੰ ਗੁੰਡਾ-ਪੁਲਿਸ-ਸਿਆਸੀ ਗੱਠਜੋੜ ਦੇ ਵਡੇਰੇ ਚੈਲੰਜ ਵਜੋਂ ਕਬੂਲ ਕਰਦਿਆਂ ਅਰਥੀ ਸਾੜ੍ਹ ਪ੍ਰੋਗਰਾਮ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.