ETV Bharat / state

SKM Barnala Protest News : ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਘੇਰਨ ਦੀ ਤਿਆਰੀ, ਜਾਣੋ ਵਜ੍ਹਾਂ

author img

By ETV Bharat Punjabi Team

Published : Sep 6, 2023, 5:31 PM IST

SKM Barnala Protest News
SKM Barnala Protest News

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਤੇ ਪ੍ਰੋਗਰਾਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਰੋਜ਼ਾ ਭਾਜਪਾ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ।

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਤੇ ਪ੍ਰੋਗਰਾਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ 3 ਰੋਜ਼ਾ ਭਾਜਪਾ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ।

ਮੀਟਿੰਗ ੳਪਰੰਤ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ, ਹਰਮੰਡਲ ਸਿੰਘ ਜੋਧਪੁਰ, ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਸੁਖਵਿੰਦਰ ਸਿੰਘ ਉੱਪਲੀ, ਅਮਰਜੀਤ ਸਿੰਘ ਠੁੱਲੀਵਾਲ ਅਤੇ ਰਾਮ ਸਿੰਘ ਸ਼ਹਿਣਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 11-12-13 ਤਿੰਨ ਰੋਜ਼ਾ ਧਰਨਿਆਂ ਸਬੰਧੀ ਗੰਭੀਰ ਵਿਚਾਰ ਚਰਚਾ ਕੀਤੀ ਗਈ ਹੈ।

ਮੀਟਿੰਗ ਵਿੱਚ ਵਿਚਾਰ ਚਰਚਾ ਉਪਰੰਤ ਫੈਸਲਾ ਕੀਤਾ ਗਿਆ ਕਿ ਭਾਕਿਯੂ ਏਕਤਾ ਡਕੌਂਦਾ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਐਸਕੇਐਮ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਰਿਹਾਇਸ਼ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨਾ ਦਿੱਤਾ ਜਾਵੇਗਾ, ਕਿਉਂਕਿ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਨੇ ਹੀ ਬਾਂਹ ਨਹੀਂ ਫੜੀ, ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਹੈ। ਕੁੰਭਕਰਨੀ ਨੀਂਦ ਸੁੱਤੇ ਕੇਂਦਰੀ ਅਤੇ ਸੂਬਾਈ ਹਾਕਮਾਂ ਨੂੰ ਜਗਾਉਣ ਅਤੇ ਮੁਆਵਜ਼ਾ ਹਾਸਲ ਕਰਨ ਲਈ ਇਹ ਵਿਸ਼ਾਲ ਤਿੰਨ ਰੋਜ਼ਾ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹੜ੍ਹਾਂ ਦੀ ਮਾਰ ਕਿਸਾਨ ਝੱਲ ਰਹੇ ਹਨ।

ਪਰ, ਸੂਬੇ ਅਤੇ ਕੇਂਦਰ ਦੀ ਸਰਕਾਰ ਦੋਵਾਂ ਵਿੱਚੋਂ ਕਿਸੇ ਨੇ ਕਿਸਾਨਾਂ ਲਈ ਕੋਈ ਰਾਹਤ ਪੈਕੇਜ ਜਾਂ ਮੁਆਵਜ਼ੇ ਦਾ ਅਜੇ ਤੱਕ ਐਲਾਨ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ, ਪੰਜਾਬ ਅੰਦਰ ਨਸ਼ਿਆਂ ਦੀ ਅਲਾਮਤ ਦਾ ਮਹੱਤਵਪੂਰਨ ਮਸਲਾ ਵੀ ਵਿਚਾਰਿਆ ਗਿਆ। ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਲੋਕਾਂ ਨੂੰ ਸ਼ਾਮਿਲ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜਥੇਬੰਦਕ ਅਦਾਰਿਆਂ ਦੀ ਮਜ਼ਬੂਤੀ ਲਈ ਨਵੇਂ ਸਿਰਿਉਂ ਜਥੇਬੰਦਕ ਚੋਣਾਂ ਦੇ ਅਮਲ ਨੂੰ ਤੇਜ਼ ਕਰਕੇ ਪਿੰਡ ਪੱਧਰੀ ਮੈਂਬਰਸ਼ਿਪ ਕਰਕੇ ਤਿੰਨੇ ਬਲਾਕਾਂ ਦੀ ਚੋਣ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਸਮੇਂ ਬਾਬੂ ਸਿੰਘ ਖੁੱਡੀ ਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਕਾਲਾ ਜੈਦ, ਅਮਨਦੀਪ ਰਾਏਸਰ, ਕੁਲਵਿੰਦਰ ਸਿੰਘ ਉੱਪਲੀ, ਰਾਣਾ ਸਿੰਘ ਉੱਪਲੀ, ਸੁਖਦੇਵ ਸਿੰਘ, ਕੁਲਵੰਤ ਸਿੰਘ ਹੰਢਿਆਇਆ, ਕੁਰੜ, ਭਾਗ ਸਿੰਘ ਕੁਰੜ, ਅਮਰਜੀਤ ਸਿੰਘ ਠੁੱਲੀਵਾਲ, ਜਰਨੈਲ ਸਿੰਘ ਖੁੱਡੀਕਲਾਂ, ਬੂਟਾ ਸਿੰਘ ਫਰਵਾਹੀ ਅਤੇ ਬਲਵੰਤ ਸਿੰਘ ਠੀਕਰੀਵਾਲਾ ਆਦਿ ਕਿਸਾਨ ਆਗੂ ਵੀ ਹਾਜ਼ਰ ਰਹੇ। ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਐਸਮਾ ਲਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.