ETV Bharat / state

ਪੰਜਾਬ ਦੌਰੇ 'ਤੇ ਕਾਂਗਰਸ ਦੇ ਸੂਬਾ ਇੰਚਾਰਜ ਦਵਿੰਦਰ ਯਾਦਵ, ਆਗੂਆਂ ਨੂੰ ਇੱਕ ਬੇੜੀ 'ਚ ਸਵਾਰ ਕਰਨਾ ਵੱਡਾ ਚੈਲੰਜ

author img

By ETV Bharat Punjabi Team

Published : Jan 10, 2024, 11:18 AM IST

Updated : Jan 10, 2024, 12:14 PM IST

ਪੰਜਾਬ ਦੌਰੇ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ
ਪੰਜਾਬ ਦੌਰੇ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ

Punjab Congress Clash: ਲੋਕ ਸਭਾ ਚੋਣਾਂ ਸਿਰ 'ਤੇ ਹਨ ਅਤੇ ਕਾਂਗਰਸ ਦੀ ਆਪਸੀ ਖਿੱਚੋਤਾਣ ਪਹਿਲਾਂ ਦੀ ਤਰ੍ਹਾਂ ਜਾਰੀ ਹੈ। ਉਧਰ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਪੰਜਾਬ ਦੌਰੇ 'ਤੇ ਹਨ, ਜਿੰਨ੍ਹਾਂ ਵਲੋਂ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਬਠਿੰਡਾ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਸਰਗਰਮੀਆਂ ਆਰੰਭੀਆਂ ਹੋਈਆਂ ਹਨ, ਉੱਥੇ ਹੀ ਕਾਂਗਰਸ ਵਿੱਚ ਸਭ ਕੁਝ ਠੀਕ ਨਜ਼ਰ ਨਹੀਂ ਆ ਰਿਹਾ। ਭਾਵੇਂ ਕਾਂਗਰਸ ਵੱਲੋਂ ਪੰਜਾਬ ਦਾ ਨਵਾਂ ਇੰਚਾਰਜ ਦਵਿੰਦਰ ਯਾਦਵ ਨੂੰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਨੂੰ ਠੱਲ ਪੈ ਸਕੇ। ਜਿਸ ਦੇ ਚੱਲਦੇ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੂੰ ਪੰਜਾਬ ਦੌਰੇ 'ਤੇ ਭੇਜਿਆ ਗਿਆ ਹੈ।

ਇੰਚਾਰਜ ਦੀ ਮੀਟਿੰਗ ਤੋਂ ਸਿੱਧੂ ਗਾਇਬ: ਦਵਿੰਦਰ ਯਾਦਵ ਵੱਲੋਂ ਜਿੱਥੇ ਲਗਾਤਾਰ ਪਾਰਟੀ ਵਰਕਰਾਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਵਿੱਚ ਜਗ੍ਹਾ-ਜਗ੍ਹਾ ਜਾ ਕੇ ਕਾਂਗਰਸ ਨੂੰ ਮਜਬੂਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਦੂਸਰੇ ਪਾਸੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਿੱਚ ਆਪਸੀ ਮਤਭੇਦ ਹਾਲੇ ਵੀ ਬਰਕਰਾਰ ਹਨ। ਪੰਜਾਬ ਕਾਂਗਰਸ ਦੀ ਬੈਠਕ ਦਵਿੰਦਰ ਯਾਦਵ ਦੀ ਅਗਵਾਈ ਵਿੱਚ ਚੰਡੀਗੜ੍ਹ ਦਫਤਰ ਵਿਖੇ ਰੱਖੀ ਗਈ ਸੀ। ਇਸ ਮੀਟਿੰਗ ਵਿੱਚ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ, ਉੱਥੇ ਹੀ ਦੂਸਰੇ ਪਾਸੇ ਇਸ ਮੀਟਿੰਗ ਵਿੱਚ ਆਉਣ ਦੀ ਬਜਾਏ ਨਵਜੋਤ ਸਿੰਘ ਸਿੱਧੂ ਵੱਲੋਂ ਹੁਸ਼ਿਆਰਪੁਰ ਵਿਖੇ ਜਾ ਕੇ ਰੈਲੀ ਨੂੰ ਸੰਬੋਧਿਤ ਕੀਤਾ ਗਿਆ।

ਆਪਣੀ ਹੀ ਲੀਡਰਸ਼ਿਪ 'ਤੇ ਸਵਾਲ ਚੁੱਕ ਰਹੇ ਨਵਜੋਤ ਸਿੱਧੂ : ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਵੀ ਦੋ ਰੈਲੀਆਂ ਕੀਤੀਆਂ ਗਈਆਂ ਹਨ। ਜਿਸ ਦਾ ਕਾਂਗਰਸੀ ਵਰਕਰਾਂ ਵੱਲੋਂ ਹੀ ਵਿਰੋਧ ਕੀਤਾ ਗਿਆ ਸੀ ਕਿਉਂਕਿ ਨਵਜੋਤ ਸਿੰਘ ਸਿੱਧੂ ਵੱਲੋਂ ਜਿੱਥੇ ਇਹਨਾਂ ਰੈਲੀਆਂ ਦੌਰਾਨ ਵਿਰੋਧੀਆਂ 'ਤੇ ਨਿਸ਼ਾਨੇ ਸਾਧੇ ਗਏ ਸਨ, ਉੱਥੇ ਹੀ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਨਾਂ ਲਏ ਬਗੈਰ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ ਸਨ। ਬੀਤੀ 7 ਜਨਵਰੀ ਨੂੰ ਬਠਿੰਡਾ ਦੇ ਕੋਟਸ਼ਮੀਰ ਵਿਖੇ ਹੋਈ ਰੈਲੀ ਦਾ ਕਾਂਗਰਸੀਆਂ ਵੱਲੋਂ ਇੱਕ ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਕਰਕੇ ਵਿਰੋਧ ਕੀਤਾ ਗਿਆ ਸੀ ਅਤੇ ਨਵਜੋਤ ਸਿੰਘ ਸਿੱਧੂ 'ਤੇ ਪਾਰਟੀ ਵਰਕਰਾਂ ਵਿੱਚ ਦੁਚਿੱਤੀ ਦਾ ਮਾਹੌਲ ਪੈਦਾ ਕਰਨ ਦੀ ਗੱਲ ਆਖੀ ਗਈ ਸੀ।

ਲੀਡਰਸ਼ਿਪ ਨੇ ਬਣਾਈ ਨਵਜੋਤ ਸਿੱਧੂ ਤੋਂ ਦੂਰੀ: ਨਵਜੋਤ ਸਿੰਘ ਸਿੱਧੂ ਵੱਲੋਂ ਜਿੱਥੇ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਪੰਜਾਬ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਸਰੇ ਪਾਸੇ ਇਹਨਾਂ ਰੈਲੀਆਂ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਕਿਤੇ ਨਜ਼ਰ ਨਹੀਂ ਆ ਰਹੀ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਨਵਜੋਤ ਸਿੰਘ ਸਿੱਧੂ ਤੋਂ ਵੀ ਲਗਾਤਾਰ ਦੂਰੀ ਬਣਾਈ ਹੋਈ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਜਿੱਥੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ 'ਤੇ ਨਾਮ ਲਏ ਬਿਨਾਂ ਨਿਸ਼ਾਨੇ ਸਾਧੇ ਜਾ ਰਹੇ ਹਨ, ਉੱਥੇ ਹੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸਿੱਧੂ ਦੀਆਂ ਰੈਲੀਆਂ ਨੂੰ ਲੈ ਕੇ ਕਿਸੇ ਵੀ ਵਿਵਾਦ ਤੋਂ ਬਚਣ ਲਈ ਸੋਚ ਸਮਝ ਕੇ ਬਿਆਨ ਦਿੱਤੇ ਜਾ ਰਹੇ ਹਨ।

ਵਰਕਰਾਂ ਵਲੋਂ ਸਿੱਧੂ ਦੀ ਰੈਲੀ ਦਾ ਕੀਤਾ ਗਿਆ ਸੀ ਵਿਰੋਧ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ 'ਤੇ ਟਿੱਪਣੀ ਕਰਨ ਤੋਂ ਗੁਰੇਜ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੇ ਝੰਡੇ ਹੇਠ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਪ੍ਰਚਾਰ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਜੇਕਰ ਇਸੇ ਤਰ੍ਹਾਂ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਚਲਦੀ ਰਹੀ ਤਾਂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਸ ਦਾ ਕਿੰਨਾ ਕੁ ਅਸਰ ਵੇਖਣ ਨੂੰ ਮਿਲੇਗਾ ਅਤੇ ਕੀ ਇਸ ਨਾਲ ਪਾਰਟੀ ਦੇ ਵਰਕਰਾਂ ਦਾ ਮਨੋਬਲ ਕਾਇਮ ਰਹੇਗਾ। ਉਧਰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਵੀ ਦਖਲ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਉਹਨਾਂ ਵੱਲੋਂ ਸਿੱਧੂ ਨੂੰ ਪੰਜਾਬ ਵਿੱਚ ਰੈਲੀਆਂ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਹੋਏ ਮਨ ਮਟਾਵ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਲੀਡਰਸ਼ਿਪ ਨੂੰ ਆਪਸੀ ਮਤਭੇਦ ਦੂਰ ਕਰਨੇ ਚਾਹੀਦੇ: ਕਾਂਗਰਸ ਦੇ ਚੱਲ ਰਹੇ ਇਸ ਵਿਵਾਦ 'ਤੇ ਟਿੱਪਣੀ ਕਰਦੇ ਹੋਏ ਸੀਨੀਅਰ ਪੱਤਰਕਾਰ ਚੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਕਾਂਗਰਸ ਨੂੰ ਚਾਹੀਦਾ ਹੈ ਕਿ ਉਹ ਸੀਨੀਅਰ ਲੀਡਰਸ਼ਿਪ ਵਿਚਲੇ ਆਪਸੀ ਮਤਭੇਦਾਂ ਨੂੰ ਦੂਰ ਕਰੇ। ਜੇਕਰ ਆਉਣ ਵਾਲੇ ਸਮੇਂ ਵਿੱਚ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਦਾ ਖਮਿਆਜਾ ਕਾਂਗਰਸ ਨੂੰ ਭੁਗਤਣਾ ਪਵੇਗਾ ਕਿਉਂਕਿ ਪੰਜਾਬ ਵਿੱਚ ਪਹਿਲਾਂ ਹੀ ਕਾਂਗਰਸ ਆਪਸੀ ਖਿੱਚੋਤਾਣ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਵਧੀਆ ਕਾਰਗੁਜ਼ਾਰੀ ਨਹੀਂ ਵਿਖਾ ਸਕੀ।

Last Updated :Jan 10, 2024, 12:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.