ETV Bharat / state

Punjabi language: ਪੰਜਾਬ ਅੰਦਰ ਹੁਣ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਪੰਜਾਬੀ 'ਚ ਲਗਾਉਣੇ ਪੈਣਗੇ ਬੋਰਡ, ਨਹੀਂ ਮੰਨਿਆ ਸਰਕਾਰੀ ਫਰਮਾਨ ਤਾਂ ਹੋਵੇਗਾ ਵੱਡਾ ਜ਼ੁਰਮਾਨਾ

author img

By

Published : Feb 21, 2023, 8:20 PM IST

Big decision of Punjab government in favor of Punjabi language
Punjabi language: ਪੰਜਾਬ ਅੰਦਰ ਹੁਣ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਪੰਜਾਬੀ 'ਚ ਲਗਾਉਣੇ ਪੈਣਗੇ ਬੋਰਡ, ਨਹੀਂ ਮੰਨਿਆ ਸਰਕਾਰੀ ਫਰਮਾਨ ਤਾਂ ਹੋਵੇਗਾ ਵੱਡਾ ਜ਼ੁਰਮਾਨਾ

ਮਾਂ ਬੋਲੀ ਪੰਜਾਬੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਕੀਤਾ ਹੈ। ਹੁਣ ਪੰਜਾਬ ਦੇ ਅੰਦਰ ਮਾਂ ਬੋਲੀ ਪੰਜਾਬੀ ਵਿੱਚ ਸਭ ਦੁਕਾਨਦਾਰਾਂ-ਕਾਰੋਬਾਰੀਆਂ ਨੂੰ ਬੋਰਡ ਲਗਾਉਣੇ ਪੈਣਗੇ। ਪੰਜਾਬ ਸਰਕਾਰ ਨੇ ਮਾਂ ਬੋਲੀ ਪੰਜਾਬੀ ਨੂੰ ਸੂਬੇ ਅੰਦਰ ਸਭ ਤੋਂ ਵੱਡਾ ਦਰਜਾ ਦੇਣ ਦੇ ਲਈ ਇਹ ਕਦਮ ਚੁੱਕਿਆ ਹੈ। ਜੇਕਰ ਕੋਈ ਵੀ ਇਸ ਨਿਰਦੇਸ਼ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਜ਼ੁਰਮਾਨਾ ਭਰਨਾ ਪਵੇਗਾ। ਇਸ ਤੋਂ ਇਲਾਵਾ ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਹੋਰ ਵੀ ਕਈ ਅਹਿਮ ਫੈਸਲਿਆਂ ਉੱਤੇ ਮੋਹਰ ਲਾਈ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੋਧ ਅਨੁਸਾਰ ਹਰੇਕ ਅਦਾਰੇ ਲਈ ਬੋਰਡ 'ਤੇ ਪੰਜਾਬੀ ਭਾਸ਼ਾ ਵਿੱਚ ਆਪਣਾ ਨਾਂ ਦਰਸਾਉਣਾ ਲਾਜ਼ਮੀ ਹੋਵੇਗਾ । ਹਾਲਾਂਕਿ, ਬੋਰਡ 'ਤੇ ਨਾਮ ਲਿਖਣ ਲਈ ਗੁਰਮੁਖੀ ਲਿਪੀ ਤੋਂ ਇਲਾਵਾ ਇਸ ਤੋਂ ਹੇਠ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜਿਨ੍ਹਾਂ ਅਦਾਰਿਆਂ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ ਹੈ, ਉਨ੍ਹਾਂ ਨੂੰ ਇਹ ਨਿਯਮ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ ਅੰਦਰ ਅਜਿਹਾ ਕਰਨਾ ਹੋਵੇਗਾ। ਨਵੇਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਦੇ ਬਾਅਦ ਹਰੇਕ ਉਲੰਘਣ ਲਈ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਸੀ.ਐਲ.ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ: ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਕੇ ਸੂਬੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਜ਼ਮੀਨ ਦੇ ਕਿਸੇ ਵੀ ਹਿੱਸੇ 'ਤੇ ਕੋਈ ਵੀ ਉਸਾਰੀ ਗਤੀਵਿਧੀ ਸ਼ੁਰੂ ਕਰਨ ਲਈ ਸੀ.ਐਲ.ਯੂ. ਦੀ ਪ੍ਰਵਾਨਗੀ ਲੈਣਾ ਲਾਜ਼ਮੀ ਹੈ, ਜਿਸ ਤੋਂ ਬਾਅਦ ਹੀ ਸਬੰਧਤ ਗਤੀਵਿਧੀ ਲਈ ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਸ ਸਾਰੀ ਪ੍ਰਕਿਰਿਆ ਵਿੱਚ ਕਈ ਵਾਰ ਛੇ ਮਹੀਨਿਆਂ ਤੋਂ ਵੱਧ ਸਮਾਂ ਲੱਗ ਜਾਂਦਾ ਹੈ ਜਿਸ ਕਾਰਨ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਹੁੰਦੀ ਹੈ। ਪਰ ਹੁਣ ਸੀ.ਐਲ.ਯੂ., ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਇਕੋ ਸਮੇਂ ਦਿੱਤੀ ਜਾਵੇਗੀ ਜਿਸ ਨਾਲ ਉਪਰੋਕਤ ਇਜਾਜ਼ਤ ਦੇਣ ਦੀ ਸਮਾਂ-ਸੀਮਾ 45-60 ਦਿਨਾਂ ਤੱਕ ਘਟ ਜਾਵੇਗੀ।

ਪੀੜਤਾਂ ਲਈ ਰਾਖਵਾਂਕਰਨ: ਮੰਤਰੀ ਮੰਡਲ ਨੇ ਅਰਬਨ ਅਸਟੇਟ ਇੰਪਰੂਵਮੈਂਟ ਟਰੱਸਟ, ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਅਤੇ ਹੋਰਨਾਂ ਵੱਲੋਂ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪਲਾਟਾਂ ਮਕਾਨਾਂ ਦੀ ਅਲਾਟਮੈਂਟ ਵਿੱਚ ਦੰਗਾ ਅੱਤਵਾਦ ਪੀੜਤਾਂ ਨੂੰ 5 ਫ਼ੀਸਦ ਰਾਖਵਾਂਕਰਨ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਲਿਸੀ ਦੀ ਮਿਆਦ 31 ਦਸੰਬਰ 2021 ਨੂੰ ਖਤਮ ਹੋ ਗਈ ਸੀ ਪਰ ਇਸ ਫੈਸਲੇ ਨਾਲ ਪਾਲਿਸੀ ਦੀ ਮਿਆਦ ਨੂੰ ਹੋਰ ਪੰਜ ਸਾਲ ਭਾਵ 31 ਦਸੰਬਰ, 2026 ਤੱਕ ਵਧਾ ਦਿੱਤਾ ਜਾਵੇਗਾ।

ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ: ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023 ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ "ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023" ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਆਪਣੀਆਂ ਸਟੇਟ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. ਰਾਹੀਂ ਵੱਖ-ਵੱਖ ਮਨੋਨੀਤ ਕੇਂਦਰਾਂ ਮੰਡੀਆਂ ਤੋਂ ਅਨਾਜ ਦੀ ਖਰੀਦ ਕਰਦੀ ਹੈ। ਸਾਲ 2023 ਦੌਰਾਨ ਅਨਾਜ ਦੀ ਢੋਆ-ਢੁਆਈ, ਅਨਾਜ ਦੀ ਲੇਬਰ ਅਤੇ ਕਾਰਟੇਜ ਦੇ ਕੰਮ ਮੁਕਾਬਲੇ ਵਾਲੀ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ।

ਇਹ ਵੀ ਪੜ੍ਹੋ: Cabinet meeting: ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਐਲਾਨ, ਮਾਰਚ ਤੋਂ 'ਆਪ' ਦਾ ਪਲੇਠਾ ਬਜਟ ਸੈਸ਼ਨ

ਪਟਵਾਰੀਆਂ ਦੀ ਵਧਾਈ ਤਨਖ਼ਾਹ: ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ 'ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000 ਰੁਪਏ ਤੋਂ ਵਧਾ ਕੇ 35000 ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਲ ਵਿਭਾਗ ਸੂਬੇ ਦੇ ਪ੍ਰਮੁੱਖ ਵਿਭਾਗਾਂ ਵਿੱਚੋਂ ਇੱਕ ਹੈ ਅਤੇ ਮਾਲ ਪਟਵਾਰੀਆਂ ਦੀ ਮੁੱਖ ਡਿਊਟੀ ਪੁਰਾਣੇ ਮਾਲ ਰਿਕਾਰਡ ਦੀ ਸਾਂਭ-ਸੰਭਾਲ ਅਤੇ ਰਿਕਾਰਡ ਦਾ ਰੱਖ-ਰਖਾਅ ਅਤੇ ਅਪਡੇਟ ਕਰਨਾ ਹੈ। ਮਾਲ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮਾਲ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਹਾਲਾਂਕਿ, ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰ ਇਹ ਪਟਵਾਰੀ ਡੇਢ ਸਾਲ ਦੀ ਸਿਖਲਾਈ ਪੂਰੀ ਕਰਨ ਉਪਰੰਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਸਕਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.