ETV Bharat / state

ਸੁੱਖ ਦਾ ਸਾਹ ਲਊ ਸਰਕਾਰ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਵੱਡੀ ਰਾਹਤ

author img

By

Published : Aug 17, 2023, 3:13 PM IST

ਕੈਬਨਿਟ ਮੰਤਰੀ ਕਟਾਰੂਚੱਕ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਵੱਡੀ ਰਾਹਤ
ਕੈਬਨਿਟ ਮੰਤਰੀ ਕਟਾਰੂਚੱਕ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਵੱਡੀ ਰਾਹਤ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਜਿਨਸੀ ਸ਼ੋਸ਼ਣ ਮਾਮਲੇ 'ਚ ਵੱਡੀ ਰਾਹਤ ਮਿਲੀ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਮੰਤਰੀ ਖਿਲਾਫ਼ ਚਲਾਇਆ ਗਿਆ ਕੇਸ ਪੀੜਤ ਦੀ ਸ਼ਿਕਾਇਤ ਵਾਪਸ ਲੈਣ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਜਿਨਸੀ ਸ਼ੋਸ਼ਣ ਦੇ ਕੇਸ ਨੂੰ ਬੰਦ ਕਰ ਦਿੱਤਾ ਹੈ। ਕੌਮੀ ਕਮਿਸ਼ਨ ਦੀ ਇਸ ਕਾਰਵਾਈ ਤੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਰਾਹਤ ਮਿਲੀ ਹੈ। ਕਮਿਸ਼ਨ ਨੇ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਵੱਲੋਂ 11 ਜੁਲਾਈ ਨੂੰ ਕੌਮੀ ਕਮਿਸ਼ਨ ਨੂੰ ਪੱਤਰ ਭੇਜ ਕੇ ਕਟਾਰੂਚੱਕ ਖ਼ਿਲਾਫ਼ ਦਰਜ ਕੀਤੀ ਸ਼ਿਕਾਇਤ ਵਾਪਸ ਲੈਣ ਮਗਰੋਂ ਕੇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਮਈ ਮਹੀਨੇ ਹੋਈ ਸੀ ਸ਼ਿਕਾਇਤ ਦਰਜ: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ 10 ਅਗਸਤ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਹੈ ਕਿ ਕੇਸ਼ਵ ਕੁਮਾਰ ਦਾ ਕੇਸ ਹੁਣ ਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੇਸ਼ਵ ਕੁਮਾਰ ਨੇ 5 ਮਈ 2023 ਨੂੰ ਰਾਸ਼ਟਰੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ 2013 ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਹੇ ਹਨ ਅਤੇ ਡਰ ਕਾਰਨ ਉਹ ਹੁਣ ਤੱਕ ਸ਼ਿਕਾਇਤ ਦਰਜ ਨਹੀਂ ਕਰਵਾ ਸਕਿਆ ਕਿਉਂਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਪੰਜਾਬ ਪੁਲਿਸ ਨੂੰ ਵੀ ਜਾਂਚ ਲਈ ਲਿਖਿਆ ਸੀ ਪੱਤਰ: ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕੌਮੀ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਵੀ ਜਾਂਚ ਲਈ ਪੱਤਰ ਲਿਖਿਆ ਸੀ। ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਾਂਚ ਦੌਰਾਨ ਕੇਸ਼ਵ ਕੁਮਾਰ ਨੇ ਵਿਸ਼ੇਸ਼ ਜਾਂਚ ਟੀਮ ਨੂੰ ਦਰਖਾਸਤ ਦਿੱਤੀ ਸੀ ਕਿ ਉਹ ਉਸ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ ਹੈ। ਕੇਸ਼ਵ ਕੁਮਾਰ ਦੀ ਇਸ ਅਰਜ਼ੀ ਤੋਂ ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ ਮਿਲੀ ਸੀ।

ਨਾਬਾਲਗ ਹੋਣ ਦੀ ਹੋ ਗਈ ਸੀ ਪੁਸ਼ਟੀ: ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਨਰਿੰਦਰ ਭਾਰਗਵ ਨੇ ਕੇਸ਼ਵ ਕੁਮਾਰ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ ਅਤੇ ਮੁੱਢਲੇ ਪੜਾਅ ’ਤੇ ਕੇਸ਼ਵ ਕੁਮਾਰ ਦੇ ਸਕੂਲ ਵਿੱਚੋਂ ਜਨਮ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ। ਜਿਸ ਵਿੱਚ ਕੇਸ਼ਵ ਕੁਮਾਰ ਨਾਲ ਜਿਨਸੀ ਸ਼ੋਸ਼ਣ ਦੌਰਾਨ ਨਾਬਾਲਗ ਹੋਣ ਦੀ ਪੁਸ਼ਟੀ ਹੋ ਗਈ ਸੀ।

ਖਹਿਰਾ ਨੇ ਸਾਹਮਣੇ ਲਿਆਂਦਾ ਸੀ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਕੇਸ਼ਵ ਦੇ ਨਾਬਾਲਗ ਹੋਣ ਦੀ ਪੁਸ਼ਟੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਸੰਕਟ ਦੀ ਘੜੀ ਵਿੱਚ ਕੁਝ ਰਾਹਤ ਮਿਲੀ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਭ ਤੋਂ ਪਹਿਲਾਂ ਇਹ ਮਾਮਲਾ ਉਜਾਗਰ ਕੀਤਾ ਸੀ। ਖਹਿਰਾ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕੀਤੀ ਸੀ, ਜਿਸ ਦੇ ਆਧਾਰ 'ਤੇ ਰਾਜਪਾਲ ਨੇ ਮਾਮਲੇ ਦੀ ਜਾਂਚ ਚੰਡੀਗੜ੍ਹ ਦੀ ਫੋਰੈਂਸਿਕ ਲੈਬ ਤੋਂ ਕਰਵਾਈ ਸੀ। ਕੌਮੀ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਸੀ ਅਤੇ ਹੁਣ ਜਦੋਂ ਕੇਸ਼ਵ ਕੁਮਾਰ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ ਤਾਂ ਕੌਮੀ ਕਮਿਸ਼ਨ ਕੋਲ ਇਸ ਮਾਮਲੇ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ।

ਰਾਜਪਾਲ ਨੇ ਕੀਤੀ ਸੀ ਅਹੁਦੇ ਤੋਂ ਲਾਂਬੇ ਕਰਨ ਦੀ ਮੰਗ: ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਤਰੀ ਦੇ ਖਿਲਾਫ ਦੁਬਾਰਾ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਮੀਡੀਆ ਰਾਹੀਂ ਵੀ ਕਾਰਵਾਈ ਦੀ ਮੰਗ ਕਰਦੇ ਹਨ। ਦਰਅਸਲ ਰਾਜਪਾਲ ਕਟਾਰੂਚੱਕ ਦੀ ਕਥਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਤੋਂ ਹੀ ਸੀਐਮ ਮਾਨ ਨੂੰ ਕਾਰਵਾਈ ਕਰਨ ਲਈ ਕਹਿ ਰਹੇ ਸਨ, ਪਰ ਪੰਜਾਬ ਸਰਕਾਰ ਵੱਲੋਂ ਇਸ 'ਤੇ ਕੋਈ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਸੀ।

ਪਿਛਲੇ ਦਿਨੀਂ ਵੀ ਉਠੀ ਕੈਬਨਿਟ ਤੋਂ ਲਾਂਬੇ ਕਰਨ ਦੀ ਮੰਗ: ਇਸ ਦੇ ਨਾਲ ਹੀ ਹੁਣ ਕਾਂਗਰਸ ਵਲੋਂ ਇੱਕ ਹੋਰ ਮਾਮਲੇ 'ਚ ਮੰਤਰੀ ਕਟਾਰੂਚੱਕ ਨੂੰ ਲਾਂਬੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿਸ 'ਚ ਉਨ੍ਹਾਂ ਦਾ ਇਲਜ਼ਾਮ ਹੈ ਕਿ ਮੰਤਰੀ ਨੇ ਇੱਕ ਡੀਡੀਪੀਓ ਨੂੰ ਦਿਨਾਂ 'ਚ ਤਰੱਕੀ ਦੇ ਕੇ ਕਈ ਏਕੜ ਜ਼ਮੀਨ ਦਾ ਘਪਲਾ ਕੀਤਾ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਮੰਤਰੀ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.