ETV Bharat / state

ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ: ਕਟਾਰੂਚੱਕ

author img

By

Published : Oct 29, 2022, 7:12 PM IST

ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ
ਝੋਨੇ ਦੀ ਖਰੀਦ 100 ਲੱਖ ਮੀਟਰਿਕ ਟਨ ਤੋਂ ਪਾਰ

ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ ਸਮੇਂ-ਸਿਰ ਖਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ।

ਚੰਡੀਗੜ੍ਹ: ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਸਿਖਰਾਂ 'ਤੇ ਹੈ। ਖਰੀਦ ਸੀਜ਼ਨ ਸ਼ੁਰੂ ਹੋਣ ਦੇ ਮਹਿਜ਼ ਚਾਰ ਹਫ਼ਤਿਆਂ ਅੰਦਰ ਮੰਡੀਆਂ ਵਿੱਚ ਹੁਣ ਤੱਕ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਤਕਰੀਬਨ 104 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਦੇ ਪਹਿਲੇ ਦਿਨ ਤੋਂ ਜਿਸ ਮੰਡੀ ਵਿੱਚ ਵੀ ਕਿਸਾਨ ਆਪਣੀ ਫਸਲ ਲੈ ਕੇ ਆਇਆ ਹੈ, ਓਥੇ ਫ਼ਸਲ ਦੀ ਸਮੇਂ-ਸਿਰ ਖਰੀਦ, ਅਦਾਇਗੀ ਅਤੇ ਚੁਕਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿਛਲੇ ਚਾਰ ਹਫਤਿਆਂ ਦੌਰਾਨ ਲਗਭਗ ਹਰ ਜ਼ਿਲੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਅਤੇ ਸਾਰੇ ਭਾਈਵਾਲਾਂ ਨੇ ਉਨ੍ਹਾਂ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 7.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਲਗਭਗ ਸਾਰੇ ਝੋਨੇ ਦੀ ਖਰੀਦ ਵੀ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਸਿਰਫ਼ ਇੱਕ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਬਕਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖਰੀਦ ਕੀਤੀ ਜਾ ਰਹੀ ਹੈ।

ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਦੀ ਅਦਾਇਗੀ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਉਪਰੰਤ ਇਹ ਰਾਸ਼ੀ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਖਰੀਦ ਗਤੀਵਿਧੀਆਂ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖ ਰਹੇ ਹਨ ਅਤੇ ਖਰੀਦ ਏਜੰਸੀਆਂ ਦੇ ਸਾਰੇ ਮੈਨੇਜਿੰਗ ਡਾਇਰੈਕਟਰ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੀ ਮੰਡੀਆਂ ਦਾ ਦੌਰਾ ਕਰ ਰਹੇ ਹਨ।

ਇਹ ਵੀ ਪੜ੍ਹੋ: ਬਾਰਡਰ 'ਤੇ ਲੱਗੀਆਂ ਕੰਡਿਆਲੀਆਂ ਤਾਰਾ ਨੂੰ ਅੱਗੇ ਵਧਾਉਣ ਦੀ ਫੌਜੀ ਅਧਿਕਾਰੀਆਂ ਵੱਲੋਂ ਸ਼ਲਾਘਾ

ETV Bharat Logo

Copyright © 2024 Ushodaya Enterprises Pvt. Ltd., All Rights Reserved.