ਚੰਡੀਗੜ੍ਹ ਦੇ ਮੇਅਰ ਦੀ ਚੋਣ ਟਲੀ; ਆਪ-ਕਾਂਗਰਸ ਵਲੋਂ ਪ੍ਰਦਰਸ਼ਨ, AAP ਵਲੋਂ ਹਾਈਕਰੋਟ ਵਿੱਚ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ

author img

By ETV Bharat Punjabi Desk

Published : Jan 18, 2024, 7:35 AM IST

Updated : Jan 18, 2024, 2:41 PM IST

CHANDIGARH MAYOR ELECTION VOTING

Chandigarh mayor Election: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਵੋਟਿੰਗ ਹੋਣੀ ਸੀ। ਇਹ ਚੋਣ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਜਿਸ ਦੇ ਵਿਰੁੱਧ ਆਪ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ। ਮੇਅਰ ਚੋਣ ਮਾਮਲੇ ਵਿੱਚ ਡਬਲ ਬੈਂਚ ਦੁਪਹਿਰ 3 ਵਜੇ ਫੈਸਲਾ ਸੁਣਾਏਗੀ।

ਕਾਂਗਰਸ ਅਤੇ 'ਆਪ' ਨੇ ਭਾਜਪਾ ਖ਼ਿਲਾਫ਼ ਕੀਤਾ ਜ਼ਬਰਦਸਤ ਪ੍ਰਦਰਸ਼ਨ

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਚੋਣ ਹੋਣੀ ਸੀ। ਇਹ ਚੋਣ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੀਜ਼ਾਈਡਿੰਗ ਅਫਸਰ ਛੁੱਟੀ 'ਤੇ ਚਲਾ ਗਿਆ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਚੰਡੀਗੜ੍ਹ ਨਗਰ ਨਿਗਮ ਦੇ ਬਾਹਰ ਹੰਗਾਮਾ ਕਰ ਦਿੱਤਾ। ਇਸ ਤੋਂ ਇਲਾਵਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਨਗਰ ਨਿਗਮ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਚੋਣਾਂ ਮੁਲਤਵੀ ਹੋਣ ਦੀ ਸੂਚਨਾ 'ਤੇ ਕਾਂਗਰਸੀ ਕੌਂਸਲਰਾਂ ਨੇ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਕਾਂਗਰਸ ਪ੍ਰਧਾਨ ਐਚ.ਐਸ.ਲੱਕੀ ਨੇ ਕਿਹਾ ਕਿ ਸਾਨੂੰ ਸੁਨੇਹਾ ਭੇਜਿਆ ਗਿਆ ਹੈ। ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਕੌਣ ਹੈ, ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੀ ਬਿਮਾਰੀ ਕਾਰਨ ਅੱਜ ਚੋਣਾਂ ਨਹੀਂ ਹੋਣਗੀਆਂ। ਹਾਲਾਂਕਿ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਹੁਣ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਜਾਣਗੇ।

ਆਪ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ: ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਚੋਣਾਂ ਮੁਲਤਵੀ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਆਪ ਨੇ ਪਟੀਸ਼ਨ 'ਚ ਕਿਹਾ ਕਿ ਚੋਣਾਂ ਨੂੰ ਗ਼ਲਤ ਤਰੀਕੇ ਨਾਲ ਮੁਲਤਵੀ ਕੀਤਾ ਗਿਆ ਹੈ। ਹਾਈਕੋਰਟ ਵਿੱਚ ਪੰਜਾਬ ਦੇ ਏ.ਜੀ ਵੀ ਮੌਜੂਦ ਰਹੇ, ਉਨ੍ਹਾਂ ਕਿਹਾ ਕਿ ਨਵਾਂ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਕੇ ਚੋਣਾਂ ਕਰਵਾਈਆਂ ਜਾਣ।

ਦਰਅਸਲ INDIA ਗਠਜੋੜ ਦੇ ਤਹਿਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਾਂਝੇ ਤੌਰ 'ਤੇ ਇਸ ਚੋਣ ਵਿਚ ਭਾਜਪਾ ਨੂੰ ਮੁਕਾਬਲਾ ਦੇਣ ਦੀ ਤਿਆਰੀ ਕਰ ਲਈ ਹੈ। ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਇਹ ਪਹਿਲਾ ਮੁਕਾਬਲਾ ਸੀ। ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਅੱਜ ਵੋਟਿੰਗ ਹੋਣੀ ਸੀ। ਵੋਟਿੰਗ ਪ੍ਰਕਿਰਿਆ ਸਵੇਰੇ 11 ਵਜੇ ਤੋਂ ਸ਼ੁਰੂ ਹੋਣੀ ਸੀ ਪਰ ਅਜਿਹਾ ਨਹੀਂ ਹੋਇਆ।

ਸੁਰੱਖਿਆ ਦੇ ਸਖ਼ਤ ਪ੍ਰਬੰਧ: ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਚੰਡੀਗੜ੍ਹ ਦੇ ਸੈਕਟਰ 17 ਵਿੱਚ 600 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਨਗਰ ਨਿਗਮ ਦੇ ਨੇੜੇ ਨਹੀਂ ਆਉਣ ਦਿੱਤਾ ਜਾਵੇਗਾ। ਵਾਹਨਾਂ ਦੀ ਆਵਾਜਾਈ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਹਰ ਸਾਲ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੀ ਚੋਣ ਹੁੰਦੀ ਹੈ। 2016 ਤੋਂ ਹੁਣ ਤੱਕ ਚੰਡੀਗੜ੍ਹ ਵਿੱਚ ਭਾਜਪਾ ਦੇ ਉਮੀਦਵਾਰ ਮੇਅਰ ਦੇ ਅਹੁਦੇ ’ਤੇ ਕਾਬਜ਼ ਹਨ।


Last Updated :Jan 18, 2024, 2:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.