ETV Bharat / state

ਮੁੱਖ ਮੰਤਰੀ ਭਗਵੰਤ ਮਾਨ 76ਵੇਂ ਸੁਤੰਤਰਤਾ ਦਿਵਸ ਮੌਕੇ 76 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਕਰਨਗੇ ਸਮਰਪਿਤ: ਡਾ. ਬਲਬੀਰ ਸਿੰਘ

author img

By

Published : Aug 13, 2023, 4:28 PM IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਨੇ ਲਗਭਗ ਇੱਕ ਸਾਲ ਪੂਰਾ ਕਰ ਲਿਆ ਹੈ, ਜਿਸ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ।

CM Mann Dedicate 76 Aam Aadmi Clinics to the people of the state on the occasion of 76th Independence Day: Dr. Balbir Singh
ਮੁੱਖ ਮੰਤਰੀ ਭਗਵੰਤ ਮਾਨ 76ਵੇਂ ਸੁਤੰਤਰਤਾ ਦਿਵਸ ਮੌਕੇ 76 ਹੋਰ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਕਰਨਗੇ ਸਮਰਪਿਤ: ਡਾ. ਬਲਬੀਰ ਸਿੰਘ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਭਗ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ,180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ।


ਡਾ.ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ,2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਹਨਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਹਨਾਂ ਦੀ ਕੀਤਮ ਲਗਭਗ 30.25 ਕਰੋੜ ਰੁਪਏ ਹੈ।



ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨ: ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਅਤੇ ਦਰਜਾ 4/ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈ.ਟੀ.ਆਧਾਰਿਤ ਹਨ ਅਤੇ ਹਰੇਕ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਲਈ 1-1 ਟੈਬਲਟ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈ ਲਿਖਣੀ ਅਤੇ ਦਵਾਈਆਂ ਦੀ ਵੰਡ ਇਨ੍ਹਾਂ ਟੈਬਲਟਸ ਰਾਹੀਂ ਹੀ ਕੀਤੀ ਜਾ ਰਹੀ ਹੈ। ਸਿਹਤ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ,ਜਦਕਿ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀ.ਜੀ.ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫਸਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।




ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ : ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਇਮਾਰਤਾਂ ਨੂੰ ਲੋੜ ਅਨੁਸਾਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਟਿਆਲਾ ਵਿੱਚ 233 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਦਕਿ ਅੰਮ੍ਰਿਤਸਰ ਵਿੱਚ ਪੀਈਟੀ ਸੀ.ਟੀ ਸਕੈਨ ਅਤੇ ਨਿਊਕਲੀਅਰ ਵਿਭਾਗ ਸਮੇਤ ਅਧੁਨਿਕ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।



ਸੀਐਮ ਦੀ ਯੋਗਸ਼ਾਲਾ: ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਇੱਕ ਸ਼ਾਨਦਾਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ ਜੋ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਰੋਜ਼ਾਨਾ ਲਗਾਏ ਜਾ ਰਹੇ 281 ਯੋਗਾ ਕੈਂਪਾਂ ਵਿੱਚ 7000 ਤੋਂ ਵੱਧ ਲੋਕ ‘ਸੀਐਮ ਦੀ ਯੋਗਸ਼ਾਲਾ’ ਦਾ ਲਾਭ ਲੈ ਰਹੇ ਹਨ ਅਤੇ ਹੁਣ ਇਨ੍ਹਾਂ ਕੈਂਪਾਂ ਦੀ ਗਿਣਤੀ ਵਧਾ ਕੇ 1000 ਕਰ ਦਿੱਤੀ ਜਾਵੇਗੀ, ਜਿਸ ਨਾਲ 25000 ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।



ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਹੋਰ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਬਿਮਾਰੀਆਂ ਦਾ ਸ਼ੁਰੂਆਤ ਵਿੱਚ ਹੀ ਪਤਾ ਲਗਾਉਣ ਲਈ ਸਿਹਤ ਟੀਮਾਂ ਵੱਲੋਂ 3 ਕਰੋੜ ਪੰਜਾਬੀਆਂ ਦੇ ਬਲੱਡ ਪ੍ਰੈਸ਼ਰ, ਸ਼ੂਗਰ, ਬਾਡੀ ਮਾਸ ਇੰਡੈਕਸ (ਬੀ.ਐੱਮ.ਆਈ.) ਅਤੇ ਬੇਸਿਕ ਮੈਟਾਬੋਲਿਕ ਰੇਟ ਦੀ ਜਾਂਚ ਕੀਤੀ ਜਾਵੇਗੀ। ਪਟਿਆਲਾ ਤੋਂ ਸ਼ੁਰੂ ਕੀਤੇ ਜਾਣ ਵਾਲੇ ਇਸ ਪ੍ਰਮੁੱਖ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਵਿੱਚ ਲਗਭਗ 1 ਲੱਖ ਲੋਕਾਂ ਦੀ ਜਾਂਚ ਕੀਤੀ ਜਾਵੇਗੀ।

(Press Note)

ETV Bharat Logo

Copyright © 2024 Ushodaya Enterprises Pvt. Ltd., All Rights Reserved.