ETV Bharat / state

ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਨਹੀਂ ਛੱਡੇਗੀ ਕੋਈ ਕਸਰ, ਏਸ਼ੀਆਈ ਤੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਦਿੱਤਾ 33.83 ਕਰੋੜ ਰੁਪਏ ਦਾ ਨਕਦ ਇਨਾਮ

author img

By ETV Bharat Punjabi Team

Published : Jan 16, 2024, 4:18 PM IST

Player Honors Ceremony: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33,85 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਸ਼ੂਟਰ ਸਿਫਤ ਕੌਰ ਸਮੇਤ ਕਈ ਨਾਂ ਸ਼ਾਮਲ ਹਨ।

CM Mann honored the winning players of punjab i National and Asian Games, players got 33.85 crores
ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਨਹੀਂ ਛੱਡੇਗੀ ਕੋਈ ਕਸਰ,ਏਸ਼ਿਆਈ ਤੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਦਿੱਤਾ 33.83 ਕਰੋੜ ਰੁਪਏ ਦਾ ਨਕਦ ਇਨਾਮ

ਚੰਡੀਗੜ੍ਹ : ਨੈਸ਼ਨਲ ਅਤੇ ਜੇਤੂ ਖਿਡਾਰੀਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸੈਕਟਰ-35 ਵਿਖੇ 33,85 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਸ਼ੂਟਰ ਡਾ.ਸਿਫ਼ਤ ਕੌਰ ਸਮੇਤ ਕਈ ਨਾਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਆਉਣ ਵਾਲੇ ਸਮੇਂ 'ਚ ਨੌਜਵਾਨਾਂ ਲਈ ਕਿਹੜੇ ਹੀਲੇ ਕੀਤੇ ਜਾਣਗੇ ਇਸ ਦੀ ਜਾਣਕਾਰੀ ਦਿੱਤੀ। ਨਾਲ ਹੀ ਕਿਹਾ ਕਿ ਖਿਡਾਰੀਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਦਾ 40 ਫੀਸਦੀ ਕੋਚਾਂ ਨੂੰ ਦਿੱਤਾ ਜਾਵੇਗਾ।

ਹਾਕੀ ਰਹੀ ਖਿੱਚ ਦਾ ਕੇਂਦਰ : ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ 28 ਸੋਨ, 38 ਚਾਂਦੀ ਅਤੇ 41 ਕਾਂਸੀ ਦੇ ਤਮਗੇ ਜਿੱਤ ਕੇ 100 ਤਮਗਿਆਂ ਦਾ ਅੰਕੜਾ ਪਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਏਸ਼ਿਆਈ ਖੇਡਾਂ ਦੌਰਾਨ 20 ਤਗਮੇ ਜਿੱਤ ਕੇ ਇਨ੍ਹਾਂ 107 ਤਗ਼ਮਿਆਂ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ 32 ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਅੱਠ ਸੋਨ ਤਮਗੇ, ਛੇ ਚਾਂਦੀ ਦੇ ਤਮਗੇ ਅਤੇ ਛੇ ਕਾਂਸੀ ਦੇ ਤਮਗੇ ਜਿੱਤ ਕੇ ਪੰਜਾਬ ਦੇ ਪ੍ਰਦਰਸ਼ਨ ਦਾ 72 ਸਾਲ ਪੁਰਾਣਾ ਰਿਕਾਰਡ ਤੋੜਿਆ ਹੈ।

  • ਸਾਡੇ ਖਿਡਾਰੀ ਸਾਡਾ ਮਾਣ.. ਨੈਸ਼ਨਲ ਖੇਡਾਂ ਤੇ ਏਸ਼ੀਅਨ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live... https://t.co/ls9b0Hj0de

    — Bhagwant Mann (@BhagwantMann) January 16, 2024 " class="align-text-top noRightClick twitterSection" data=" ">

ਓਲੰਪਿਕ ਦੀ ਤਿਆਰੀ ਲਈ 15 ਲੱਖ ਦੇਣਗੇ: ਮੁੱਖ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਸਫ਼ਲ ਹੁੰਦਾ ਹੈ, ਉਹ ਉਸ ਖੇਤਰ ਵਿੱਚ ਰੋਲ ਮਾਡਲ ਬਣ ਜਾਂਦਾ ਹੈ। ਪਰ, ਸਾਡੀ ਸਰਕਾਰ ਨੇ ਹੁਣ ਏਸ਼ੀਅਨ ਖੇਡਾਂ ਦੀਆਂ ਤਿਆਰੀਆਂ ਲਈ 8 ਲੱਖ ਰੁਪਏ ਦਿੱਤੇ ਹਨ, ਜਦੋਂ ਕਿ ਹੁਣ ਉਹ ਓਲੰਪਿਕ ਲਈ 15 ਲੱਖ ਰੁਪਏ ਦੇ ਰਹੀ ਹੈ। ਉਸ ਨੇ ਪਹਿਲਾਂ ਪਿੰਡ ਵਿੱਚ ਸਟੇਡੀਅਮ ਅਤੇ ਟਰੈਕ ਨਾ ਹੋਣ ਦੀ ਕਹਾਣੀ ਸੁਣਾਈ। ਇੱਕ ਲੜਕੇ ਦੀ ਕਹਾਣੀ ਵੀ ਦੱਸੀ ਜੋ ਫੌਜ ਵਿੱਚ ਚੁਣਿਆ ਗਿਆ ਸੀ,ਪਰ ਮੈਡੀਕਲ ਤੋਂ ਠੀਕ ਪਹਿਲਾਂ ਰੇਸਿੰਗ ਦੌਰਾਨ ਟਰੈਕਟਰ ਨਾਲ ਟਕਰਾ ਜਾਣ ਕਾਰਨ ਉਸਦੀ ਲੱਤ ਟੁੱਟ ਗਈ। ਇਸ ਦੇ ਨਾਲ ਹੀ ਖਿਡਾਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਸਿੰਥੈਟਿਕ ਟਰੈਕ 'ਤੇ 26 ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮਾਂ 'ਤੇ ਰੋਕ ਲਗਾ ਦਿੱਤੀ ਹੈ।

ਪੰਜਾਬ ਨੂੰ ਬਚਾਉਣ ਵਾਲੇ ਦੱਸਣ ਕਿ ਇਸ ਨੂੰ ਲੁੱਟਣ ਵਾਲੇ ਕੌਣ ਹਨ: ਇਸ ਮੌਕੇ ਜਿਥੇ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਸਰਾਹਿਆ ਉਥੇ ਹੀ ਉਹਨਾਂ ਨੇ ਸਿਆਸੀ ਪਾਰਟੀਆਂ 'ਤੇ ਵੀ ਤੰਜ ਕਸੇ। ਉਹਨਾਂ ਕਿਹਾ ਕਿ ਪੰਜਾਬ ਦੇ ਨੇਤਾ ਅੱਜਕਲ ਦਾਅਵਾ ਕਰਦੇ ਹਨ ਕਿ ਉਹ ਪੰਜਾਬ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ। ਪਰ ਇਹ ਕੋਈ ਨਹੀਂ ਦੱਸ ਰਿਹਾ ਕਿ ਪੰਜਾਬ ਨੂੰ ਕਿਸ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ ਸਿਰਫ਼ 20 ਮਹੀਨੇ ਹੀ ਹੋਏ ਹਨ। ਅਜਿਹੇ ਵਿੱਚ ਦੱਸੋ ਪੰਜਾਬ ਨੂੰ ਕਿਸਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂ ਆਪਣੀਆਂ ਵੱਡੀਆਂ-ਛੋਟੀਆਂ ਰੈਲੀਆਂ ਕਰਕੇ ਪਾਰਟੀ ਹਾਈਕਮਾਂਡ ਨਾਲ ਸੁਰਖੀਆਂ ਵਿੱਚ ਹਨ।

ਵਿਰੋਧੀਆਂ ਦਿੱਤੇ ਜਵਾਬ : ਵਿਰੋਧੀਆਂ ਦੀ ਬੇਤੁਕੀ ਬਿਆਨਬਾਜ਼ੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਪੰਜਾਬ ਨੂੰ ਬਚਾਉਣਾ ਚਾਹੁੰਦਾ ਹੈ ਪਰ ਇਹ ਦੱਸੋ ਕਿ ਸੂਬੇ ਨੂੰ ਕਿਸ ਨੇ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ਼ 20 ਮਹੀਨੇ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਹੈ ਪਰ ਇਹ ਲੋਕ ਤੇ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਵਿੱਚ ਸ਼ਾਸਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਪਰ ਹੁਣ ਉਹ ਅਜਿਹੇ ਬਿਆਨਾਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਆਗੂ ਹਮੇਸ਼ਾ ਸ਼ੇਖ਼ੀ ਮਾਰਦੇ ਹਨ ਕਿ ਉਹ ‘ਹਾਈ ਕਮਾਂਡ’ ਦੇ ਆਪਣੇ ਅਖੌਤੀ ਆਗੂਆਂ ਦੇ ਕੋਟੇ ਵਿੱਚੋਂ ਹਨ ਪਰ ਅਸਲ ਵਿੱਚ ਉਹ (ਮੁੱਖ ਮੰਤਰੀ) ਪੰਜਾਬੀਆਂ ਦੇ ਕੋਟੇ ਵਿੱਚੋਂ ਸੂਬੇ ਦੇ ਮੁਖੀ ਦੇ ਤੌਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਇੱਕ-ਇੱਕ ਕਦਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਕੰਮ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਮੁਤਾਬਕ ਹਨ, ਜਿਨ੍ਹਾਂ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਆ ਹੈ।

  • ਅੱਜ ਦਾ ਦਿਨ ਬਤੌਰ ਖੇਡ ਪ੍ਰੇਮੀ ਵੀ ਮੇਰੇ ਲਈ ਬਹੁਤ ਖਾਸ ਹੈ ਕਿਉਂਕਿ ਅੱਜ ਖੇਡਾਂ 'ਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਕੇ ਸਨਮਾਨਿਤ ਕੀਤਾ... ਏਸ਼ੀਅਨ ਖੇਡਾਂ ਤੇ ਨੈਸ਼ਨਲ ਖੇਡਾਂ 'ਚ ਜੇਤੂ 168 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ...ਏਸ਼ੀਅਨ ਖੇਡਾਂ ਦੇ ਸੋਨ ਤਮਗ਼ਾ ਜੇਤੂ ਨੂੰ 1 ਕਰੋੜ,… pic.twitter.com/e0ls83I8B3

    — Bhagwant Mann (@BhagwantMann) January 16, 2024 " class="align-text-top noRightClick twitterSection" data=" ">

ਸੜਕ ਹਾਦਸੇ ਘਟਾਉਣ ਲਈ ਪਹਿਲ : ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਕਦਮ ਚੁੱਕਣ ਦੇ ਨਾਲ-ਨਾਲ ਸੜਕਾਂ ਉੱਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਤਰ੍ਹਾਂ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਖ਼ਰਾਬ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਵੀ ਘਟੇਗਾ।

1300 ਮੁਲਾਜ਼ਮਾਂ ਦੀ ਭਰਤੀ ਕੀਤੀ: ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਆਧੁਨਿਕ ਉਪਕਰਨਾਂ ਨਾਲ ਲੈਸ 144 ਵਾਹਨਾਂ ਨੂੰ ਸੜਕ ਦੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਐਮਰਜੈਂਸੀ ਇਲਾਜ ਦੇਣ ਲਈ ਮੁਕੰਮਲ ਮੈਡੀਕਲ ਕਿੱਟ ਹੋਵੇਗੀ। ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਣਗੀਆਂ।

ਗੋਇੰਦਵਾਲ ਪਾਵਰ ਪਲਾਂਟ ਖ਼ਰੀਦ: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਕਦਮ ਹੈ।

ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦੇਭਾਗੀਂ ਪਿਛਲੇ ਮੁੱਖ ਮੰਤਰੀਆਂ ਨੇ ਪੰਜਾਬ ਦੀ ਕਦੇ ਪਰਵਾਹ ਨਹੀਂ ਕੀਤੀ, ਸਗੋਂ ਉਨ੍ਹਾਂ ਆਪਣੇ ਸਿਆਸੀ ਹਿੱਤਾਂ ਨੂੰ ਮੂਹਰੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਰੇ ਖ਼ਿਲਾਫ਼ ਕੋਈ ਵੀ ਕਾਰਗਰ ਮੁੱਦਾ ਨਾ ਹੋਣ ਕਾਰਨ ਲੋਕਾਂ ਵੱਲੋਂ ਨਕਾਰੇ ਇਹ ਆਗੂ ਰੋਜ਼ਾਨਾ ਬਿਨਾਂ ਰੋਕ-ਟੋਕ ਤੋਂ ਮੇਰੇ ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।

ਨਵੇਂ ਮੈਡੀਕਲ ਕਾਲਜ: ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਤੇ ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਅਜਿਹੇ ਵਿਅਕਤੀਆਂ ਵੱਲੋਂ ਹੀ ਲਏ ਜਾ ਸਕਦੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਲਈ ਜਾਣੇ ਜਾਂਦੇ ਹਨ ਜਿਸ ਸਦਕਾ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲਿਜਾਣ ਲਈ ਵਰਤਿਆ ਜਾ ਸਕਦਾ ਹੈ ਅਤੇ ਇਸ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।

ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਗਰਾਊਂਡ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਮੁਕਾਬਲਿਆਂ ਵਿਚ ਆਪਣਾ ਸਥਾਨ ਬਣਾਉਣ ਵਿਚ ਮਦਦ ਮਿਲੇਗੀ।

1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਬਲ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰ ਅਪਲਾਈ ਕਰਦੇ ਹਨ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕਤਾ ਦੇ ਨਾਲ-ਨਾਲ ਆਪਣੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਖੇਡਾਂ ਦੀਆਂ ਤਿਆਰੀਆਂ ਲਈ 8-8 ਲੱਖ ਰੁਪਏ ਦਿੱਤੇ : ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਸੂਬੇ ਦੇ ਏਸ਼ਿਆਈ ਖੇਡਾਂ ਵਿੱਚ 32 ਤਮਗਾ ਜੇਤੂਆਂ ਨੂੰ 29.25 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 1 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ 50 ਲੱਖ ਰੁਪਏ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ 58 ਖਿਡਾਰੀਆਂ ਨੂੰ ਏਸ਼ੀਅਨ ਖੇਡਾਂ ਦੀਆਂ ਤਿਆਰੀਆਂ ਲਈ 8-8 ਲੱਖ ਰੁਪਏ ਦਿੱਤੇ ਗਏ ਸਨ।

ਏਸ਼ਿਆਈ ਖੇਡਾਂ ਵਿੱਚ ਸੱਤ ਸੋਨ ਤਮਗੇ ਜਿੱਤੇ: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਕ੍ਰਮਵਾਰ 1951 ਅਤੇ 1962 ਵਿੱਚ ਨਵੀਂ ਦਿੱਲੀ ਅਤੇ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਸੱਤ ਸੋਨ ਤਮਗੇ ਜਿੱਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਰਿਕਾਰਡ ਨੂੰ ਤੋੜਦਿਆਂ ਸੂਬੇ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ਿਆਈ ਖੇਡਾਂ ਵਿੱਚ ਅੱਠ ਸੋਨ ਤਮਗੇ ਜਿੱਤ ਕੇ ਇੱਕ ਇਤਿਹਾਸ ਰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 1951 ਵਿੱਚ ਹੋਈਆਂ ਨਵੀਂ ਦਿੱਲੀ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਵੱਲੋਂ ਸਭ ਤੋਂ ਵੱਧ 15 ਤਮਗੇ ਜਿੱਤੇ ਗਏ ਸਨ ਪਰ ਹੁਣ 70 ਸਾਲਾਂ ਤੋਂ ਵੱਧ ਸਮੇਂ ਬਾਅਦ ਇਹ ਰਿਕਾਰਡ ਤੋੜਦਿਆਂ ਪੰਜਾਬੀ ਖਿਡਾਰੀਆਂ ਨੇ 20 ਤਗਮੇ ਜਿੱਤੇ ਹਨ।

168 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ: ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਗੋਆ ਵਿਖੇ ਹੋਈਆਂ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 136 ਖਿਡਾਰੀਆਂ ਨੂੰ ਵੀ 4.58 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 168 ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ 32.16 ਕਰੋੜ ਰੁਪਏ ਦੇ ਫੰਡ ਦਿੱਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੀਜ਼ਨ ਦੇ ਮੈਡਲ ਜੇਤੂ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਪਹਿਲਾਂ ਹੀ 8.69 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਮਗਰੋਂ ਹੁਣ ਤੱਕ ਖਿਡਾਰੀਆਂ ਨੂੰ 74.68 ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਖਿਡਾਰੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਖਿਡਾਰੀ ਹੋਰ ਵੀ ਤਮਗੇ ਜਿੱਤਣਗੇ, ਜਿਸ ਨਾਲ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦਾ ਦੌਰ ਸ਼ੁਰੂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.