ETV Bharat / state

22 ਪੋਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By ETV Bharat Punjabi Team

Published : Jan 6, 2024, 6:22 AM IST

Updated : Jan 7, 2024, 6:29 AM IST

Amrit Vele Da Hukamnama
Amrit Vele Da Hukamnama

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ, ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਸ਼ਨਿੱਚਰਵਾਰ, ੨੨ ਪੋਹ (ਸੰਮਤ ੫੫੫ ਨਾਨਕਸ਼ਾਹੀ) ੬ ਜਨਵਰੀ, ੨੦੨੪ (ਅੰਗ: ੬੯੨)

Daily Hukamnama Golden Temple 6 January 2024
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ, ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।

ਸ਼ਬਦ ਦਾ ਭਾਵ : ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ । (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Last Updated :Jan 7, 2024, 6:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.