ETV Bharat / state

Bandi Chhor Divas: ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਜਾਣੋ ਕੀ ਹੈ ਮਹੱਤਤਾ

author img

By ETV Bharat Punjabi Team

Published : Nov 12, 2023, 7:06 AM IST

bandi chhor divas
bandi chhor divas

ਅੱਜ ਦੇਸ਼ ਭਰ ਵਿੱਚ ਬੰਦੀ ਛੋੜ ਦਿਵਸ (Bandi Chhor Divas) ਮਨਾਇਆ ਜਾ ਰਿਹਾ ਹੈ। ਇਹ ਦਿਹਾੜਾ ਛੇਵੇਂ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਸਮੇਤ ਰਿਹਾਅ ਹੋਣ ਨਾਲ ਸਬੰਧਤ ਹੈ। ਜਾਣੋ ਇਸ ਦਿਨ ਦਾ ਖਾਸ ਇਤਿਹਾਸ...

ਚੰਡੀਗੜ੍ਹ: ਹਿੰਦੂ ਭਾਈਚਾਰਾ ਜਿੱਥੇ ਰੌਸ਼ਨੀਆਂ ਦਾ ਤਿਉਹਾਰ ਦਿਵਾਲੀ ਮਨਾਉਂਦਾ ਹੈ ਅਤੇ ਸ਼੍ਰੀ ਰਾਮਚੰਦਰ ਜੀ ਦੀ ਅਯੁੱਧਿਆ ਵਾਪਸੀ ਦਾ ਜਸ਼ਨ ਮਨਾਉਂਦਾ ਹੈ। ਇਸ ਦੇ ਨਾਲ ਹੀ ਦਿਵਾਲੀ ਦਾ ਸਿੱਖ ਕੌਮ ਲਈ ਇੱਕ ਵੱਖਰਾ ਮਹੱਤਵ ਹੈ, ਕਿਉਂਕਿ ਸਿੱਖ ਕੌਮ ਇਸ ਦਿਨ ਨੂੰ ਬੰਦੀ ਛੋੜ ਦਿਵਸ (Bandi Chhor Divas) ਵਜੋਂ ਮਨਾਉਣ ਦਾ ਸਬੰਧ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਈ ਨਾਲ ਜੁੜਿਆ ਹੋਇਆ ਹੈ।

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ: ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਅਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਉਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ, ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਮੁਗਲਾਂ ਦੇ ਜ਼ੁਲਮ ਨਾਲ ਨਜਿੱਠਣ ਲਈ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ 'ਮੀਰੀ' ਅਤੇ 'ਪੀਰੀ' ਨਾਂ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਉਨ੍ਹਾਂ ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ ਵਿੱਚ ਨਿਪੁੰਨ ਬਣਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਸਿੱਖ ਕੌਮ ਦੇ ਫੈਸਲਿਆਂ ਲਈ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।

ਬਾਬਰ ਦਾ ਜੇਲ੍ਹ ਖ਼ਾਨਾ ਜਿਵੇਂ ਗੁਰੂ ਨਾਨਕ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ। ਇਸੇ ਤਰ੍ਹਾਂ ਜਹਾਂਗੀਰ ਵਲੋਂ ਕੀਤੀ ਗਈ ਗ੍ਰਿਫਤਾਰੀ ਵੀ ਗੁਰੂ ਹਰਗੋਬਿੰਦ ਸਾਹਿਬ ਦੇ ਇਰਾਦਿਆਂ ਵਿੱਚ ਕੋਈ ਤਬਦੀਲੀ ਨਹੀਂ ਲਿਆ ਸਕੀ, ਆਖਰਕਾਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਆਪਣੇ ਇਕੱਲੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗਲ ਸਰਕਾਰ ਅੱਗੇ ਆਪਣੀ ਰਿਹਾਈ ਦੇ ਨਾਲ-ਨਾਲ 52 (ਬਵੰਜਾ) ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ ਪਹਿਨੇ ਬਵੰਜਾ (52) ਕਲੀਆਂ ਵਾਲੇ ਚੋਲੇ ਨਾਲ 52 ਹੋਰ ਰਾਜਿਆਂ ਨੂੰ ਵੀ ਜੇਲ੍ਹ ਤੋਂ ਆਜ਼ਾਦ ਕਰਵਾਇਆ।

ਕਿਲ੍ਹੇ ਤੋਂ ਰਿਹਾਅ ਹੋਣ ਤੋਂ ਬਾਅਦ ਜਦੋਂ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੇ ਆਗਮਨ ਦਾ ਜਸ਼ਨ ਮਨਾਉਣ ਲਈ ਹਰਿਮੰਦਰ ਸਾਹਿਬ ਵਿਖੇ 'ਦੀਪਮਾਲਾ' ਅਤੇ 'ਆਤਿਸ਼ਬਾਜ਼ੀ' ਕੀਤੀ ਅਤੇ ਆਪਣੇ ਘਰਾਂ ਦੇ ਬਨੇਰਿਆਂ/ਕੰਧਾਂ 'ਤੇ ਦੀਪਮਾਲਾ ਵੀ ਜਗਾਈ। ਉਸ ਦਿਨ ਤੋਂ ਦਿਵਾਲੀ ਨਾਲ ਸਿੱਖ ਕੌਮ ਦਾ ਰਿਸ਼ਤਾ ਹੋਰ ਵੀ ਗੂੜ੍ਹਾ ਹੋ ਗਿਆ ਅਤੇ ਸਿੱਖਾਂ ਨੇ ਦਿਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਣਾ ਸ਼ੁਰੂ ਕਰ ਦਿੱਤਾ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ: ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ 19 ਜੂਨ ਸੰਨ 1595 ਈ. ਵਿੱਚ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਸਾਹਿਬ ਜੀ ਦੀ ਪੜ੍ਹਾਈ ਅਤੇ ਸ਼ਸਤਰ ਵਿੱਦਿਆ ਦੀ ਜਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰੂ-ਘਰ ਦੀ ਵਿੱਦਿਆ ਦਿੱਤੀ ਅਤੇ ਸ਼ਸਤਰਾਂ ਦੀ ਵਰਤੋਂ, ਘੋੜ ਸਵਾਰੀ, ਕੁਸ਼ਤੀਆਂ ਆਦਿ ਦੀ ਸਿਖਲਾਈ ਵੀ ਕਰਵਾਈ।

ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਣ ਵਾਲੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਅਤੇ ਇਸ ਮੌਕੇ ‘ਆਤਿਸ਼ਬਾਜ਼ੀ’ ਅਤੇ ‘ਦੀਪਮਾਲਾ’ ਦਾ ਨਜ਼ਾਰਾ ਵਿਲੱਖਣ ਹੈ। ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਇਸ ਅਲੌਕਿਕ ਨਜ਼ਾਰੇ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਹੁੰਮ-ਹੁੰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.