‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਮੌਕੇ CM ਮਾਨ ਦਾ ਦਾਅਵਾ, ਹੁਣ ਬਾਹਰੋਂ ਲੋਕ ਦੇਖਣ ਆਉਣਗੇ ਪੰਜਾਬ ਦੇ ਸਕੂਲ

author img

By

Published : Jan 21, 2023, 6:57 PM IST

Inauguration of 'School of Eminence' by the Chief Minister

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਮਿਆਰੀ ਸਿੱਖਿਆ ਮਿਲੇਗੀ ਅਤੇ ਹੁਣ ਬਾਹਰੋਂ ਲੋਕ ਦਿੱਲੀ ਵਾਂਗ ਪੰਜਾਬ ਦੇ ਸਕੂਲ ਵੇਖਣ ਆਇਆ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਖੇਤਰ ’ਚ ਪੰਜਾਬ ਹੁਣ ਮੋਹਰੀ ਸੂਬਾ ਬਣਗੇ। ਉਨ੍ਹਾਂ ਲੰਘੀਆਂ ਸਰਕਾਰਾਂ ਉੱਤੇ ਸਿੱਖਿਆ ਖੇਤਰ ਨੂੰ ਅਣਗੋਲਿਆਂ ਕਰਨ ਦੇ ਇਲਜ਼ਾਮ ਵੀ ਲਾਏ ਹਨ।

ਚੰਡੀਗੜ੍ਹ: ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦਾ ਨੀਂਹ ਪੱਥਰ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿੱਚ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਕੇ ਉਭਰੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਫਰਜ਼ੀ ਅੰਕੜਿਆਂ ਨਾਲ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਅੱਵਲ ਹੋਣ ਦੇ ਝੂਠੇ ਦਾਅਵੇ ਕੀਤੇ ਹਨ।

ਪਿਛਲੀਆਂ ਸਰਕਾਰਾਂ ਨੇ ਸਿੱਖਿਆ ਖੇਤਰ ਅਣਗੌਲਿਆ: ਇਸ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਹਾਲੇ ਵੀ ਤਰਸ ਰਹੇ ਹਨ ਅਤੇ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਝੂਠੇ ਅੰਕੜੇ ਪੇਸ਼ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਇਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀ ਹੈ।

ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਪੰਜਾਬ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਪਛਾੜਨ ਵਾਲੇ ਸਿਆਸਤਦਾਨ ਬੇਗਾਨੇ ਨਹੀਂ ਸਗੋਂ ਪੰਜਾਬ ਦੇ ਹੀ ਜੰਮਪਲ ਹਨ, ਜੋ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਕਰ ਦੇਣ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ। ਜਿਸ ਕਰਕੇ ਇਸ ਵਾਰ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਜਿਨ੍ਹਾਂ ਵਿਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਹਸਤੀਆਂ ਸ਼ਾਮਲ ਹਨ।

ਇਹ ਵੀ ਪੜ੍ਹੋ: ਬਾਜਵਾ ਦੇ 'ਫਰਜ਼ੀ ਪ੍ਰਧਾਨ ਮੰਤਰੀ' ਵਾਲੇ ਬਿਆਨ 'ਤੇ ਛਿੜ ਗਿਆ ਸਿਆਸੀ ਘਮਾਸਾਣ, ਮਿਹਣੋ ਮਿਹਣੀ ਹੋਏ ਲੀਡਰ

ਆਜ਼ਾਦੀ ਘੁਲਾਟੀਆਂ ਦੇ ਨਾਂ ਉੱਤੇ ਰੱਖੇ ਜਾਣਗੇ ਸਕੂਲਾਂ ਦੇ ਨਾਂ: ਇਸ ਮੌਕੇ ‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲਾਂ ਦੇ ਨਾਂ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 2022 ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿੱਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.