ETV Bharat / state

ਸੀਐੱਮ ਮਾਨ ਦੇ ਹੁਕਮਾਂ ਤੋਂ ਬਾਅਦ ਧਰਾਤਲ 'ਤੇ ਪਹੁੰਚੇ ਮੰਤਰੀ, ਹੜ੍ਹ ਪੀੜਤਾਂ ਦੀ ਕਰ ਰਹੇ ਨੇ ਮਦਦ

author img

By

Published : Aug 16, 2023, 7:46 PM IST

Ministers of Punjab reached the spot and helped the flood victims
ਸੀਐੱਮ ਮਾਨ ਦੇ ਹੁਕਮਾਂ ਤੋਂ ਬਾਅਦ ਧਰਾਤਲ 'ਤੇ ਪਹੁੰਚੇ ਮੰਤਰੀ, ਹੜ੍ਹ ਪੀੜਤਾਂ ਦੀ ਕਰ ਰਹੇ ਨੇ ਮਦਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਖੁਦ ਮੈਦਾਨ 'ਚ ਉਤਰੇ ਹਨ। ਜਿੰਪਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਕੀਤੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ: ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ।

ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ: ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਚੌਕਸ ਹੈ ਅਤੇ ਦਿਨ ਰਾਤ ਇੱਕ ਕਰ ਰਿਹਾ ਹੈ।

ਰਾਹਤ ਕੈਂਪਾਂ 'ਚ ਪਹੁੰਚਣ ਦੀ ਅਪੀਲ: ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਸੀ, ਜਿਸ ਕਾਰਨ ਬਿਆਸ ਦਰਿਆ ਦਾ ਪਾਣੀ ਪਿੰਡਾਂ 'ਚ ਦਾਖਲ ਹੋ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਦਰਿਆ ਕੰਢੇ ਵਸੇ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ’ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਚਲੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੈਂਪਾਂ ਵਿੱਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.