ETV Bharat / state

Excise Policy: ਪੰਜਾਬ ਕੈਬਨਿਟ ਨੇ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ

author img

By

Published : Mar 10, 2023, 10:36 PM IST

ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ।

Excise Policy
Excise Policy

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਲਿਆ।

ਇਸ ਦੌਰਾਨ ਹੀ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਾਬ ਕਾਰੋਬਾਰ ਵਿੱਚ ਇਕਸਾਰਤਾ ਰੱਖਣ ਲਈ ਅਤੇ ਪਿਛਲੇ ਸਾਲਾਂ ਦੌਰਾਨ ਸੁਰੂ ਹੋਏ ਸੁਧਾਰਾਂ ਨੂੰ ਚੱਲਦਾ ਰੱਖਣ ਲਈ ਹੁਣ ਦੇ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕਰੋਬ੍ਰਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ਉਤੇ ਲਗਦਾ ਵੈਟ ਘਟਾ ਕੇ 13 ਫੀਸਦੀ ਤੇ 10 ਫੀਸਦੀ ਸਰਚਾਰਜ ਕੀਤਾ ਗਿਆ ਹੈ।

ਗਰੁੱਪ ਦੀ ਤਬਦੀਲੀ ਇਕ ਆਬਕਾਰੀ ਸਾਲ ਵਿੱਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ਉਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐਲ-50 ਪਰਮਿਟ ਦੀ ਸਾਲਾਨਾ ਫੀਸ 2500 ਤੋਂ ਘਟਾ ਕੇ 2000 ਰੁਪਏ ਅਤੇ ਜੀਵਨ ਭਰ ਲਈ ਐਲ-50 ਪਰਮਿਟ ਦੀ ਫੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਮਰ ਭਰ ਲਈ L-50 ਪਰਮਿਟ ਜਾਰੀ ਕਰਨ ਲਈ ਲਗਾਤਾਰ 4 ਸਾਲਾਂ ਤੱਕ ਮਾਸਿਕ L-50 ਲਾਇਸੈਂਸ ਜਾਰੀ ਹੋਣ ਦੀ ਸ਼ਰਤ ਨੂੰ ਖਤਮ ਕੀਤਾ ਹੈ।

’ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਮਨਜ਼ੂਰ:- ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਸੂਬੇ ਦੇ ਲੋਕਾਂ ਨੂੰ ਕਿਫ਼ਾਇਤੀ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਪੰਜਾਬ ਵਿੱਚ ਰੇਤੇ ਅਤੇ ਬਜਰੀ ਦੀ ਮਾਈਨਿੰਗ ਸਾਫ਼ ਅਤੇ ਕਾਨੂੰਨੀ ਤਰੀਕੇ ਨਾਲ ਯਕੀਨੀ ਬਣਾਉਣਾ ਹੈ ਤਾਂ ਜੋ ਲੋੜ ਅਨੁਸਾਰ ਰੇਤਾ ਅਤੇ ਬਜਰੀ ਮਿਲ ਸਕੇ।

ਇਸ ਨੀਤੀ ਅਨੁਸਾਰ ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐਮ.ਐਸ.) ਅਤੇ ਪਬਲਿਕ ਮਾਈਨਿੰਗ ਸਾਈਟਾਂ (ਪੀ.ਐਮ.ਐਸ.) ਵਿੱਚ ਵੰਡਿਆ ਗਿਆ ਹੈ। ਇਸ ਤੋਂ ਇਲਾਵਾ ਵਪਾਰਕ ਮਾਈਨਿੰਗ ਸਾਈਟਾਂ ਨੂੰ ਅਲੱਗ-ਅਲੱਗ ਕਲਸਟਰਾਂ ਵਿੱਚ ਵੰਡਿਆ ਜਾਵੇਗਾ ਤੇ ਇਹਨਾਂ ਦੀ E-TANDER ਵਿਧੀ ਰਾਹੀ ਨਿਲਾਮੀ ਕੀਤੀ ਜਾਵੇਗੀ। ਜਦ ਕਿ ਆਮ ਮਾਈਨਿੰਗ ਸਾਈਟਾਂ ਨੂੰ ਆਮ ਲੋਕਾਂ ਲਈ ਅਦਾਰੇ ਵੱਲੋਂ ਚਲਾਇਆ ਜਾਵੇਗਾ।

ਇਨ੍ਹਾਂ ਦੋਵਾਂ ਕਮਰਸ਼ੀਅਲ ਮਾਈਨਿੰਗ ਸਾਈਟਾਂ ਅਤੇ ਪਬਲਿਕ ਮਾਈਨਿੰਗ ਸਾਈਟਾਂ ਉਤੇ ਪਿਟ ਹੈੱਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਸਾਧਾਰਨ ਮਿੱਟੀ ਅਤੇ ਸਾਧਾਰਨ ਕਲੇਅ ਦੀ ਖ਼ੁਦਾਈ ਉਤੇ ਕੋਈ ਰਾਇਲਟੀ ਨਹੀਂ ਲਾਈ ਜਾਵੇਗੀ, ਜਿਸ ਦੀ ਵਰਤੋਂ ਕਿਸਾਨਾਂ ਵੱਲੋਂ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਕੀਤੀ ਜਾਵੇਗੀ। ਇਸ ਤੋਂ ਇਲਾਵਾ 2 ਏਕੜ ਜਾਂ 3 ਫੁੱਟ ਤੱਕ ਡੂੰਘਾਈ ਤੱਕ ਗੈਰ ਵਪਾਰਕ ਪ੍ਰੋਜੈਕਟਾਂ ਲਈ ਆਮ ਮਿੱਟੀ ਦੀ ਹੱਥੀਂ ਖੁਦਾਈ ਕਰਨ ਦੀ ਇਜਾਜ਼ਤ ਹੋਵੇਗੀ। ਇਸ ਨੀਤੀ ਬਜਰੀ ਅਤੇ ਰੇਤੇ ਦੀਆਂ ਕੀਮਤਾਂ ਨੀਚੇ ਆਉਣਗੀਆਂ, ਜਿਸ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ।

ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਨੂੰ ਸਹਿਮਤੀ:- ਸਰਕਾਰੀ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਲਈ ਵਡੇਰੇ ਜਨਤਕ ਹਿੱਤ ਵਿੱਚ ਕੈਬਨਿਟ ਨੇ ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੀ ਤਜਵੀਜ਼ ਨੂੰ ਵੀ ਪ੍ਰਵਾਨ ਕਰ ਲਿਆ। ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਇਹ ਪਾਇਆ ਗਿਆ ਕਿ ਕਈ ਅਸਾਮੀਆਂ ਸਿਰਜਣ ਅਤੇ ਸਮੇਂ ਦੇ ਨਾਲ-ਨਾਲ ਮਹੱਤਵ ਗਵਾ ਚੁੱਕੀਆਂ ਅਸਾਮੀਆਂ ਨੂੰ ਖ਼ਤਮ ਕਰਨ ਦੀ ਲੋੜ ਹੈ।

ਇਸ ਦੇ ਆਧਾਰ ਉਤੇ 1278 ਨਵੀਆਂ ਆਸਾਮੀਆਂ ਦੀ ਰਚਨਾ ਕੀਤੀ ਗਈ, ਜਦੋਂ ਕਿ 708 ਆਸਾਮੀਆਂ ਨੂੰ ਡਾਇੰਗ ਕਾਡਰ ਐਲਾਨਿਆ ਗਿਆ ਅਤੇ ਬੇਲਦਾਰਾਂ ਦੀਆਂ 957 ਆਸਾਮੀਆਂ ਸਿਰਜੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦਾ ਪਹਿਲਾ ਪੁਨਰਗਠਨ ਸਾਲ 2020 ਵਿੱਚ ਕੀਤਾ ਗਿਆ ਸੀ। ਇਸ ਪੁਨਰਗਠਨ ਯੋਜਨਾ ਨਾਲ ਨਾ ਸਿਰਫ਼ ਮਨੁੱਖੀ ਸਰੋਤਾਂ ਦੀ ਬਿਹਤਰ ਤਰੀਕੇ ਨਾਲ ਵਰਤੋਂ ਯਕੀਨੀ ਬਣੇਗੀ, ਸਗੋਂ ਇਸ ਨਾਲ ਸਾਲਾਨਾ 74.74 ਕਰੋੜ ਰੁਪਏ ਬਚਣਗੇ।

ਕੈਬਨਿਟ ਨੇ ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ (ਐਸ.ਟੀ.ਸੀ.) ਦੀਆਂ ਅਸਾਮੀਆਂ ਦੇ ਪੁਨਰਗਠਨ ਨੂੰ ਵੀ ਮਨਜ਼ੂਰ ਕਰ ਲਿਆ। ਐਸ.ਟੀ.ਸੀ. ਦੇ ਪੁਨਰਗਠਨ ਨਾਲ ਅਸਾਮੀਆਂ ਦੀ ਗਿਣਤੀ ਵਧੇਗੀ, ਜਿਸ ਨਾਲ ਲੋਕਾਂ ਦੇ ਟਰਾਂਸਪੋਰਟ ਵਾਹਨਾਂ ਸਬੰਧੀ ਕੰਮ ਜ਼ਿਲ੍ਹਾ ਹੈੱਡ ਕੁਆਟਰਾਂ ਉਤੇ ਹੀ ਹੋ ਸਕਣਗੇ। ਲਾਇਸੈਂਸਿੰਗ ਤੇ ਵਾਹਨਾਂ ਦੀ ਰਜਿਸਟਰੇਸ਼ਨ ਦਾ ਕੰਮ ਵੀ ਆਸਾਨੀ ਨਾਲ ਹੋ ਸਕੇਗਾ, ਜੋ ਸੂਬਾ ਵਾਸੀਆਂ ਲਈ ਵੱਡੀ ਰਾਹਤ ਹੋਵੇਗੀ।

ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਫੰਡ ਜਾਰੀ ਕਰਨ ਦੀ ਪ੍ਰਵਾਨਗੀ:- ਪੰਜਾਬ ਮੰਤਰੀ ਮੰਡਲ ਨੇ ਜ਼ਮੀਨੀ ਪੱਧਰ ਉਤੇ ਵਿਕਾਸ ਲੋੜਾਂ ਨੂੰ ਹੱਲ ਕਰਨ ਲਈ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਉਤੇ ਗਠਿਤ ਕਮੇਟੀ ਵੱਲੋਂ ਮੰਗ ਦੇ ਮੁਤਾਬਕ ਇਕ ਮਹੀਨੇ ਦੇ ਅੰਦਰ ਫੰਡ ਜਾਰੀ ਕੀਤੇ ਜਾਣਗੇ।

ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਲਈ ਕੇਸ ਭੇਜਣ ਨੂੰ ਹਰੀ ਝੰਡੀ:- ਪੰਜਾਬ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਕੱਟ ਰਹੇ ਦੋ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਦੇ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਵਾਲੇ ਇਹ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਪ੍ਰੈਸ ਨੋਟ...

ਇਹ ਵੀ ਪੜੋ:- Punjab Budget 2023: ਮੁੱਖ ਮੰਤਰੀ ਵੱਲੋਂ ਬਜਟ ਦੀ ਸ਼ਲਾਘਾ, ਕਿਹਾ- ਪੰਜਾਬ ਦੀ ਤਕਦੀਰ ਬਦਲੇਗਾ "ਆਮ ਲੋਕਾਂ ਦਾ ਬਜਟ"

ETV Bharat Logo

Copyright © 2024 Ushodaya Enterprises Pvt. Ltd., All Rights Reserved.