ETV Bharat / state

ਸੂਬੇ 'ਚ ਸ਼ਰਾਬ ਬਾਰ ਦੀ ਚੈਕਿੰਗ ਲਈ ਚਲਾਇਆ “ਨਾਈਟ ਸਵੀਪ” ਆਪਰੇਸ਼ਨ, ਕਈ ਰੈਸਟੋਰੈਂਟਾਂ ਤੇ ਹੁੱਕਾ ਬਾਰ 'ਤੇ ਹੋਈ ਕਾਰਵਾਈ

author img

By

Published : May 28, 2023, 10:02 PM IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਨੇ ਸ਼ਰਾਬ ਦੇ ਬਾਰਾਂ 'ਤੇ ਹੋਣ ਵਾਲੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ 'ਨਾਈਟ ਸਵੀਪ' ਆਪ੍ਰੇਸ਼ਨ ਚਲਾਇਆ।

Punjab Finance Minister Harpal Singh Cheema gave information about the 'Night Sweep' operation
ਸੂਬੇ 'ਚ ਸ਼ਰਾਬ ਬਾਰ ਦੀ ਚੈਕਿੰਗ ਲਈ ਚਲਾਇਆ “ਨਾਈਟ ਸਵੀਪ” ਆਪਰੇਸ਼ਨ, ਕਈ ਰੈਸਟੋਰੈਂਟਾਂ ਤੇ ਹੁੱਕਾ ਬਾਰ 'ਤੇ ਹੋਈ ਕਾਰਵਾਈ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੀ ਰਾਤ ਸ਼ਨੀਵਾਰ ਨੂੰ ਸੂਬੇ ਭਰ ਵਿੱਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ “ਨਾਈਟ ਸਵੀਪ” ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਰਾਤ ਸਮੇਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ 'ਤੇ ਹੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ। ਚੀਮਾ ਨੇ ਦੱਸਿਆ ਕਿ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵਿੱਚ 'ਹੁੱਕਾ' ਪੀਣ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ 13 ਤੋਂ ਵੱਧ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।

ਕਈ ਰੈਸਟੋਰੈਟਾਂ ਦਾ ਸਮਾਨ ਜਬਤ : ਉਨ੍ਹਾਂ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਨਯਾਗਾਓਂ ਖੇਤਰ ਵਿੱਚ 'ਆਈ ਲਵ ਹੌਟ ਸ਼ਾਟ' ਨਾਮੀ ਇੱਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿੱਚ ਵੇਚੀ ਜਾ ਸਕਣ ਵਾਲੀ ਬੀਅਰ ਦੇ ਨਾਲ 'ਹੁੱਕਾ' ਪੀਣ ਨੂੰ ਦਿੱਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਸਨ। ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 07 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਅਤੇ ਚਾਰਕੋਲ ਜ਼ਬਤ ਕੀਤਾ ਗਿਆ। ਇਸ ਮਾਮਲੇ ਵਿੱਚ ਰੈਸਟੋਰੈਂਟ ਦੇ ਮਾਲਕਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੋਹਾਲੀ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ। ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੋਹਾਲੀ ਵਿੱਚ 'ਬੁਰਜ', 'ਸਕੱਲ' ਅਤੇ 'ਮਾਸਕ ਲੌਂਜ ਐਂਡ ਬਾਰ' ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਰੂਲਜ਼ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਅਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼ਰਾਬ ਪਰੋਸ ਰਿਹਾ ਸੀ। ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਬਿਨਾਂ ਡਿਊਟੀ ਵਾਲੀ ਸ਼ਰਾਬ ਅਤੇ ਮਿਆਦ ਪੁੱਗ ਚੁੱਕੀ ਬੀਅਰ ਦੀਆਂ 5 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਨਿਰਧਾਰਤ ਸਮਾਂ-ਸੀਮਾਂ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ 3 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ। ਇਹਨਾਂ ਉਲੰਘਣਾਵਾਂ ਨੂੰ ਵੇਖਦਿਆਂ ਬਾਰ ਦੇ ਖਿਲਾਫ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਆਰੰਭੀ ਗਈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.