ETV Bharat / state

ਹੁਣ ਇੰਤਕਾਲ ਲਈ ਨਹੀਂ ਹੋਣਾ ਪਵੇਗਾ ਖੱਜਲ-ਖੁਆਰ, ਲੱਗਣਗੇ ਵਿਸ਼ੇਸ਼ ਕੈਂਪ, ਵਾਟਸਐਪ 'ਤੇ ਕਰੋ ਸ਼ਿਕਾਇਤ

author img

By ETV Bharat Punjabi Team

Published : Jan 5, 2024, 9:52 AM IST

Pending Mutation Cases In Punjab: ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ ਸ਼ੁਰੂ ਕੀਤੀ ਗਈ ਹੈ। ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।

Pending Mutation Cases
Pending Mutation Cases

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ।

ਲੋਕਾਂ ਦੀ ਪ੍ਰੇਸ਼ਾਨੀ ਦਾ ਹੱਲ: ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ, ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਿੰਪਾ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇੰਨ੍ਹਾਂ ਨੰਬਰਾਂ ਉੱਤੇ ਕਰੋ ਸ਼ਿਕਾਇਤ: ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ, ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.