ETV Bharat / state

ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਹੋਈ ਪੰਜਾਬ-ਹਰਿਆਣਾ ਦੀ ਮੀਟਿੰਗ, ਸੀਐੱਮ ਮਾਨ ਨੇ ਰੱਖਿਆ ਆਪਣਾ ਪੱਖ

author img

By

Published : Jun 1, 2023, 6:37 PM IST

Punjab-Haryana meeting regarding the grants of Punjab University Chandigarh
ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਹੋਈ ਪੰਜਾਬ-ਹਰਿਆਣਾ ਦੀ ਮੀਟਿੰਗ, ਸੀਐੱਮ ਮਾਨ ਨੇ ਰੱਖਿਆ ਆਪਣਾ ਪੱਖ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਚੱਲ ਰਹੀਆਂ ਤਮਾਮ ਤਬਦੀਲੀਆਂ ਦੀਆਂ ਚਰਚਾਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਜਦਿਆਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਸੂਬੇ ਦਾ ਇੱਕ ਅਟੁੱਟ ਅੰਗ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਰਾਸਤ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਰਿਕਾਰਡ ’ਤੇ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।

ਕਿਸੇ ਵੀ ਤਰ੍ਹਾਂ ਦੀ ਤਬਦੀਲੀ ਬਰਦਾਸ਼ਤ ਨਹੀਂ: ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ। ਯੂਨੀਵਰਸਿਟੀ ਦਾ ਇਤਿਹਾਸ, ਵਿਧਾਨ, ਖਾਸਾ, ਸਮਾਜਿਕ-ਸੱਭਿਆਚਾਰ ਤੇ ਇਤਿਹਾਸਕ ਜੜ੍ਹਾਂ ਦੇ ਨਾਲ-ਨਾਲ ਅਧਿਆਪਕ ਤੇ ਵਿਦਿਆਰਥੀ ਵੀ ਮੁੱਢਲੇ ਤੌਰ ਉਤੇ ਪੰਜਾਬ ਸੂਬੇ ਨਾਲ ਸਬੰਧਤ ਹੋਣ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ।

ਪੰਜਾਬ ਪੁਨਰਗਠਨ ਐਕਟ: ਭਗਵੰਤ ਮਾਨ ਨੇ ਚੇਤੇ ਕਰਵਾਉਂਦਿਆਂ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.