ETV Bharat / state

ਧਾਰਮਿਕ ਸਥਾਨਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਪੁਲਿਸ ਨੇ ਕੀਤੀ ਸਮੀਖਿਆ, ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਦਾ ਵੀ ਲਿਆ ਜਾਇਜ਼ਾ

author img

By

Published : Apr 25, 2023, 9:05 PM IST

Punjab Police reviewed the arrangements for security checks at religious places
ਧਾਰਮਿਕ ਸਥਾਨਾਂ ਦੇ ਸੁਰੱਖਿਆ ਪ੍ਰਬੰਧਆਂ ਦੀ ਪੁਲਿਸ ਨੇ ਕੀਤੀ ਸਮੀਖਿਆ, ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਦਾ ਵੀ ਲਿਆ ਜਾਇਜ਼ਾ

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ। ਇਸ ਦੌਰਾਨ 549 ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਚੈਕਿੰਗ ਕੀਤੀ ਹੈ। ਇਸ ਦੌਰਾਨ ਪ੍ਰਬੰਧਕੀ ਕਮੇਟੀਆਂ ਨੂੰ ਸੁਰੱਖਿਆ ਗਾਰਡ ਤਾਇਨਾਤ ਕਰਨ, ਧਾਰਮਿਕ ਸੰਸਥਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਯਕੀਨੀ ਬਣਾਉਣ ਸਬੰਧੀ ਪੁਲਿਸ ਨੇ ਸਲਾਹ ਦਿੱਤੀ ਹੈ।

ਚੰਡੀਗੜ੍ਹ: ਬੀਤੇ ਦਿਨ ਮੋਰਿੰਡਾ ਦੇ ਗੁਰੂਘਰ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਹੁਣ ਐਕਸ਼ਨ ਵਿੱਚ ਵਿਖਾਈ ਦੇ ਰਹੀ ਹੈ। ਅੱਜ ਸਾਰੇ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਸਮੇਤ ਅਜਿਹੀਆਂ ਸਾਰੀਆਂ ਸੰਸਥਾਵਾਂ ਦੀ ਵਿਸ਼ੇਸ਼ ਚੈਕਿੰਗ ਕੀਤੀ। ਇਸ ਦੌਰਾਨ ਪੁਲਿਸ ਨੇ ਇਹ ਯਕੀਨੀ ਬਣਾਇਆ ਕਿ ਵੱਖ-ਵੱਖ ਥਾਵਾਂ ‘ਤੇ ਕਲੋਜ਼ ਸਰਕਟ ਟੈਲੀਵਿਜ਼ਨ ( ਸੀਸੀਟੀਵੀ) ਕੈਮਰੇ ਲੱਗੇ ਹੋਏ ਹਨ ਅਤੇ ਕਾਰਜਸ਼ੀਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੈਕਿੰਗ ਕੀਤੀ ਗਈ।

ਸੀਪੀਜ਼-ਐਸਐਸਪੀਜ਼ ਨੂੰ ਹਦਾਇਤ ਕੀਤੀ: ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰੇਕ ਥਾਣੇ ਦੇ ਐਡੀਸ਼ਨਲ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦੀ ਅਗਵਾਈ ਹੇਠ ਇੱਕ ਟੀਮ ਆਪਣੇ ਅਧਿਕਾਰ ਖੇਤਰ ਵਿਚਲੇ ਸਾਰੇ ਧਾਰਮਿਕ ਸਥਾਨਾਂ ਦਾ ਦੌਰਾ ਕਰਨ ਲਈ ਤਾਇਨਾਤ ਕਰਨ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ। ਉਹਨਾਂ ਕਿਹਾ ਕਿ 2800 ਪੁਲਿਸ ਮੁਲਾਜ਼ਮ ਵਾਲੀਆਂ ਘੱਟੋ-ਘੱਟ 549 ਪੁਲਿਸ ਟੀਮਾਂ ਨੇ ਸੂਬੇ ਭਰ ਦੇ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਚੈਕਿੰਗ ਕੀਤੀ।

ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਯਕੀਨੀ ਬਣਾਉਣ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ। ਉਨ੍ਹਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਉਹਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ 'ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ 'ਤੇ ਨਿਗਰਾਨੀ ਤੇਜ਼ ਕਰਨ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਬੀਤੇ ਦਿਨ ਮੋਰਿੰਡਾ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਅਜਿਹੀ ਘਟਨਾ ਮੁੜ ਨਾ ਵਾਪਰੇ ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪੱਬਾਂ ਭਾਰ ਦਿਖਾਈ ਦੇ ਰਹੀ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਕੋਈ ਮੌਕਾ ਦੇਣ ਦੇ ਮੂਡ ਵਿੱਚ ਨਹੀਂ ਹੈ।

ਇਹ ਵੀ ਪੜ੍ਹੋ: Amritpal Singh: ਹੁਣ ਕੇਂਦਰ ਸਰਕਾਰ ਫਰੋਲ ਰਹੀ ਅੰਮ੍ਰਿਤਪਾਲ ਸਿੰਘ ਦੀਆਂ ਫਾਇਲਾਂ, ਸੂਬਾ ਸਰਕਾਰ ਨੂੰ ਪੁੱਛਿਆ-ਕਿਨ੍ਹਾਂ ਨੇ ਦਿੱਤੀ ਅੰਮ੍ਰਿਤਪਾਲ ਨੂੰ ਪਨਾਹ? ਰਿਪੋਰਟ ਮੰਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.