ETV Bharat / state

ਵਿਜੀਲੈਂਸ ਨੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਕੀਤੇ ਬਰਾਮਦ

author img

By ETV Bharat Punjabi Team

Published : Dec 6, 2023, 7:39 PM IST

Vigilance Bureau recovered cash, gold jewellery, expensive watches, property documents from milk plant manager caught taking bribe
Vigilance Bureau recovered cash, gold jewellery, expensive watches, property documents from milk plant manager caught taking bribe

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ ਹਨ ਤੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹੇਠ ਇੱਕ ਹੋਰ ਕੇਸ ਦਰਜ ਕਰ ਲਿਆ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਕ ਪਲਾਂਟ ਮੋਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ, ਜਿਸ ਨੂੰ ਮੰਗਲਵਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਮੋਹਾਲੀ ਦੀ ਅਦਾਲਤ ਨੇ ਅੱਜ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਦੇ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਲੱਖ ਰੁਪਏ ਨਕਦ, 8 ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦਾ 'ਕੜਾ', ਕੁਝ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਦੇ ਬਾਜ਼ਾਰ ਤੋਂ ਖ਼ਰੀਦ ਕੇ ਇਸ ਮੈਨੇਜਰ ਨੂੰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬੈਂਕ ਨੂੰ ਉਸਦਾ ਲਾਕਰ ਫਰੀਜ਼ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਸਾਰੇ ਵੇਰਵੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰਤਾ ਵਿਭਾਗ ਦੇ ਉਕਤ ਕਰਮਚਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਉਕਤ ਮਿਲਕ ਪਲਾਂਟ 'ਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਕੰਮ ਸਬੰਧੀ ਪਹਿਲਾਂ ਹੀ ਉਸ ਕੋਲ਼ੋਂ 50,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਅਤੇ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧੀ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਲਾਇੰਗ ਸਕੁਐਡ -1, ਪੰਜਾਬ ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.