ETV Bharat / state

Review Of Paddy Procurement: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਰੀਦਕੋਟ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਫਸਲ ਦੀ ਆਮਦ ਅਤੇ ਵਿਕਰੀ ਤੇ ਤਸੱਲੀ ਦਾ ਕੀਤਾ ਪ੍ਰਗਟਾਵਾ

author img

By ETV Bharat Punjabi Team

Published : Nov 1, 2023, 11:41 AM IST

Review of paddy procurement
Review of paddy procurement

ਫਰੀਦਕੋਟ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਰੀਦਕੋਟ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੱਲਬਾਤ ਕਰਦੇ ਹੋਏ

ਫਰੀਦਕੋਟ: ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ। ਇਸ ਦੇ ਚੱਲਦੇ ਫਰੀਦਕੋਟ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਫਰੀਦਕੋਟ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਫਰੀਦਕੋਟ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡੀ.ਸੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਹਰਜੀਤ ਸਿੰਘ ਉੱਚੇਚੇ ਤੌਰ 'ਤੇ ਹਾਜ਼ਰ ਸਨ।

ਝੋਨੇ ਦੀ ਆਮਦ ਸਬੰਧੀ ਜਾਣਕਾਰੀ : ਇਸ ਦੌਰੇ ਦੌਰਾਨ ਜਿੱਥੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮਾਰਕਿਟ ਕਮੇਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਮੰਡੀ ਵਿੱਚ ਝੋਨੇ ਦੀ ਆਮਦ ਸਬੰਧੀ ਜਾਣਕਾਰੀ ਇੱਕਤਰ ਕੀਤੀ। ਉੱਥੇ ਨਾਲ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਿਆ। ਮੰਡੀ ਵਿੱਚ ਲੱਗੀਆਂ ਢੇਰੀਆਂ 'ਤੇ ਪਹੁੰਚ ਕੇ ਖੁਰਾਕ ਮੰਤਰੀ ਨੇ ਆ ਰਹੀ ਫਸਲ ਦੀ ਨਮੀ ਬਾਰੇ ਪੁੱਛਿਆ ਜਿਸ ਦੇ ਉਤਰ ਵਜੋਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਦੀ ਆਮਦ ਕਾਫੀ ਹੱਦ ਤੱਕ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੀ ਆਈ ਹੈ।

ਮਜ਼ਦੂਰਾਂ ਦੀਆਂ ਮੁਸ਼ਕਿਲਾਂ ਜਾਣੀਆਂ: ਇਸ ਮੌਕੇ ਕੁਝ ਮਜ਼ਦੂਰਾਂ ਵੱਲੋਂ ਨਿੱਕੀਆਂ ਮੋਟੀਆਂ ਮੁਸ਼ਕਿਲਾਂ ਤੋਂ ਛੁੱਟ ਹੋਰ ਕੋਈ ਭਾਰੀ ਪ੍ਰੇਸ਼ਾਨੀ ਨਾ ਆਉਣ ਦਾ ਜ਼ਿਕਰ ਕਰਦਿਆਂ ਦੱਸਿਆ ਗਿਆ ਕਿ ਮੰਡੀ ਵਿੱਚ ਹੁਣ ਤੱਕ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ ਅਤੇ ਹੋਰ ਸਬੰਧਤ ਕੰਮ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

ਮੰਡੀਆਂ ਵਿੱਚ ਪਿਆ ਇੱਕ-ਇੱਕ ਦਾਣਾ ਚੁੱਕਣ ਦਾ ਵਾਅਦਾ: ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਉਹ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਮੰਡੀਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਬਾਬਾ ਫਰੀਦ ਦੀ ਇਹ ਨਗਰੀ ਉਨ੍ਹਾਂ ਦਾ 20ਵਾਂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਸਰਕਾਰ ਵਿੱਚ ਪਹਿਲਾਂ ਵਾਲੀਆਂ ਗੱਲਾਂ ਨਹੀਂ ਰਹੀਆਂ ਅਤੇ ਸਮੁੱਚੇ ਪੰਜਾਬ ਦੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਉਨ੍ਹਾਂ ਨੂੰ ਹੁਣ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂ। ਮੀਡੀਆ ਕਰਮੀਆਂ ਦੇ ਲਿਫਟਿੰਗ ਵਿੱਚ ਦੇਰੀ ਸਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਔਕੜ ਨੂੰ ਵੀ ਜਲਦ ਹੀ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਿਆ ਇੱਕ ਇੱਕ ਦਾਣਾ ਚੁੱਕ ਲਿਆ ਜਾਵੇਗਾ।

ਹੁਣ ਤੱਕ 92 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਉਨ੍ਹਾਂ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 94 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 92 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਰਾਜ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 16 ਹਜ਼ਾਰ ਕਰੋੜ ਰੁਪਏ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵੱਖ-ਵੱਖ ਏਜੰਸੀਆਂ ਕਰ ਚੁੱਕੀਆਂ ਝੋਨੇ ਦੀ ਖਰੀਦ : ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ 360404 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 346004 ਮੀਟ੍ਰਿਕ ਟਨ ਝੋਨਾ ਵੱਖ ਵੱਖ ਏਜੰਸੀਆਂ ਵਲੋਂ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿੱਚੋਂ 114912 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕੱਲ ਸ਼ਾਮ ਤੱਕ ਝੋਨੇ ਦੀ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 132135 ਮੀਟ੍ਰਿਕ ਟਨ, ਮਾਰਕਫੈਡ ਨੇ 92445 ਮੀਟ੍ਰਿਕ ਟਨ, ਪਨਸਪ ਨੇ 70329 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 45120 ਮੀਟ੍ਰਿਕ ਟਨ, ਏਜੰਸੀਆਂ ਵੱਲੋਂ 340030 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5974 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.