ETV Bharat / state

ਮੁੱਖ ਮੰਤਰੀ ਮਾਨ ਨੇ ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਕੀਤਾ ਨਿਰੀਖਣ, ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ

author img

By

Published : Jul 14, 2023, 9:20 PM IST

Chief Minister inspected repair work of Dhusi Dam at village Mandala Chhna
ਮੁੱਖ ਮੰਤਰੀ ਮਾਨ ਨੇ ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਕੀਤਾ ਨਿਰੀਖਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ।

ਮੰਡਾਲਾ ਛੰਨਾ (ਜਲੰਧਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਬੰਨ੍ਹ ਵਿੱਚ ਸੋਮਵਾਰ ਤੜਕਸਾਰ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਵਿਚਕਾਰ ਗਏ। ਉਨ੍ਹਾਂ ਉੱਘੇ ਵਾਤਾਵਰਣ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਵਲੰਟੀਅਰਾਂ ਵੱਲੋਂ ਇਸ ਪਾੜ ਨੂੰ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਗਏ ਮਿਸਾਲੀ ਕਾਰਜਾਂ ਦੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦ ਹੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਸਬੰਧਤ ਹੋਰਨਾਂ ਨੂੰ ਪਹਿਲਾਂ ਹੀ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਲਪੇਟ 'ਚ ਸੂਬੇ ਦੇ ਕਰੀਬ 15 ਜ਼ਿਲ੍ਹੇ ਆਏ ਹਨ, ਜਿੱਥੇ ਲੋੜ ਮੁਤਾਬਕ ਇਹ ਪਨੀਰੀ ਕਿਸਾਨਾਂ ਨੂੰ ਵੰਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਮੋਢੋ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਦੋਂ ਉਹ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬੀਆਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ ਤਾਂ ਵਿਰੋਧੀ ਧਿਰ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਲਈ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਉਹ ਇੰਨਾ ਹੇਠਾਂ ਡਿੱਗ ਗਏ ਹਨ ਕਿ ਸੰਕਟ ਦੀ ਇਸ ਘੜੀ ਵਿੱਚ ਵੀ ਸਰਕਾਰ 'ਤੇ ਚਿੱਕੜ ਉਛਾਲਣ ਤੋਂ ਬਾਜ਼ ਨਹੀਂ ਆ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਕ ਵਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਗਈ ਤਾਂ ਉਹ ਇਨ੍ਹਾਂ ਵਿਹਲੜ ਅਤੇ ਨਕਾਰੇ ਹੋਏ ਸਿਆਸੀ ਆਗੂਆਂ ਨੂੰ ਜ਼ਰੂਰ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਇਹ ਸ਼ੇਖੀ ਮਾਰ ਰਹੇ ਹਨ ਕਿ ਕੇਂਦਰ ਨੇ 218 ਕਰੋੜ ਰੁਪਏ ਜਾਰੀ ਕੀਤੇ ਹਨ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਫੰਡ 10 ਜੁਲਾਈ ਨੂੰ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਚਾਰ ਦਿਨਾਂ ਵਿੱਚ ਖਰਚ ਨਹੀਂ ਕਰ ਸਕਦੀ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਰੋਕਥਾਮ ਦੇ ਕੀਤੇ ਪ੍ਰਬੰਧਾਂ ਸਦਕਾ ਘੱਟ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੇਸ਼ਰਮ ਆਗੂਆਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਸੀ ਤਾਂ ਉਦੋਂ ਉਹ ਚੁੱਪ ਕਿਉਂ ਸਨ? ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਸਨ, ਜਦੋਂ ਕੇਂਦਰ ਵੱਲੋਂ ਫੰਡ ਰੋਕੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਾਜਪਾ ਪ੍ਰਧਾਨ ਵਿਕਾਸ ਕਾਰਜਾਂ ਨੂੰ ਰੋਕਣ ਲਈ ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਜਵਾਬਦੇਹ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਲਈ ਸੂਬਾ ਸਰਕਾਰ ਨੂੰ ਵੱਡਾ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਫ਼ਤਾਂ ਦੌਰਾਨ ਜਨਤਾ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨਾਲ ਵੀ ਨਜਿੱਠ ਲਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਬੇਮਿਸਾਲ ਸਾਹਸ ਅਤੇ ਦਲੇਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ, ਜਿਸ ਕਰਕੇ ਪੰਜਾਬੀ ਆਪਣੀ ਇਸ ਭਾਵਨਾ ਨਾਲ ਸਦੀਆਂ ਤੋਂ ਚੜ੍ਹਦੀ ਕਲਾ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੇਮਿਸਾਲ ਸਾਂਝ ਅਤੇ ਸਦਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵੱਡੇ ਪੱਧਰ 'ਤੇ ਇਕ ਦੂਜੇ ਦੀ ਮਦਦ ਕੀਤੀ ਹੈ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.